ਬਾਦਲਾਂ ਵੱਲੋਂ ਜਾਣੇ-ਅਣਜਾਣੇ ਕੀਤੀਆਂ ਗਲਤੀਆਂ ਲਈ ਮੁਆਫੀ ਮੰਗਣ 'ਤੇ ਕੋਈ ਹੈਰਾਨੀ ਨਹੀਂ- ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਾਏ ਘਿਨਾਉਣੇ ਦੋਸ਼ਾਂ ਲਈ ਉਸ ਦੀ ਤਿੱਖੀ ਆਲੋਚਨਾ ਕਰਦਿਆਂ ਆਖਿਆ....

ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਭਾਸ਼ਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਾਏ ਘਿਨਾਉਣੇ ਦੋਸ਼ਾਂ ਲਈ ਉਸ ਦੀ ਤਿੱਖੀ ਆਲੋਚਨਾ ਕਰਦਿਆਂ ਆਖਿਆ ਕਿ ਉਹ (ਕੈਪਟਨ ਅਮਰਿੰਦਰ ਸਿੰਘ) ਨਹੀਂ ਸਗੋਂ ਸਾਬਕਾ ਮੁੱਖ ਮੰਤਰੀ ਗੈਰ-ਸੰਜੀਦਾ ਬਿਆਨਾਂ ਰਾਹੀਂ ਹਮੇਸ਼ਾ ਹੀ ਸਿੱਖ ਭਾਈਚਾਰੇ ਅਤੇ ਪੰਜਾਬ ਦੇ ਹਿੱਤਾਂ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਬਾਦਲ ਵੱਲੋਂ ਕਰਤਾਰਪੁਰ ਲਾਂਘੇ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕਰਨ ਦੇ ਉਨ੍ਹਾਂ 'ਤੇ ਲਾਏ ਦੋਸ਼ਾਂ 'ਤੇ ਪ੍ਰਤੀਕ੍ਰਿਆ ਪ੍ਰਗਟ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਦਾ ਇਹ ਬਿਆਨ ਵੀ ਉਸ ਵੱਲੋਂ ਆਪਣੇ ਸਿਆਸੀ ਹਿੱਤਾਂ ਖਾਤਰ ਧਰਮ ਦੀ ਵਰਤੋਂ ਕਰਨ ਸਬੰਧੀ ਪਹੁੰਚ ਨੂੰ ਹੋਰ ਅੱਗੇ ਵਧਾਉਣ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਇਕ ਵਾਰ ਫਿਰ ਬੇਬੁਨਿਆਦ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀਮਤੀ ਇੰਦਰਾ ਗਾਂਧੀ ਤੋਂ ਲੈ ਕੇ ਡਾਕਟਰ ਮਨਮੋਹਨ ਸਿੰਘ ਤੱਕ ਕਾਂਗਰਸੀ ਲੀਡਰਸ਼ਿਪ ਹੀ ਸੀ ਜਿਸ ਨੇ ਹਮੇਸ਼ਾ ਹੀ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਸਖ਼ਤ ਜਦੋ-ਜਹਿਦ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਵੱਖ-ਵੱਖ ਮੌਕਿਆਂ 'ਤੇ ਪਾਕਿਸਤਾਨ ਤੇ ਕੇਂਦਰ ਸਰਕਾਰ ਨਾਲ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਮੁੱਦਾ ਉਠਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਸਿੱਖ ਹੋਣ ਦੇ ਨਾਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਸਤੇ ਇਤਿਹਾਸਕ ਲਾਂਘਾ ਨੂੰ ਖੋਲ੍ਹਣ ਲਈ ਉਹ ਹਮੇਸ਼ਾ ਖਾਹਿਸ਼ਮੰਦ ਰਹੇ ਹਨ। ਉਨ੍ਹਾਂ ਦੇ ਆਪਣੇ ਪਰਿਵਾਰ ਦੀ ਇਸ ਪਵਿੱਤਰ ਅਸਥਾਨ ਨਾਲ ਇਤਿਹਾਸਕ ਸਾਂਝ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਇਹ ਸੋਚਣਾ ਬਹੁਤ ਮੂਰਖਤਾ ਭਰਿਆ ਹੈ ਕਿ ਉਹ ਲਾਂਘੇ ਨੂੰ ਖੋਲ੍ਹਣ ਵਿੱਚ ਅੜਿੱਕਾ ਡਾਹੁਣ ਅਤੇ ਸਿੱਖ ਭਾਈਚਾਰੇ ਦੀਆਂ ਖਾਹਿਸ਼ਾਂ ਨੂੰ ਪੂਰਾ ਹੋਣ ਨੂੰ ਸਾਬੋਤਾਜ ਦੀ ਕੋਸ਼ਿਸ਼ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ 'ਤੇ ਮਾਣ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ ਨਾਲ ਬਹੁਤ ਨੇੜਿਓਂ ਮਿਲ ਕੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੇ ਸਿੱਖ ਭਾਈਚਾਰੇ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿੱਚ ਡੂੰਘਾ ਵਿਸ਼ਵਾਸ ਰੱਖਣ ਵਾਲਿਆਂ ਦੀਆਂ ਖਾਹਿਸ਼ਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕੀਤਾ

ਅਤੇ ਪਾਕਿਸਤਾਨੀ ਨਿਜ਼ਾਮ ਅਤੇ ਇਸ ਦੀਆਂ ਏਜੰਸੀਆਂ ਵੱਲੋਂ ਦਰਪੇਸ਼ ਖਤਰਿਆਂ ਦੇ ਮੱਦੇਨਜ਼ਰ ਭਾਰਤ-ਪਾਕਿ ਸਰਹੱਦ ਨੂੰ ਖੋਲ੍ਹਣ ਲਈ ਸਖ਼ਤ ਸੁਰੱਖਿਆ ਚਿੰਤਾਵਾਂ ਅਤੇ ਬੁਨਿਆਦੀ ਢਾਂਚਾ ਚੁਣੌਤੀਆਂ ਨੂੰ ਸਫਲਤਾਪੂਰਵਕ ਪਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਭਾਰਤ ਸਰਕਾਰ ਨੂੰ ਇਹ ਯਕੀਨ ਦਿਵਾਉਣ ਵਿੱਚ ਸਫਲ ਰਹੀ ਹੈ ਕਿ ਸੁਰੱਖਿਆ ਚਿੰਤਾਵਾਂ ਅਤੇ ਚੁਣੌਤੀਆਂ ਨੂੰ ਲੋੜੀਂਦੇ ਸੰਤੁਲਨ ਅਤੇ ਰੋਕਾਂ ਦੇ ਨਾਲ ਨਿਪਟ ਲਿਆ ਜਾਵੇਗਾ ਜਿਨ੍ਹਾਂ ਨੂੰ ਢੁਕਵੇਂ ਸਿਸਟਮ ਅਤੇ ਸੁਰੱਖਿਆ ਤੰਤਰ ਹੇਠ ਤਿਆਰ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੀਆਂ ਚੁਣੌਤੀਆਂ ਦੀ ਘਾਤਕ ਅਤੇ ਖਤਰਨਾਕ ਹਕੀਕਤ ਤੋਂ ਅੱਖਾਂ ਬੰਦ ਕਰ ਲੈਣ ਦਾ ਰਸਤਾ ਚੁਣਨ ਵਾਲੇ ਬਾਦਲ ਨੇ ਇਕ ਵਾਰ ਫਿਰ ਇਹ ਦਰਸਾ ਦਿੱਤਾ ਹੈ

ਕਿ ਉਸ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਦੀ ਕੋਈ ਚਿੰਤਾ ਨਹੀਂ ਹੈ ਸਗੋਂ ਉਸ ਦਾ ਸਰੋਕਾਰ ਸਿਰਫ ਤੇ ਸਿਰਫ ਸਿਆਸੀ ਲਾਹਾ ਖੱਟਣਾ ਹੈ ਜੋ ਉਹ ਲਾਂਘੇ ਨੂੰ ਖੋਲ੍ਹਣ ਦੇ ਮੱਦੇਨਜ਼ਰ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਵਾਸਤੇ ਬਾਦਲ ਦੀ ਪਾਰਟੀ ਆਪਣੇ ਸਿਰ ਸਿਹਰਾ ਬੰਨ੍ਹਣ ਦੀ ਅਣਉਚਿਤ ਢੰਗ ਨਾਲ ਕੋਸ਼ਿਸ਼ ਵੀ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਾ ਉਨ੍ਹਾਂ ਦਾ ਸੁਪਨਾ ਹੈ ਪਰ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਸ਼ਕਤੀਆਂ ਦੀ ਦਹਿਸ਼ਤਗਰਦੀ ਤੋਂ ਉਹ ਅੱਖਾਂ ਬੰਦ ਨਹੀਂ ਕਰ ਸਕਦੇ ਅਤੇ ਨਾ ਹੀ ਉਹ ਪਾਕਿਸਤਾਨੀ ਫੌਜ ਵੱਲੋਂ ਬੇਗੁਨਾਹ ਭਾਰਤੀ ਫੌਜੀਆਂ ਦੀ ਹੱਤਿਆਵਾਂ ਕੀਤੇ ਜਾਣ ਨੂੰ ਅਣਦੇਖਿਆ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਕ ਬਜ਼ੁਰਗ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹੋਣ ਦੇ ਨਾਤੇ ਕੀ ਬਾਦਲ ਨੂੰ ਭਾਰਤ ਅਤੇ ਸਰਹੱਦੀ ਸੂਬੇ ਪੰਜਾਬ ਨੂੰ ਪਾਕਿਸਤਾਨ ਵੱਲੋਂ ਪੈਦਾ ਕੀਤੇ ਜਾ ਰਹੇ ਖਤਰਿਆਂ ਦੀ ਸ਼ਲਾਘਾ ਕਰਨੀ ਬਣਦੀ ਹੈ। ਮੁੱਖ ਮੰਤਰੀ ਨੇ ਉਮੀਦ ਅਤੇ ਖਾਹਿਸ਼ ਪ੍ਰਗਟ ਕੀਤੀ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਫੌਜ ਦੇ ਮੁਖੀ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਬਾਰੇ ਆਪਣੇ ਵਾਅਦੇ ਨੂੰ ਪੂਰਾ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਛੇਤੀ ਹੀ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਲੱਖਾਂ ਸਿੱਖ ਸ਼ਰਧਾਲੂਆਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਤੇ ਸੁਵਿਧਾਵਾਂ ਨੂੰ ਤਿਆਰ ਕਰ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਉਨ੍ਹਾਂ ਦੀ ਸਰਕਾਰ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮੁਕੰਮਲ ਕਰਨ ਲਈ ਲੋੜੀਂਦੀ ਯੋਜਨਾ ਅਤੇ ਡਿਜ਼ਾਈਨ ਅਨੁਸਾਰ ਤਿਆਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।