ਸਿੱਖਿਆ ਬੋਰਡ ਵੱਲੋਂ ਸਕੂਲ ਕਿਤਾਬਾਂ ਦੀਆਂ ਕੀਮਤਾਂ 'ਚ 150 ਫ਼ੀਸਦੀ ਵਾਧੇ ਦੀ ਅਕਾਲੀ ਦਲ ਵੱਲੋਂ ਨਿਖੇਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

20 ਲੱਖ  ਵਿਦਿਆਰਥੀ ਪ੍ਰਭਾਵਤ ਹੋਣਗੇ, ਵਾਧਾ ਤੁਰੰਤ ਵਾਪਸ ਲਿਆ ਜਾਵੇ : ਡਾ. ਦਲਜੀਤ ਸਿੰਘ ਚੀਮਾ

Diljit Cheema

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਨਤਾ ਪ੍ਰਾਪਤ ਤੇ ਐਸੋਸੀਏਟਡ ਸਕੂਲਾਂ ਦੀਆਂ ਕਿਤਾਬਾਂ ਵਿਚ 150 ਫੀਸਦੀ ਵਾਧਾ ਕੀਤੇ ਜਾਣ ਦੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਸਾਰੇ ਵਿਦਿਆਰਥੀਆਂ ਨੁੰ ਪੀ ਐਚ ਡੀ ਤੱਕ ਮੁਫਤ ਸਿੱਖਿਆ ਦੇਣ ਦਾ ਵਾਅਦਾ ਕੀਤਾ ਸੀ ਜਦਕਿ ਇਸਨੇ ਸੂਬੇ ਦੇ 20 ਲੱਖ ਵਿਦਿਆਰਥੀਆਂ ਲਈ ਸਕੂਲਾਂ ਦੀਆਂ ਕਿਤਾਬਾਂ ਦੀਆਂ ਕੀਮਤਾਂ ਵਿਚ 150 ਫੀਸਦੀ ਵਾਧਾ ਕਰ ਦਿੱਤਾ ਹੈ। ਡਾ. ਚੀਮਾ ਨੇ ਕਿਹਾ ਕਿ ਇਸ ਫੈਸਲੇ ਨੇ ਸਰਕਾਰ ਦੀ ਬੇਰੁਖੀ ਬੇਨਕਾਬ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਕੋਰੋਨਾ ਕਾਰਨ ਸੂਬੇ ਦਾ ਅਰਥਚਾਰਾ ਤਾਂ ਪਹਿਲਾਂ ਹੀ ਦਬਾਅ ਹੇਠ ਹੈ। ਮਾਪਿਆਂ ਲਈ ਆਪਣੇ ਬੱਚਿਆਂ ਦੀਆ ਫੀਸਾਂ ਭਰਨੀਆਂ ਮੁਸ਼ਕਿਲ ਹੋ ਗਈਆਂ ਹਨ ਅਤੇ ਅਜਿਹੇ ਵਿਚ ਸਰਕਾਰ ਨੇ ਕਿਤਾਬਾਂ ਦੀਆਂ ਕੀਮਤਾਂ ਵਿਚ ਚੋਖਾ ਵਾਧਾ ਕਰ ਦਿੱਤਾ ਹੈ। ਅਕਾਲੀ ਆਗੂ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੇ ਮਾਪੇ ਤਾਂ ਮਾਨਤਾ ਪ੍ਰਾਪਤ ਤੇ ਐਸੋਸੀਏਟਡ ਸਕੂਲਾਂ ਵਿਚ ਸਿੱਖਿਆ ਲਾਗਤ ਵਿਚ ਸਬਸਿਡੀ ਲਈ ਵਿਸ਼ੇਸ਼ ਪੈਕਜ ਦੀ ਉਡੀਕ ਵਿਚ ਸਨ ਪਰ ਇਸਦੀ ਥਾਂ ਸਰਕਾਰ ਨੇ ਆਮ ਆਦਮੀ ਸਿਰ ਹੋਰ ਭਾਰ ਪਾ ਦਿੱਤਾ ਹੈ।

ਉਹਨਾਂ ਕਿਹਾ ਕਿ ਇਸ ਤਰੀਕੇ ਇਕ ਭਲਾਈ ਰਾਜ ਵਿਚ ਸਿੱਖਿਆ ਨਹੀਂ ਚਲਾਈ ਜਾ ਸਕਦੀ। ਸੂਬਾ ਸਿੱਖਿਆ ਦਾ ਵਪਾਰੀਕਰਨ ਨਹੀਂ ਕਰ ਸਕਦਾ। ਇਸ ਮਾਮਲੇ ਵਿਚ ਜੇਕਰ ਸਰਕਾਰ ਨੇ ਇਹ ਵਾਧਾ ਵਾਪਸ ਨਾ ਲਿਆ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਇਸ ਫੈਸਲੇ ਖਿਲਾਫ ਨਿਆਂ ਹਾਸਲ ਕਰਨ ਵਿਚ ਮਾਪਿਆਂ ਦੀ ਸਹਾਇਤਾ ਕਰੇਗਾ।

ਡਾ. ਚੀਮਾ ਨੇ ਸਿੱਖਿਆ ਖੇਤਰ ਲਈ ਬਜਟ ਵਿਚ ਵੀ ਲੋੜੀਂਦੀ ਰਾਸ਼ੀ ਨਾ ਰੱਖਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸੂਬੇ ਵਿਚ ਸਾਰੇ ਕਾਲਜ, ਯੂਨੀਵਰਸਿਟੀਆਂ ਤੇ ਚੇਅਰਾਂ ਸਿਰਫ ਕਾਗਜ਼ਾਂ ਵਿਚ ਹੀ ਬਣੇ ਹਨ। ਉਹਨਾਂ ਕਿਹਾ ਕਿ ਅਸੀਂ ਉਸ ਸਰਕਾਰ ਤੋਂ ਕੀ ਆਸ ਰੱਖ ਸਕਦੇ ਹਾਂ ਜੋ ਸਕੂਲਾਂ ਦੀਆਂ ਕਿਤਾਬਾਂ ਕੀਮਤਾਂ ਵਧਾ ਕੇ ਮੁਨਾਫਾ ਕਮਾਉਣਾ ਚਾਹੁੰਦੀ ਹੈ।