ਕੇਂਦਰ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੇ ਸਮਰਥਨ ਮੁੱਲ 'ਚ ਵਾਧਾ ਕਰੇ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਅਤੇ ਕਿਸਾਨੀ ਦੀ ਸਾਰ ਲੈਣ ਲਈ ਕਣਕ, ਜੌਂ, ਛੋਲੇ ਅਤੇ ਸਰੋਂ ਦਾ ਭਾਅ ਵਧਾਉਣ ਲਈ ਆਖਿਆ

Rabi Crops MSP

ਚੰਡੀਗੜ੍ਹ : ਸੂਬੇ 'ਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜ੍ਹੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿਚ ਵਾਧਾ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਸਥਾਰ ਵਿਚ ਤਿਆਰ ਕੀਤੇ ਪ੍ਰਸਤਾਵ 'ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ, ਜੋ ਸਾਲ 2018-19 ਵਿਚ 1840 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2019-20 ਵਿਚ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ।

ਇਸੇ ਤਰ੍ਹਾਂ ਹੀ ਜੌਂ ਦਾ ਸਮਰਥਨ ਮੁੱਲ 1440 ਰੁਪਏ ਤੋਂ ਵਧਾ ਕੇ 1974 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਨੂੰ ਭੇਜੇ ਪ੍ਰਸਤਾਵ 'ਚ ਛੋਲਿਆਂ ਦਾ ਘੱਟੋ-ਘੱਟ ਸਮਰਥਨ ਮੁੱਲ 4620 ਰੁਪਏ ਤੋਂ ਵਧਾ ਕੇ 5631 ਰੁਪਏ ਪ੍ਰਤੀ ਕੁਇੰਟਲ ਅਤੇ ਸਰੋਂ ਦਾ ਘੱਟੋ-ਘੱਟ ਸਮਰਥਨ ਮੁੱਲ 4200 ਰੁਪਏ ਤੋਂ ਵਧਾ ਕੇ 5384 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ।

ਕੈਪਟਨ ਨੇ ਕਿਹਾ ਕਿ ਜੌਂ, ਛੋਲੇ ਅਤੇ ਸਰੋਂ ਦੀਆਂ ਫਸਲਾਂ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧਾ ਕੀਤੇ ਜਾਣ ਦੀ ਜ਼ਰੂਰਤ ਹੈ। ਇਹ ਨਾ ਕੇਵਲ ਸੂਬੇ ਦੀ ਕਿਸਾਨੀ ਲਈ ਫ਼ਾਇਦੇਮੰਦ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਦੇ ਰੁਝਾਨ ਨੂੰ ਵੀ ਠੱਲ੍ਹ ਪਾਵੇਗਾ।

ਕੈਪਟਨ ਨੇ ਕਿਹਾ ਕਿ ਕਰਜ਼ਾ ਮਾਫ਼ੀ ਸਮੇਤ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਬੇਸ਼ੱਕ ਸੂਬਾ ਸਰਕਾਰ ਹਰ ਸੰਭਵ ਕਦਮ ਉਠਾ ਰਹੀ ਹੈ ਪਰ ਅਜਿਹੇ ਕਦਮ ਚੁੱਕਣ ਖਾਸ ਕਰ ਕੇ ਘੱਟੋ-ਘੱਟ ਸਮਰਥਨ ਮੁੱਲ ਦੇ ਵਾਧਾ ਕਰਨ ਦੇ ਮਾਮਲੇ ਵਿਚ ਕੇਂਦਰ ਨੂੰ ਸਹਿਯੋਗ ਕਰਨ ਦੀ ਲੋੜ ਹੈ ਕਿਉਂਕਿ ਇਹ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿਚ ਹੈ।