ਅਧਿਆਪਕ ਬਦਲੀਆਂ ਲਈ ਰਿਸ਼ਵਤ ਦੀ ਸੂਚਨਾ ਦੇਣ ਵਾਲੇ ਨੂੰ ਇਨਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਐਲਾਨ ਕੀਤਾ ਹੈ ਕਿ ਜਿਹੜਾ ਵੀ  ਅਧਿਆਪਕਾਂ ਦੀਆਂ ਬਦਲੀਆਂ ਵਿੱਚ ਰਿਸ਼ਵਤ ਲੈਣ ਜਾਂ ਦੇਣ ਬਾਰੇ ਪੱਕੇ...

Om Parkash Sony During Meeting

ਐਸ. ਏ. ਐਸ. ਨਗਰ, ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਐਲਾਨ ਕੀਤਾ ਹੈ ਕਿ ਜਿਹੜਾ ਵੀ  ਅਧਿਆਪਕਾਂ ਦੀਆਂ ਬਦਲੀਆਂ ਵਿੱਚ ਰਿਸ਼ਵਤ ਲੈਣ ਜਾਂ ਦੇਣ ਬਾਰੇ ਪੱਕੇ ਸਬੂਤਾਂ ਸਹਿਤ ਜਾਣਕਾਰੀ ਦੇਵੇਗਾ, ਉਸ ਨੂੰ ਪੰਜ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਦਲੀਆਂ ਦਾ ਕੰਮ ਬਿਲਕੁਲ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਬਾਅ ਜਾਂ ਪੈਸੇ ਦਾ ਦਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ।

ਇੱਥੇ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਆਦੇਸ਼ ਦਿੱਤਾ ਕਿ ਕਿਤਾਬਾਂ ਦੀ ਛਪਾਈ ਤੇ ਵੰਡ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਗਾਈਡਾਂ ਦੇ ਵਧਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਾਰੀਆਂ ਕਿਤਾਬਾਂ ਮਾਹਿਰਾਂ ਦੀ ਸਲਾਹ ਨਾਲ ਬੋਰਡ ਵੱਲੋਂ ਹੀ ਛਪਵਾਉਣ ਲਈ ਆਖਿਆ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਿਤਾਬਾਂ ਸਹੀ ਸਮੇਂ ਉਤੇ ਨਾ ਛਪਣ ਕਾਰਨ ਪ੍ਰਾਈਵੇਟ ਪਬਲਿਸ਼ਰ ਫਾਇਦਾ ਚੁੱਕ ਲੈਂਦੇ ਹਨ। ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ, ਜਿਸ ਨੂੰ ਕਿਤਾਬਾਂ ਦੀ ਸਹੀ ਸਮੇਂ ਉਤੇ ਵੰਡ ਤੇ ਛਪਾਈ ਨਾਲ ਹੀ ਰੋਕਿਆ ਜਾ ਸਕਦਾ ਹੈ। ਪੁਸਤਕਾਂ ਦੀ ਵੰਡ ਲਈ ਸਕੂਲ ਪ੍ਰਿੰਸੀਪਲਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਪੁਸਤਕਾਂ ਲਈ ਮਾਹਿਰਾਂ ਦੀ ਸਲਾਹ ਵੀ ਲਈ ਜਾਵੇ ਤਾਕਿ ਜਾਣਕਾਰੀ ਬਿਲਕੁਲ ਸਹੀ ਹੋਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਘਰਾਂ ਵਿੱਚ ਖੁੱਲ੍ਹੇ ਸਕੂਲਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਮਦਦ ਨਾਲ ਬੰਦ ਕਰਵਾਉਣ ਦੇ ਵੀ ਹੁਕਮ ਦਿੱਤੇ।

ਸ੍ਰੀ ਸੋਨੀ ਨੇ ਕਿਹਾ ਕਿ ਬੋਰਡ ਵਿੱਚ ਸਾਰੇ ਕੰਮਾਂ ਲਈ ਆਨਲਾਈਨ ਟੈਂਡਰਿੰਗ ਪ੍ਰੀਕਿਰਿਆ ਅਪਣਾਈ ਜਾਵੇ ਅਤੇ ਮਾਲੀਏ ਤੇ ਖ਼ਰਚ ਦਾ ਹਿਸਾਬ-ਕਿਤਾਬ ਰੱਖਿਆ ਜਾਵੇ ਤਾਂ ਜੋ ਬੋਰਡ ਦੀ ਆਮਦਨ ਵਧਾਉਣ ਤੇ ਖ਼ਰਚ ਘਟਾਉਣ ਲਈ ਵਿਉਂਤਬੰਦੀ ਕੀਤੀ ਜਾ ਸਕੇ। ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਸ਼ਾਂਤ ਕੁਮਾਰ ਗੋਇਲ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ, ਡੀ.ਪੀ.ਆਈ. (ਸੈਕੰਡਰੀ) ਪਰਮਜੀਤ ਸਿੰਘ, ਡੀ.ਪੀ.ਆਈ. (ਐਲੀਮੈਂਟਰੀ) ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।