ਕੋਟਕਪੂਰਾ ਗੋਲੀ ਕਾਂਡ ਮਾਮਲਾ: S IT ਨੇ ਤਿੰਨ ਘੰਟੇ ਤੱਕ ਪ੍ਰਕਾਸ਼ ਸਿੰਘ ਬਾਦਲ ਤੋਂ ਕੀਤੀ ਪੁੱਛਗਿੱਛ

ਏਜੰਸੀ

ਖ਼ਬਰਾਂ, ਪੰਜਾਬ

ਸਾਬਕਾ ਸੀਐਮ ਨੇ ਕਿਹਾ- ਸਿਹਤ ਠੀਕ ਨਾ ਹੋਣ ਦੇ ਬਾਵਜੂਦ SIT ਨੂੰ ਸਹਿਯੋਗ ਕਰਾਂਗਾ

SIT questions Parkash Singh Badal in Kotkapura Firing Case

 


ਚੰਡੀਗੜ੍ਹ: ਅਕਤੂਬਰ 2015 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਅੱਜ ਸਿੱਟ ਵੱਲੋਂ ਪੁੱਛਗਿੱਛ ਕੀਤੀ ਗਈ। ਚੰਡੀਗੜ੍ਹ ਵਿਖੇ ਸਾਬਕਾ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ’ਤੇ ਐਸਆਈਟੀ ਅੱਜ ਸਵੇਰੇ ਕਰੀਬ 11 ਵਜੇ ਤੋਂ ਹੀ ਬਾਦਲ ਤੋਂ ਪੁੱਛਗਿੱਛ ਵਿਚ ਜੁਟੀ ਹੋਈ ਸੀ। ਕਰੀਬ 3 ਘੰਟੇ ਤੱਕ ਚੱਲੀ ਪੁੱਛਗਿੱਛ ਦੌਰਾਨ ਜਾਂਚ ਟੀਮ ਨੇ ਮਾਮਲੇ ਨਾਲ ਜੁੜੇ ਕਈ ਸਵਾਲ ਪੁੱਛੇ। ਐਸਆਈਟੀ ਨੇ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਿਚ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿੱਛ ਕੀਤੀ।

ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੇਰੀ ਸਿਹਤ ਠੀਕ ਨਹੀਂ ਪਰ ਬੇਅਦਬੀ ਮਾਮਲੇ ਦੇ ਹੱਲ ਲਈ ਮੈਂ ਹਮੇਸ਼ਾ ਸਿੱਟ ਨੂੰ ਸਹਿਯੋਗ ਕਰਾਂਗਾ।
ਇਸ ਤੋਂ ਪਹਿਲਾਂ ਸਿੱਟ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਨਵੀਂ ਸਰਕਾਰ ਬਣਨ ਦੇ 6 ਮਹੀਨਿਆਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

14 ਸਤੰਬਰ ਨੂੰ ਐਸਆਈਟੀ ਨੇ ਇਸੇ ਮਾਮਲੇ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਪਹਿਲਾਂ ਕਾਂਗਰਸ ਅਤੇ ਹੁਣ 'ਆਪ' ਸਰਕਾਰ ਅਜਿਹੇ ਮਾਮਲਿਆਂ 'ਚ ਇਨਸਾਫ ਦੇਣ ਦੀ ਬਜਾਏ ਰਾਜਨੀਤੀ ਕਰ ਰਹੀ ਹੈ। ਇਸ ਸਬੰਧੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਬਾਦਲ ਕੋਲੋਂ ਸਿੱਟ ਨੇ ਕੋਈ ਪੁੱਛਗਿੱਛ ਨਹੀਂ ਕੀਤੀ, ਉਹਨਾਂ ਨੂੰ ਚਾਹ ਪਕੌੜੇ ਖਵਾ ਕੇ ਵਾਪਸ ਭੇਜ ਦਿੱਤਾ ਗਿਆ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਐਸਆਈਟੀ ਨੇ ਕੋਟਕਪੂਰਾ ਦੇ ਮੁੱਖ ਚੌਕ ਦਾ ਦੌਰਾ ਕੀਤਾ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਐਸਆਈਟੀ ਮੈਂਬਰ ਅਤੇ ਮੋਗਾ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਗਵਾਹਾਂ ਤੋਂ ਜਾਣਕਾਰੀ ਹਾਸਲ ਕੀਤੀ। ਦੱਸ ਦੇਈਏ ਕਿ ਕੋਟਕਪੂਰਾ ਗੋਲੀਕਾਂਡ 'ਚ 7 ਸਾਲ ਬਾਅਦ ਵੀ ਪੁਲਿਸ ਦੀ ਜਾਂਚ ਜਾਰੀ ਹੈ। ਇਸ ਤੋਂ ਪਹਿਲਾਂ ਇਸ ਘਟਨਾ ਦੀ ਜਾਂਚ ਤਤਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਨਿਗਰਾਨੀ ਹੇਠ ਹੋਈ ਸੀ ਅਤੇ ਉਹਨਾਂ ਦੀ ਜਾਂਚ ਤੋਂ ਬਾਅਦ ਪੁਲਿਸ ਅਧਿਕਾਰੀਆਂ ਸਮੇਤ ਕੋਟਕਪੂਰਾ ਦੇ ਤਤਕਾਲੀ ਅਕਾਲੀ ਦਲ ਦੇ ਵਿਧਾਇਕ ਮਨਤਾਰ ਸਿੰਘ ਬਰਾੜ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ ਸੀ।