ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਜੰਗ ਤੋਂ ਘੱਟ ਨਹੀਂ : ਬਨਵਾਰੀ ਲਾਲ ਪੁਰੋਹਿਤ

ਏਜੰਸੀ

ਖ਼ਬਰਾਂ, ਪੰਜਾਬ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਜੰਗ ਤੋਂ ਘੱਟ ਨਹੀਂ : ਬਨਵਾਰੀ ਲਾਲ ਪੁਰੋਹਿਤ

image

ਅੰਮ੍ਰਿਤਸਰ, 12 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ): ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਕਈ ਮੀਟਿੰਗਾਂ ਕੀਤੀਆਂ। ਇਸ ਮੀਟਿੰਗ ਵਿਚ ਬੀ.ਐਸ.ਐਫ਼., ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ, ਫ਼ੌਜ ਦੀ ਮਿਲਟਰੀ ਇੰਟੈਲੀਜੈਂਸ ਸਮੇਤ ਕੇਂਦਰ ਸਰਕਾਰ ਦੀਆਂ ਵਿਭਿੰਨ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਹਾਜ਼ਰ ਸਨ।
ਇਸ ਮੀਟਿੰਗ ਵਿਚ ਸਰਹੱਦੀ ਜ਼ਿਲ੍ਹੇ ਨਾਲ ਸਬੰਧਤ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਪ੍ਰਮੁੱਖ ਮੁੱਦਿਆਂ ਨੂੰ ਉਠਾਇਆ ਅਤੇ ਸਾਰੀਆਂ ਏਜੰਸੀਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਰਾਜਪਾਲ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਪੰਚਾਂ ਅਤੇ ਜ਼ਿਲ੍ਹੇ ਦੇ ਹੋਰ ਪ੍ਰਮੁੱਖ ਨਾਗਰਿਕਾਂ ਨਾਲ ਮੀਟਿੰਗ ਉਪਰੰਤ ਪ੍ਰੈਸ ਕਾਨਫ਼ਰੰਸ  ਕੀਤੀ। ਰਾਜਪਾਲ ਨੇ  ਲੋਕਾਂ ਨੂੰ ਸੀਮਾ ਸੁਰੱਖਿਆ ਬਲਾਂ ਦੀਆਂ ‘ਅੱਖਾਂ ਅਤੇ ਕੰਨ’ ਬਣਨ ਦਾ ਸੱਦਾ ਦਿਤਾ। ਪੰਜਾਬ ਦੀਆਂ ਸਰਹੱਦਾਂ ’ਤੇ ਡਰੋਨਾਂ ਰਾਹੀਂ ਹਥਿਆਰ ਅਤੇ ਗੋਲਾ ਬਾਰੂਦ ਸੁੱਟਣ ਦੀਆਂ ਪਿਛਲੀਆਂ ਘਟਨਾਵਾਂ ਕਾਰਨ  ਚੌਕਸ ਰਹਿਣ ਦੀ ਲੋੜ ਹੈ। ਸੁਰੱਖਿਆ ਬਲ ਅਹਿਮ ਭੂਮਿਕਾ ਨਿਭਾਅ ਰਹੇ ਹਨ ਪਰ ਸਥਾਨਕ ਤੌਰ ’ਤੇ ਉਪਲਬਧ ਖ਼ੁਫ਼ੀਆ ਜਾਣਕਾਰੀ ਅਤੇ ਸਹਿਯੋਗ ਸੂਬੇ ਵਿਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਆਮਦ ਨੂੰ ਰੋਕਣ ਵਿਚ ਸਹਾਈ ਸਿੱਧ ਹੋ ਸਕਦੇ ਹਨ। ਸਰਹੱਦੀ ਜ਼ਿਲ੍ਹੇ ਹਥਿਆਰਾਂ ਦੀ ਤਸਕਰੀ ਦੇ ਖ਼ਤਰੇ ਦਾ ਸ਼ਿਕਾਰ ਹਨ। ਉਨ੍ਹਾਂ ਲੋਕਾਂ ਨੂੰ ਇਲਾਕੇ ਵਿਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਥਾਨਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਸੂਬੇ ਵਿਚ ਨਸ਼ੀਲੇ ਪਦਾਰਥਾਂ ਦੀ ਆਮਦ ਕਿਸੇ ਜੰਗ ਤੋਂ ਘੱਟ ਨਹੀਂ। ਇਹ ਪੰਜਾਬ ਦੇ ਲੋਕਾਂ ’ਤੇ ਘਾਤਕ ਹਮਲਾ ਹੈ। ਉਨ੍ਹਾਂ ਬੀਐੈਸਐਫ਼ ਵਲੋਂ ਸਰਹੱਦਾਂ ਦੀ ਰਾਖੀ ਕਰਨ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਪਿੰਸੀਪਲ ਸਕੱਤਰ ਜੇ ਐਮ ਬਾਲਾਮੁਰਗਨ, ਪਿ੍ਰੰਸੀਪਲ ਸਕੱਤਰ ਰਮੇਸ਼ ਕੁਮਾਰ, ਕਮਿਸ਼ਨਰ ਵੀ ਕੇ ਮੀਨਾ, ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ ਏ ਐਸ ਆਰ ਬਹੋੜੂ -12 -7