ਡੀ.ਜੀ.ਪੀ. ਸੁਮੇਧ ਸੈਣੀ ਅਤੇ ਆਈ.ਜੀ. ਉਮਰਾਨੰਗਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਧਿਕਾਰੀਆਂ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿਚ ਲਾਈ ਸੀ ਅਗਾਉਂ ਜ਼ਮਾਨਤ ਦੀ ਅਰਜ਼ੀ

Sumedh Saini and IG Umranangal

ਕੋਟਕਪੂਰਾ (ਗੁਰਿੰਦਰ ਸਿੰਘ) : ਬਹਿਬਲ ਗੋਲੀਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਇਥੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਚਲਦੇੇ ਮੁਕੱਦਮੇ ਤਕ ਅਗਾਊਂ ਜ਼ਮਾਨਤ ਦੀ ਅਰਜ਼ੀ ਲਾ ਕੇ ਗ੍ਰਿਫ਼ਤਾਰੀ ਉਪਰ ਰੋਕ ਲਾਉਣ ਦੀ ਮੰਗ ਕੀਤੀ ਸੀ ਜਿਸ ’ਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਦੋਹਾਂ ਧਿਰਾਂ ਦੀ ਲੰਮੀ ਬਹਿਸ ਸੁਣਨ ਉਪਰੰਤ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿਤੀ ਹੈ।

ਜਾਣਕਾਰੀ ਅਨੁਸਾਰ 15 ਜਨਵਰੀ ਨੂੰ ਐਸਆਈਟੀ ਵਲੋਂ ਸੁਮੇਧ ਸੈਣੀ ਅਤੇ ਉਮਰਾਨੰਗਲ ਵਿਰੁਧ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿਚ ਚਲਾਨ ਪੇਸ਼ ਕੀਤਾ ਜਿਸ ’ਤੇ ਇਨ੍ਹਾਂ ਦੋਹਾਂ ਅਧਿਕਾਰੀਆਂ ਨੂੰ ਸੰਮਨ ਕਰ ਕੇ ਅਦਾਲਤ ਸਾਹਮਣੇ ਪੇਸ਼ ਹੋਣ ਲਈ ਹੁਕਮ ਕੀਤਾ ਗਿਆ ਸੀ, ਜਿਸ ’ਤੇ ਇਨ੍ਹਾਂ ਦੋਹਾਂ ਅਧਿਕਾਰੀਆਂ ਨੇ ਅਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿਚ ਅਗਾਉਂ ਜ਼ਮਾਨਤ ਦੀ ਅਰਜ਼ੀ ਲਾ ਦਿਤੀ ਪਰ ਇਹ ਦੋਵੇਂ ਅਧਿਕਾਰੀ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ।

ਸਰਕਾਰ ਨੇ ਅਦਾਲਤ ਵਿਚ ਇਨ੍ਹਾਂ ਦੋਵਾਂ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਮੁਲਜ਼ਮ ਪੁਲਿਸ ਅਧਿਕਾਰੀਆਂ ਵਲੋਂ ਅਦਾਲਤ ਵਿਚ ਦਿਤੀ ਅਰਜ਼ੀ ਕਾਨੂੰਨ ਮੁਤਾਬਕ ਸੁਣਵਾਈਯੋਗ ਨਹੀ ਹੈ, ਇਨ੍ਹਾਂ ਦੀ ਅਗਾਊਂ ਜ਼ਮਾਨਤ ਹੋਣ ਨਾਲ ਇਹ ਕਿਸੇ ਸਮੇਂ ਵੀ ਗਵਾਹਾਂ ਨੂੰ ਮੁਕਰਾਅ ਸਕਦੇ ਹਨ। 

ਐਸਆਈਟੀ ਨੇ ਲੰਬੀ ਪੜਤਾਲ ਤੋਂ ਬਾਅਦ ਸੁਮੇਧ ਸੈਣੀ ਅਤੇ ਉਮਰਾਨੰਗਲ ਵਿਰੁਧ 15 ਜਨਵਰੀ ਨੂੰ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ ਪਰ ਸੈਣੀ ਅਤੇ ਉਮਰਾਨੰਗਲ ਨੂੰ ਸੰਮਨਾਂ ਬਾਰੇ ਸੂਚਨਾ ਮਿਲਣ ’ਤੇ ਅਦਾਲਤ ਵਿਚ ਪੇਸ਼ ਨਹੀਂ ਹੋਏ। ਹਾਲਾਂਕਿ ਐਸਆਈਟੀ ਨੇ ਚਲਾਨ ਵਿਚ ਦਾਅਵਾ ਕੀਤਾ ਹੈ ਕਿ ਸੁਮੇਧ ਸੈਣੀ ਅਤੇ ਉਮਰਾਨੰਗਲ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਸਾਜ਼ਸ਼ ਰਚੀ ਸੀ।

ਬਹਿਬਲ ਗੋਲੀਕਾਂਡ ਮੌਕੇ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਸਿੱਖ ਨੌਜਵਾਨ ਕਿਸ਼ਨ ਭਗਵਾਨ ਸਿੰਘ ਬੇਟੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਉਕਤ ਜ਼ਮਾਨਤਾਂ ਰੱਦ ਹੋਣ ’ਤੇ ਜਿਥੇ ਅਦਾਲਤ ਦਾ ਧਨਵਾਦ ਕੀਤਾ ਹੈ, ਉਥੇ ਉਨ੍ਹਾਂ ਐਸਆਈਟੀ ਦੇ ਮੁਖੀ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਜਾਂਚ ’ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਆਖਿਆ ਕਿ ਅਜਿਹੇ ਨਿਰਪੱਖ, ਇਮਾਨਦਾਰ ਅਤੇ ਦਲੇਰ ਪੁਲਿਸ ਅਫ਼ਸਰਾਂ ਸਦਕਾ ਹੀ ਪੀੜਤ ਪ੍ਰਵਾਰਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ।