ਸ੍ਰੀ ਅੰਮ੍ਰਿਤਸਰ: ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਕੌਲਪੁਰ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਅਗਨ ਭੇਟ ਕਰਕੇ ਕੀਤੀ ਗਈ ਬੇਅਦਬੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਸੁਖਵਰਸ਼ ਸਿੰਘ ਪੰਨੂ ਅਤੇ ਜੰਮੂ ਕਸ਼ਮੀਰ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਤਿੰਨ ਮੈਂਬਰੀ ਕਮੇਟੀ ਦੀ ਜ਼ਿੰਮੇਵਾਰੀ ਕੌਲਪੁਰ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੁੱਚੇ ਪ੍ਰਬੰਧ ਪੁਖਤਾ ਤੇ ਸੁਚੱਜੇ ਕਰਵਾਉਣੇ, ਉੱਥੇ ਪ੍ਰਬੰਧ ਚਲਾਉਣ ਲਈ ਪਿੰਡ ਵਾਸੀ ਅੰਮ੍ਰਿਤਧਾਰੀ ਸਿੱਖਾਂ ਦੀ ਨਵੀਂ ਪ੍ਰਬੰਧਕ ਕਮੇਟੀ ਸਥਾਪਤ ਕਰਨੀ ਅਤੇ ਉਪਰੰਤ ਸਥਾਨਕ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ ਮੁੜ ਕਰਵਾਉਣ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਮੇਟੀ ਸਮੁੱਚੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕਰਕੇ ਇਸ ਦੀ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ।
ਜਥੇਦਾਰ ਗੜਗੱਜ ਨੇ ਮੀਡੀਆ ਕਰਮੀਆਂ ਦੇ ਨਾਲ-ਨਾਲ ਵੱਖ-ਵੱਖ ਸਿੱਖ ਸਮੂਹਾਂ ਤੇ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਕੌਲਪੁਰ ਪਿੰਡ ਦੀ ਸਿੱਖ ਸੰਗਤ ਤੇ ਨਗਰ ਨਿਵਾਸੀ ਵੀ ਇਸ ਬੇਅਦਬੀ ਘਟਨਾ ਤੋਂ ਬੇਹੱਦ ਦੁਖੀ ਮਹਿਸੂਸ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਗੁਰੂ ਸਾਹਿਬ ਜੀ ਦੇ ਨਾਲ ਹੀ ਹਨ, ਇਸ ਲਈ ਉਨ੍ਹਾਂ ਦੀਆਂ ਭਾਵਨਾਵਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਕਿਸੇ ਕਿਸਮ ਦੀ ਤੰਗ ਪਰੇਸ਼ਾਨੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਮੁੱਚੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਰਾਹੀਂ ਖੁਦ ਕੀਤੀ ਜਾ ਰਹੀ ਹੈ।