High Court News: ਸਿੱਖ ਔਰਤਾਂ ਨੂੰ ਹੈਲਮੇਟ ਤੋਂ ਛੋਟ ਦੇਣ ਦਾ ਮਾਮਲਾ; ਕੇਂਦਰ ਸਰਕਾਰ ਦੇ ਹਲਫ਼ਨਾਮੇ ਤੋਂ ਹਾਈ ਕੋਰਟ ਅਸੰਤੁਸ਼ਟ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਜਵਾਬ ਦਾਖ਼ਲ ਕਰਨ ਦੇ ਹੁਕਮ

High Court dissatisfied with Centre's reply regarding exemption of women from helmets

High Court News: ਔਰਤਾਂ ਨੂੰ ਹੈਲਮੇਟ ਪਹਿਨਣ ਤੋਂ ਛੋਟ ਦੇਣ ਸਬੰਧੀ ਕੇਂਦਰ ਸਰਕਾਰ ਦੇ ਜਵਾਬ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿਤੇ ਹਨ। ਕੇਂਦਰ ਨੇ ਅਪਣੇ ਜਵਾਬ ਵਿਚ ਕਿਹਾ ਸੀ ਕਿ ਮੋਟਰ ਵਹੀਕਲ ਐਕਟ ਵਿਚ ਅਜਿਹੀ ਕੋਈ ਛੋਟ ਨਹੀਂ ਹੈ ਪਰ ਸੂਬਾ ਸਰਕਾਰ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਹੈ।

ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੋਟਰ ਵਾਹਨ ਹਾਦਸਿਆਂ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸੁਣਵਾਈ ਸ਼ੁਰੂ ਕੀਤੀ ਸੀ। ਇਸ ਮਾਮਲੇ ਵਿਚ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ਨੂੰ ਦਸਿਆ ਸੀ ਕਿ 6 ਜੁਲਾਈ 2018 ਨੂੰ ਮੋਟਰ ਵਹੀਕਲ ਐਕਟ ਵਿਚ ਸੋਧ ਕਰਕੇ ਸਿਰਫ਼ ਦਸਤਾਰ ਸਜਾਉਣ ਵਾਲੀਆਂ ਸਿੱਖ ਔਰਤਾਂ ਨੂੰ ਹੈਲਮੇਟ ਤੋਂ ਛੋਟ ਦੇਣ ਦੀ ਵਿਵਸਥਾ ਕੀਤੀ ਗਈ ਸੀ। ਇਸ ਤਹਿਤ ਬਾਕੀ ਸਾਰੀਆਂ ਔਰਤਾਂ ਭਾਵੇਂ ਸਿੱਖ ਹੋਣ ਜਾਂ ਨਾ ਹੋਣ ਲਈ ਹੈਲਮੇਟ ਲਾਜ਼ਮੀ ਕਰ ਦਿਤਾ ਗਿਆ ਸੀ।

ਇਸ ਤੋਂ ਬਾਅਦ ਧਾਰਮਿਕ ਜਥੇਬੰਦੀਆਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ। ਇਸ ਦੌਰਾਨ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਤੋਂ ਐਡਵਾਈਜ਼ਰੀ ਮੰਗੀ, ਜਿਸ ਦੇ ਜਵਾਬ ਵਿਚ ਸਾਰੀਆਂ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਛੋਟ ਦੇਣ ਦੀ ਸਲਾਹ ਦਿਤੀ ਗਈ। ਇਸ ਤੋਂ ਬਾਅਦ ਨਿਯਮ ਬਦਲਿਆ ਗਿਆ ਅਤੇ ਫਿਰ ਤੋਂ ਸਾਰੀਆਂ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਛੋਟ ਦਿਤੀ ਗਈ। ਇਸ 'ਤੇ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੂੰ ਸਖ਼ਤ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਅਜਿਹਾ ਪ੍ਰਬੰਧ ਕਿਵੇਂ ਕਰ ਸਕਦੀ ਹੈ।

ਹਾਈ ਕੋਰਟ ਨੇ ਕਿਹਾ ਸੀ ਕਿ ਹੈਲਮੇਟ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਕਿਵੇਂ ਪਹੁੰਚ ਸਕਦੀ ਹੈ। ਇਹ ਔਰਤਾਂ ਦੀ ਸੁਰੱਖਿਆ ਦਾ ਮਾਮਲਾ ਹੈ ਜਿਸ ਬਾਰੇ ਅਸੀਂ ਚਿੰਤਤ ਹਾਂ। ਅਦਾਲਤ ਨੇ ਕਿਹਾ ਸੀ ਕਿ ਕੇਂਦਰ ਦਾ ਸਟੈਂਡ ਸਮਝ ਤੋਂ ਬਾਹਰ ਹੈ, ਉਸ ਤੋਂ ਬਾਅਦ ਸਿੱਖ ਔਰਤ ਦੀ ਪਛਾਣ ਕੀਤੀ ਜਾਵੇਗੀ। ਕੀ ਤੁਸੀਂ ਬਿਨਾਂ ਹੈਲਮੇਟ ਵਾਲੀ ਹਰ ਔਰਤ ਨੂੰ ਰੋਕ ਕੇ ਪੁੱਛੋਗੇ ਕਿ ਉਹ ਸਿੱਖ ਹੈ ਜਾਂ ਨਹੀਂ? ਅਦਾਲਤ ਨੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਕੇਂਦਰ ਸਰਕਾਰ ਨੂੰ ਅਗਲੀ ਸੁਣਵਾਈ 'ਤੇ ਇਸ ਸਬੰਧੀ ਜਵਾਬ ਦਾਖ਼ਲ ਕਰਨ ਦੇ ਹੁਕਮ ਦਿਤੇ ਸਨ। ਹੁਣ ਜਦੋਂ ਜਵਾਬ ਦਾਇਰ ਕੀਤਾ ਗਿਆ ਤਾਂ ਹਾਈ ਕੋਰਟ ਨੇ ਇਸ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿਤੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੂੰ ਵੀ ਇਸ ਮਾਮਲੇ ਵਿਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿਤੇ ਗਏ ਹਨ।

(For more Punjabi news apart from High Court dissatisfied with Centre's reply regarding exemption of women from helmets, stay tuned to Rozana Spokesman)