ਪਿੰਡ ਖੇੜੀ ਵਿਖੇ ਪਰਾਲੀ ਦੀ ਸੰਭਾਲ ਬਾਰੇ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀ ਲਗਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਝੋਨੇ ਦੇ ਖੜ੍ਹੇ ਕਰਚਿਆਂ ਵਿੱਚ ਸਿੱਧੇ ਤੌਰ ‘ਤੇ ਕਣਕ ਦੀ ਬਿਜਾਈ ਕਰਨ ਦੀ ਕੀਤੀ ਅਪੀਲ

farmer

ਸੰਗਰੂਰ : ਕਿ੍ਰਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਖੇੜੀ ਵਿਖੇ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਬਾਰੇ ਕਿਸਾਨ ਜਾਗਰੂਕਤਾ ਕੈਂਪ ਅਤੇ ਖੇਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਮੌਕੇ ਪ੍ਰਦਰਸ਼ਨੀ ਦਾ ਆਯੋਜਨ ਕਰਦਿਆਂ ਡਾ  ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਦੱਸਿਆ ਕਿ ਅਗਾਂਹਵਧੂ ਕਿਸਾਨ ਗੁਰਮੀਤ ਸਿੰਘ ਇਸ ਸਾਲ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਉਸ ਦਾ ਮੰਨਣਾ ਹੈ ਕਿ ਹੈਪੀਸੀਡਰ ਨਾਲ ਝੋਨੇ ਦੀ ਪਰਾਲੀ ਵਿੱਚ ਬਿਜਾਈ ਕਰਨੀ ਸਸਤੀ ਪੈਂਦੀ ਹੈ ਅਤੇ ਕਣਕ ਵੀ ਵਧੀਆ ਨਿਕਲ ਆਉਂਦੀ ਹੈ। ਇਸ ਤਕਨੀਕ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਵੀ ਘੱਟ ਆਉਂਦੀ ਹੈ ਅਤੇ ਕਣਕ ਡਿੱਗਦੀ ਵੀ ਨਹੀਂ ਅਤੇ ਝਾੜ ਵੀ ਵਧੀਆ ਮਿਲਦਾ ਹੈ।

 ਡਾ  ਮਨਦੀਪ ਸਿੰਘ ਨੇ ਹਾਜ਼ਰ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ ਕੀਤੀਆਂ ਤਕਨੀਕਾਂ ਅਤੇ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀਸੀਡਰ, ਸੁਪਰਸੀਡਰ, ਮਲਚਰ, ਚੌਪਰ, ਉੱਲਟਾਂਵੇ ਹੱਲ ਆਦਿ ਦੀ ਵਰਤੋਂ ਕਰ ਕੇ ਝੋਨੇ ਦੇ ਖੜੇ ਕਰਚਿਆਂ ਵਿੱਚ ਸਿੱਧੇ ਤੌਰ ‘ਤੇ ਕਣਕ ਦੀ ਬਿਜਾਈ ਕਰਨ ਬਾਰੇ ਅਪੀਲ ਕੀਤੀ। ਉਨਾਂ ਨੇ ਕਣਕ ਦੀ ਬਿਜਾਈ ਕਰਨ ਮੌਕੇ ਇਸ ਦੇ ਬੀਜ ਦੀ ਸੋਧ ਕਰਨ ਅਤੇ ਜੀਵਾਣੂ ਖਾਦ ਦਾ ਟੀਕਾ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ।