50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨੰਬਰਦਾਰ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਮੁਲਜ਼ਮ ਨੇ ਇੰਤਕਾਲ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਮੰਗੀ ਸੀ ਰਿਸ਼ਵਤ

Vigilance Bureau arrests Nambardar for demanding bribe Rs 50,000

ਚੰਡੀਗੜ  : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਂ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ, ਤਹਿਸੀਲ ਬਟਾਲਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ 'ਚ ਦੋਸ਼ ਲਾਇਆ ਹੈ ਕਿ ਉਕਤ ਨੰਬਰਦਾਰ ਨੇ ਉਸ ਦੇ ਪਰਿਵਾਰ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਲਈ ਦਸਤਾਵੇਜ਼ ਤਸਦੀਕ ਕਰਨ ਖਾਤਰ 50,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਨੰਬਰਦਾਰ ਨੂੰ ਇਹ ਪੈਸੇ ਵੱਖ-ਵੱਖ ਤਰੀਕਾਂ 'ਤੇ ਕਿਸ਼ਤਾਂ ਵਿੱਚ ਦੇਣ ਸਬੰਧੀ ਬੇਨਤੀ ਕੀਤੀ ਸੀ, ਜਿਸ ਲਈ ਉਹ ਮੰਨ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸਾਬਤ ਹੋਇਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਦੀ ਮੰਗੀ ਸੀ ਅਤੇ ਦੋ ਕਿਸ਼ਤਾਂ ਵਿੱਚ ਇਹ ਰਕਮ ਲੈਣ ਲਈ ਰਾਜ਼ੀ ਹੋ ਗਿਆ ਸੀ। ਇਸ ਪੜਤਾਲ ਦੇ ਆਧਾਰ 'ਤੇ ਉਕਤ ਨੰਬਰਦਾਰ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।