CM ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਨਸ਼ਰ ਕਰਨ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

• ਸਿੱਖਿਆ ਵਿਭਾਗ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

CM Bhagwant Mann orders private schools to display list of shops for selling books and uniform

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਸਿੱਖਿਆ ਵਿਭਾਗ ਨੇ ਅੱਜ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕਸਬਿਆਂ ਵਿੱਚ ਘੱਟੋ-ਘੱਟ ਤਿੰਨ ਅਤੇ ਸ਼ਹਿਰਾਂ ਵਿੱਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼) ਨਾਲ ਸਾਂਝੀ ਕਰਨ। ਇਸ ਕਦਮ ਦਾ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਘਰਾਂ ਦੇ ਆਸ-ਪਾਸ ਮਰਜ਼ੀ ਮੁਤਾਬਕ ਕਿਸੇ ਵੀ ਨਿਰਧਾਰਤ ਦੁਕਾਨ ਤੋਂ ਕਿਤਾਬਾਂ ਖਰੀਦਣ ਦੀ ਖੁੱਲ੍ਹ ਦੇਣਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾਂਦਾ ਸੀ। ਮੁੱਖ ਮੰਤਰੀ ਨੇ ਪਹਿਲਾਂ ਹੀ ਪ੍ਰਾਈਵੇਟ ਸਕੂਲਾਂ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਮਾਪਿਆਂ ਨੂੰ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ।

ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀ.ਈ.ਓਜ਼ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੀਖਣ ਟੀਮਾਂ ਦਾ ਗਠਨ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਇਹ ਟੀਮਾਂ ਅਚਨਚੇਤ ਢੰਗ ਨਾਲ ਨਿਰੀਖਣ ਕਰਕੇ ਦੁਕਾਨਾਂ ਦੀ ਸੂਚੀ ਦੀ ਤਸਦੀਕ ਕਰਨਗੀਆਂ ਅਤੇ ਜੇਕਰ ਕੋਈ ਉਲੰਘਣਾ ਪਾਈ ਗਈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਮੰਤਰੀ ਨੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਰੈਗੂਲੇਟਰੀ ਸੰਸਥਾਵਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਵਿਰੁੱਧ ਸ਼ਿਕਾਇਤਾਂ 'ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਮੁੱਖ ਮੰਤਰੀ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਅਜੇ ਵੀ ਕੁਝ ਪ੍ਰਾਈਵੇਟ ਸਕੂਲ ਇਨ੍ਹਾਂ ਹੁਕਮਾਂ ਦੀ ਘੋਰ ਉਲੰਘਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਡਿਫਾਲਟਰ ਸਕੂਲਾਂ ਨੂੰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਜਲਦੀ ਹੀ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।