Amritsar News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੰਤਰੀ ਡਾ. ਰਵਜੋਤ ਸਿੰਘ ਨੇ ਕੀਤੀ ਕਾਰਵਾਈ; 24 ਘੰਟਿਆਂ ‘ਚ ਜਵਾਬ ਦੇਣ ਦੀ ਦਿੱਤੀ ਹਦਾਇਤ

Amritsar News: Punjab Government's big decision; Show-cause notice issued to Municipal Commissioner Amritsar

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੰਮ੍ਰਿਤਸਰ ਦੇ ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ ਦਿੱਤਾ ਹੈ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਅੰਮ੍ਰਿਤਸਰ ਸ਼ਹਿਰ ਦੀ ਸਾਫ-ਸਫਾਈ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨੇ ਆਪਣੀ ਡਿਊਟੀ ਨਿਭਾਉਣ ‘ਚ ਅਣਗਹਿਲੀ ਤੇ ਕੁਤਾਹੀ ਕੀਤੀ ਹੈ, ਜਿਸ ਕਰਕੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀ ਨੂੰ ਸ਼ੋਅ-ਕਾਜ ਨੋਟਿਸ ਜਾਰੀ ਕਰਕੇ 24 ਘੰਟਿਆਂ ‘ਚ ਆਪਣਾ ਜਵਾਬ ਦਾਖ਼ਲ ਕਰਨ ਦੀ ਹਦਾਇਤ ਕੀਤੀ ਗਈ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ, ‘’ਮੈਨੂੰ ਅੰਮ੍ਰਿਤਸਰ ਵਿੱਚ ਸਫ਼ਾਈ ਸੰਬੰਧੀ ਨਾਗਰਿਕਾਂ ਅਤੇ ਮੀਡੀਆ ਵੱਲੋਂ ਕਈ ਸ਼ਿਕਾਇਤਾਂ ਮਿਲੀਆਂ ਹਨ, ਇਸ 'ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ।’’ ਉਨ੍ਹਾਂ ਕਿਹਾ ਕਿ, ‘’ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਅੰਮ੍ਰਿਤਸਰ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।’’

ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਇੱਕ ਪਵਿੱਤਰ ਸ਼ਹਿਰ ਹੈ, ਇਸਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਸਮੁੱਚੇ ਪੰਜਾਬ ਦੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਉਚੇਚੇ ਤੌਰ ‘ਤੇ ਚੰਗੇ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਲੋਕਾਂ ਦੀ ਸਿਹਤ ਉਚੇਚਾ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਗਰਮੀ ਦੇ ਮੌਸਮ ‘ਚ ਮਲੇਰੀਆ, ਡੇਂਗੂ ਤੇ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸ਼ਹਿਰਾਂ ਦੀ ਮੁਕੰਮਲ ਸਫਾਈ ਯਕੀਨੀ ਬਣਾਉਣ ਲਈ ਕਿਹਾ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਅਧਿਕਾਰੀ/ਕਰਮਚਾਰੀ ਦੀ ਡਿਊਟੀ ‘ਚ ਅਣਗਹਿਲੀ ਤੇ ਕੁਤਾਹੀ ਬਰਦਾਸ਼ਤ ਨਹੀ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗਾ ਤੇ ਮਜ਼ਬੂਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਆਪਣੀ ਇਸ ਸੋਚ ਨੂੰ ਸਖ਼ਤੀ ਨਾਲ ਲਾਗੂ ਕਰਨਾ ਵੀ ਯਕੀਨੀ ਬਣਾ ਰਹੀ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਡਿਊਟੀ ਦੌਰਾਨ ਕਿਸੇ ਕਿਸਮ ਦੀ ਢਿੱਲ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਭਵਿੱਖ ‘ਚ ਕੋਈ ਅਣਗਹਿਲੀ ਜਾਂ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।