Phillaur DSP ਸਰਵਣ ਸਿੰਘ ਬੱਲ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ ਕਰਨ ਦੇ ਹੁਕਮ ਜਾਰੀ
ਸਾਬਕਾ ਐਸ.ਐਚ.ਓ. ਭੂਸ਼ਣ ਕੁਮਾਰ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਲੱਗਿਆ ਆਰੋਪ
ਫਿਲੌਰ : ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਫਿਲੌਰ ਦੇ ਡੀ.ਐਸ.ਪੀ ਸਰਵਣ ਸਿੰਘ ਬੱਲ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਫਿਲੌਰ ਪੁਲਿਸ ਸਟੇਸ਼ਨ ਦੇ ਸਾਬਕਾ ਐਸ.ਐਚ.ਓ ਭੂਸ਼ਣ ਕੁਮਾਰ ਵਿਰੁੱਧ ਇੱਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਵੀਡੀਓ ਕਾਲ ’ਤੇ ਕਿਸੇ ਹੋਰ ਔਰਤ ਨਾਲ ਕਥਿਤ ਤੌਰ ’ਤੇ ਅਸ਼ਲੀਲ ਗੱਲਬਾਤ ਕਰਨ ਦੇ ਦੋਸ਼ ਹੇਠ ਕਾਰਵਾਈ ਨਾ ਕਰਨ ਕਾਰਨ ਆਇਆ ਹੈ।
ਕਮਿਸ਼ਨ ਵੱਲੋਂ ਜਾਰੀ ਹੁਕਮ ਹੁਣ ਸਾਹਮਣੇ ਆਇਆ ਹੈ, ਜਿਸ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ਼ ਅਪਣਾਇਆ ਹੈ। ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਭੂਸ਼ਣ ਵਿਰੁੱਧ ਪੋਕਸੋ ਐਕਟ 2012 ਦੀ ਧਾਰਾ 21 ਅਤੇ ਬੀ.ਐਨ.ਐਸ. ਐਕਟ ਦੀ ਧਾਰਾ 199 ਤਹਿਤ ਡੀ.ਐਸ.ਪੀ. ਬੱਲ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਾਲ ਕਮਿਸ਼ਨ ਦੇ ਦਖਲ ਤੋਂ ਬਾਅਦ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਐਸ.ਐਸ.ਪੀ ਦਿਹਾਤੀ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਇੰਸਪੈਕਟਰ ਭੂਸ਼ਣ ਕੁਮਾਰ ਵਿਰੁੱਧ ਔਰਤ ਨਾਲ ਅਸ਼ਲੀਲ ਗੱਲਬਾਤ ਕਰਨ ਲਈ ਅਪਰਾਧਿਕ ਪ੍ਰਕਿਰਿਆ ਕਾਨੂੰਨ ਦੀ ਧਾਰਾ 21 ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾਵੇ। ਕਮਿਸ਼ਨ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਕਿਸੇ ਵੀ ਪੁਲਿਸ ਅਧਿਕਾਰੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਵੇਗਾ ਅਤੇ ਨਾਬਾਲਗਾਂ ਨਾਲ ਸਬੰਧਤ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।