ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਕੱਲ੍ਹ ਤੋਂ ਭਰੀਆਂ ਜਾ ਸਕਣਗੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ

Nominations for Tarn Taran by-election can be filed from tomorrow

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਅਕਤੂਬਰ, 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਅਤੇ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ । ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ।

ਸਿਬਿਨ ਸੀ ਨੇ ਜਾਣਕਾਰੀ ਦਿੱਤੀ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ਛੱਡ ਕੇ) ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਜਮ੍ਹਾਂ ਕਰਵਾਉਣੇ ਹੋਣਗੇ, ਜੋ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ ਦਾ ਸੂਬੇ ਦੇ ਅੰਦਰ ਕਿਸੇ ਵੀ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਜ਼ਰੂਰੀ ਹੈ ਅਤੇ ਉਸ ਨੂੰ ਵੋਟਰ ਸੂਚੀ ਵਿੱਚ ਸਬੰਧਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਅਤੇ ਪੜਤਾਲ ਦੀ ਮਿਤੀ ਤੋਂ ਪਹਿਲਾਂ ਸਬੰਧਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਅਧਿਕਾਰੀ ਦੇ ਸਾਹਮਣੇ ਸਹੁੰ ਜਾਂ ਪ੍ਰਣ ਵੀ ਲੈਣਾ ਪਵੇਗਾ।

ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ 18 ਅਕਤੂਬਰ (ਸ਼ਨੀਵਾਰ) 'ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881' ਦੇ ਤਹਿਤ ਛੁੱਟੀ ਨਹੀਂ ਹੈ ਅਤੇ ਉਸ ਦਿਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਹਾਲਾਂਕਿ, 19 ਅਕਤੂਬਰ (ਐਤਵਾਰ) ਅਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਇਸ ਐਕਟ ਦੇ ਤਹਿਤ ਛੁੱਟੀਆਂ ਹਨ, ਅਤੇ ਇਨ੍ਹਾਂ ਤਾਰੀਖਾਂ 'ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ।

ਸਿਬਿਨ ਸੀ ਨੇ ਅੱਗੇ ਕਿਹਾ ਕਿ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ 6 ਅਕਤੂਬਰ, 2025 ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਪ੍ਰਭਾਵੀ ਰਹੇਗਾ।