Punjab cabinet reshuffle News: ਪੰਜਾਬ ਮੰਤਰੀ ਮੰਡਲ ’ਚ ਵੱਡੇ ਫੇਰਬਦਲ ਦੀਆਂ ਚਰਚਾਵਾਂ! ਦਿੱਲੀ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
ਸੂਤਰਾਂ ਅਨੁਸਾਰ ਭਗਵੰਤ ਮਾਨ ਅੱਜ ਦਿੱਲੀ ਲਈ ਰਵਾਨਾ ਹੋ ਗਏ ਹਨ
Punjab cabinet reshuffle News: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿਚ ਫੇਰਬਦਲ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਲਈ ਰਵਾਨਾ ਹੋ ਗਏ ਹਨ, ਜਿਥੇ ਉਹ ਸੁਨੀਤਾ ਕੇਜਰੀਵਾਲ ਸਣੇ ਪਾਰਟੀ ਹਾਈਕਮਾਂਡ ਨਾਲ ਮੰਤਰੀ ਮੰਡਲ ਦੇ ਫੇਰਬਦਲ ਦੇ ਮੁੱਦੇ 'ਤੇ ਚਰਚਾ ਕਰਨਗੇ। ਇਸ ਦੌਰਾਨ ਆਗਾਮੀ ਜ਼ਿਮਨੀ ਚੋਣਾਂ ਨੂੰ ਲੈ ਕੇ ਵੀ ਰਣਨੀਤੀ ਬਣਾਈ ਜਾ ਸਕਦੀ ਹੈ।
ਦਸਿਆ ਜਾ ਰਿਹਾ ਹੈ ਮੁੱਖ ਮੰਤਰੀ ਭਗਵੰਤ ਨੇ ਹਲਕਾ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਵਿਚ ਹੋਈ ਹਾਰ ਦੇ ਕਾਰਨਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਵੀ ਵਿਧਾਇਕਾਂ ਨਾਲ ਮੀਟਿੰਗ ਕੀਤੀ।
ਇਸ ਤੋਂ ਪਹਿਲਾਂ ਸੰਦੀਪ ਪਾਠਕ ਦੀ ਅਗਵਾਈ ਹੇਠ ਮੋਹਾਲੀ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਗੁਰਪ੍ਰੀਤ ਸਿੰਘ ਬਣਾਂਵਾਲੀ, ਦਵਿੰਦਰ ਸਿੰਘ ਲਾਡੀ ਢੋਸ, ਹਰਮੀਤ ਸਿੰਘ ਪਠਾਣਮਾਜਰਾ, ਅਸ਼ੋਕ ਪਰਾਸ਼ਰ ਪੱਪੀ ਸਣੇ ਕਈ ਆਗੂ ਹਾਜ਼ਰ ਸਨ। ਇਸ ਮੀਟਿੰਗ ਨੂੰ ਵੀ ਇਸੇ ਫੇਰਬਦਲ ਨਾਲ ਜੋੜਿਆ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਸਮੇਤ ਸਾਰੇ ਨੁਕਤਿਆਂ 'ਤੇ ਵਿਚਾਰ ਕਰ ਰਹੀ ਹੈ।
ਖ਼ਬਰਾਂ ਅਨੁਸਾਰ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿਚ 17 ਮੰਤਰੀ ਬਣਾਏ ਜਾ ਸਕਦੇ ਹਨ। ਗੁਰਮੀਤ ਸਿੰਘ ਮੀਤ ਹੇਅਰ ਦੇ ਮੰਤਰੀ ਬਣਨ ਤੋਂ ਬਾਅਦ ਇਕ ਅਹੁਦਾ ਖਾਲੀ ਹੋ ਗਿਆ ਹੈ। ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ 15 ਮੰਤਰੀ ਹਨ। ਇਨ੍ਹਾਂ ਵਿਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਚੇਤਨ ਸਿੰਘ ਜੋੜਾਮਾਜਰਾ, ਅਨਮੋਲ ਗਗਨ ਮਾਨ, ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਦੇ ਨਾਮ ਹਨ।
ਮੀਡੀਆ ਰਿਪੋਰਟਾਂ ਅਨੁਸਾਰ 2 ਨਵੇਂ ਮੰਤਰੀ ਬਣਾਏ ਜਾ ਸਕਦੇ ਹਨ। ਇਸ ਦੇ ਨਾਲ ਹੀ ਕੁੱਝ ਆਗੂਆਂ ਨੂੰ ਨਿਗਮਾਂ ਅਤੇ ਬੋਰਡਾਂ ਵਿਚ ਚੇਅਰਮੈਨ ਬਣਾ ਕੇ ਅਡਜਸਟ ਕੀਤਾ ਜਾ ਸਕਦਾ ਹੈ।