ਡੱਲੇਵਾਲ ਨੇ ਦੇਸ਼ ਭਰ ਦੇ ਧਾਰਮਕ ਆਗੂਆਂ ਨੂੰ ਲਿਖੀ ਚਿੱਠੀ, ਜਾਣੋ ਕੀ ਕੀਤੀ ਮੰਗ
ਕੇਂਦਰ ’ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਦਬਾਅ ਬਣਾਉਣ ਦੀ ਅਪੀਲ ਕੀਤੀ
ਚੰਡੀਗੜ੍ਹ : ਭੁੱਖ ਹੜਤਾਲ ’ਤੇ ਬੈਠੇ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਐਤਵਾਰ ਨੂੰ ਕਈ ਧਾਰਮਕ ਆਗੂਆਂ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣ, ਜਿਸ ’ਚ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਵੀ ਸ਼ਾਮਲ ਹੈ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਡੱਲੇਵਾਲ ਦੀ ਹਾਲਤ ਵਿਗੜਦੀ ਜਾ ਰਹੀ ਹੈ, ਜਿਨ੍ਹਾਂ ਦਾ ਮਰਨ ਵਰਤ ਐਤਵਾਰ ਨੂੰ 48ਵੇਂ ਦਿਨ ’ਚ ਦਾਖਲ ਹੋ ਗਿਆ ਸੀ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਕਨਵੀਨਰ ਡੱਲੇਵਾਲ ਪਿਛਲੇ ਸਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਖਨੌਰੀ ਬਾਰਡਰ ਪੁਆਇੰਟ ’ਤੇ ਭੁੱਖ ਹੜਤਾਲ ’ਤੇ ਹਨ।
ਡੱਲੇਵਾਲ, ਜੋ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਮੁਖੀ ਵੀ ਹਨ, ਨੇ ਅਜੇ ਤਕ ਕੋਈ ਵੀ ਡਾਕਟਰੀ ਮਦਦ ਲੈਣ ਤੋਂ ਇਨਕਾਰ ਕਰ ਦਿਤਾ ਹੈ। ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕਈ ਧਾਰਮਕ ਆਗੂਆਂ ਨੂੰ ਡੱਲੇਵਾਲ ਦੇ ਦਸਤਖਤ ਵਾਲੀ ਚਿੱਠੀ ਭੇਜੀ ਹੈ। ਜਿਨ੍ਹਾਂ ਦੇ ਨਾਂ ਚਿੱਠੀ ਲਿਖੀ ਗਈ ਹੈ ਉਨ੍ਹਾਂ ’ਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਜਾਮਾ ਮਸਜਿਦ ਦੇ ਸ਼ਾਹੀ ਇਮਾਮ ਸਈਅਦ ਸ਼ਾਬਾਨ ਬੁਖਾਰੀ, ਜਯੋਤਿਰਮੱਠ ਦੇ ਸ਼ੰਕਰਾਚਾਰਆ ਸਵਾਮੀ ਅਤਿਮੁਕਤੇਸ਼ਵਰਾਨੰਦ ਸਰਸਵਤੀ ਸ਼ਾਮਲ ਹਨ।
ਚਿੱਠੀ ’ਚ ਕਿਹਾ ਗਿਆ ਹੈ ਕਿ ਕਿਸਾਨ ਪਿਛਲੇ 11 ਮਹੀਨਿਆਂ ਤੋਂ ਅਪਣੀਆਂ ਵੱਖ-ਵੱਖ ਮੰਗਾਂ ਦੇ ਸਮਰਥਨ ’ਚ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਪ੍ਰਦਰਸ਼ਨ ਦੇ ਵਿਰੋਧ ਵਿਚ ਪੁਲਿਸ ਕਾਰਵਾਈ ਵਿਚ ਇਕ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।
ਚਿੱਠੀ ’ਚ ਇਹ ਵੀ ਕਿਹਾ ਗਿਆ ਹੈ ਕਿ ਇਕ ਸੰਸਦੀ ਪੈਨਲ ਨੇ ਹਾਲ ਹੀ ’ਚ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦੀ ਸਿਫਾਰਸ਼ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਨਾਲ ‘ਕਿਸਾਨਾਂ, ਪੇਂਡੂ ਆਰਥਕਤਾ ਅਤੇ ਦੇਸ਼ ਨੂੰ ਬਹੁਤ ਲਾਭ ਹੋਵੇਗਾ।’
ਕਿਸਾਨਾਂ ਨੇ ਕਿਹਾ ਕਿ ਐਮ.ਐਸ.ਪੀ. ਗਾਰੰਟੀ ਕਾਨੂੰਨ ਨਾਲ ਕਿਸਾਨਾਂ ਦੀ ਖਰੀਦ ਸ਼ਕਤੀ ਵਧੇਗੀ, ਜਿਸ ਨਾਲ ਦੇਸ਼ ਦੀ ਆਰਥਕਤਾ ਨੂੰ ਬਹੁਤ ਲਾਭ ਹੋਵੇਗਾ। ਕਿਸਾਨਾਂ ਨੇ ਕਿਹਾ, ‘‘ਪਿਛਲੇ 48 ਦਿਨਾਂ ’ਚ ਪ੍ਰਧਾਨ ਮੰਤਰੀ, ਉਪ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਚਿੱਠੀਆਂ ਲਿਖੀਆਂ ਗਈਆਂ ਪਰ ਕਿਸੇ ਨੇ ਵੀ ਸਾਡੀ ਚਿੱਠੀ ’ਤੇ ਕੋਈ ਧਿਆਨ ਨਹੀਂ ਦਿਤਾ ਅਤੇ ਨਾ ਹੀ ਇਸ ਦਾ ਜਵਾਬ ਦਿਤਾ।’’
ਉਨ੍ਹਾਂ ਕਿਹਾ, ‘‘ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕੋਈ ਸਰਕਾਰ ਸਹੀ ਰਸਤੇ ਤੋਂ ਭਟਕਦੀ ਹੈ ਤਾਂ ਸੰਤਾਂ ਅਤੇ ਧਾਰਮਕ ਆਗੂਆਂ ਨੇ ਸਰਕਾਰ ਨੂੰ ਸਹੀ ਰਸਤੇ ’ਤੇ ਲਿਆਉਣ ਦਾ ਕੰਮ ਕੀਤਾ ਹੈ। ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਮੌਜੂਦਾ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕਹੋ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਮਿਲ ਸਕਣ ਅਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਿਆ ਜਾ ਸਕੇ।’’
ਇਸ ਦੌਰਾਨ ਕੋਹਾੜ ਨੇ ਕਿਹਾ ਕਿ ਹਰਿਆਣਾ ਦੇ ਹਿਸਾਰ ਤੋਂ ਕਿਸਾਨਾਂ ਦੇ ਇਕ ਸਮੂਹ ਨੇ ਡੱਲੇਵਾਲ ਦੇ ਸਮਰਥਨ ’ਚ ਖਨੌਰੀ ਪ੍ਰਦਰਸ਼ਨ ਸਥਾਨ ਦਾ ਦੌਰਾ ਕੀਤਾ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨ ਪਿਛਲੇ ਸਾਲ 13 ਫ਼ਰਵਰੀ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦੀ ਬਿੰਦੂਆਂ ’ਤੇ ਡੇਰਾ ਲਾਏ ਹੋਏ ਹਨ।