ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
ਕਿਹਾ : ਸਾਡੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਕੀਤੇ ਪੂਰੇ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਤਮਸਤਕ ਹੋਏ। ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਨਤਮਸਤਕ ਹੋਣ ਤੋਂ ਬਾਅਦ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਹ ਆਪਣੇ ਪਰਿਵਾਰਾਂ ਸਮੇਤ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ।
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਸੀ, ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਇਨਸਾਫ ਦਿੰਦਿਆਂ ਬਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬ ਦਾ ਅੱਜ ਸ਼ੁਕਰਾਨਾ ਕਰਨ ਪੁੱਜੇ ਹਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਰੇ ਚੋਣ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਆਉਂਦੇ ਸਮੇਂ ਵਿਚ ਪੰਜਾਬ ਨੂੰ ਹੋਰ ਖੁਸ਼ਹਾਲ ਬਣਾਉਣ ਲਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਖੁਦਕੁਸ਼ੀਆਂ ਦੇ ਮਾਮਲਿਆਂ ਵਿਚ ਕਾਫ਼ੀ ਕਮੀ ਆਈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਗਏ ਵਪਾਰ ਸਮਝੌਤੇ ਦਾ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ।