ਪੁਲਿਸ ਕੇਸ ਦਰਜ ਕਰਨ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਠਾਨਕੋਟ ਵਿਖੇ ਤਾਇਨਾਤ ਹੈ ਰਾਕੇਸ਼ ਕੁਮਾਰ

ASI taking bribe caught by Vigilance Bureau

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਧਾਰ ਕਲਾਂ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਕੇਸ਼ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਨਰਾਇਣਪੁਰ ਤਹਿਸੀਲ ਧਾਰ ਕਲਾਂ ਦੇ ਵਸਨੀਕ ਜੁਰੂਦੀਨ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ CDPO ਦਫਤਰ ਦੇ ਸੁਪਰਵਾਈਜ਼ਰ ਨੂੰ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ  

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਝਗੜੇ ਦੌਰਾਨ ਉਸ ਦੀ ਪਤਨੀ ਨੂੰ ਜ਼ਖਮੀ ਕਰਨ ਵਾਲੇ ਵਿਰੋਧੀ ਧਿਰ ਦੇ ਵਿਅਕਤੀ ਵਿਰੁੱਧ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਦੇ ਆਧਾਰ 'ਤੇ ਪੁਲਿਸ ਕੇਸ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ ਪਰ ਸੌਦਾ 10,000  ਰੁਪਏ ਵਿਚ ਤੈਅ ਹੋਇਆ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿਚ ਮੁਕੰਮਲ ਕਰਨ ਦਾ ਐਲਾਨ

ਬੁਲਾਰੇ ਨੇ ਦਸਿਆ ਕਿ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪਹਿਲੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਏ.ਐਸ.ਆਈ. ਰਾਕੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।