ਅਮਨ ਅਰੋੜਾ ਵੱਲੋਂ ਵੈਟਰਨ ਪੱਤਰਕਾਰ ਹਰਬੀਰ ਸਿੰਘ ਭੰਵਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭੰਵਰ ਇੱਕ ਨਾਮੀ ਲੇਖਕ ਸਨ ਅਤੇ ਉਨ੍ਹਾਂ ਨੇ ਦਰਜਨ ਤੋਂ ਵੱਧ ਕਿਤਾਬਾਂ ਲਿਖੀਆਂ, ਜਿਨ੍ਹਾਂ ਵਿੱਚੋਂ 'ਡਾਇਰੀ ਦੇ ਪੰਨੇ' ਅਤੇ 'ਧਰਮ ਯੁੱਧ ਮੋਰਚਾ' ਮਕਬੂਲ ਕਿਤਾਬਾਂ ਹਨ।

AMAN ARORA CONDOLES SAD DEMISE OF VETERAN JOURNALIST HARBIR SINGH BHANWAR

 

ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਉੱਘੇ ਵੈਟਰਨ ਪੱਤਰਕਾਰ ਅਤੇ ਲੇਖਕ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਵਰ੍ਹਿਆਂ  ਦੇ ਸਨ। ਉਨ੍ਹਾਂ ਨੇ ਅੱਜ ਸਵੇਰੇ ਲੁਧਿਆਣਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ।

 ਭੰਵਰ ਇੱਕ ਨਾਮੀ ਲੇਖਕ ਸਨ ਅਤੇ ਉਨ੍ਹਾਂ ਨੇ ਦਰਜਨ ਤੋਂ ਵੱਧ ਕਿਤਾਬਾਂ ਲਿਖੀਆਂ, ਜਿਨ੍ਹਾਂ ਵਿੱਚੋਂ 'ਡਾਇਰੀ ਦੇ ਪੰਨੇ' ਅਤੇ 'ਧਰਮ ਯੁੱਧ ਮੋਰਚਾ' ਮਕਬੂਲ ਕਿਤਾਬਾਂ ਹਨ। ਉਹ ਇੱਕ ਉੱਘੇ ਸਿਆਸੀ ਵਿਸ਼ਲੇਸ਼ਕ ਅਤੇ ਸਿੱਖ ਧਾਰਮਿਕ ਮਾਮਲਿਆਂ ਦੇ ਚੰਗੇ ਜਾਣਕਾਰ ਸਨ। ਪੱਤਰਕਾਰ ਵਜੋਂ ਆਪਣੇ ਕਰੀਅਰ ਦੌਰਾਨ ਉਨ੍ਹਾਂ ਨੇ ਇੰਡੀਅਨ ਐਕਸਪ੍ਰੈੱਸ, ਦਿ ਟ੍ਰਿਬਿਊਨ, ਜਾਗਰਣ ਗਰੁੱਪ ਆਦਿ ਸਮੇਤ ਪ੍ਰਮੁੱਖ ਅਖਬਾਰਾਂ ਨਾਲ ਕੰਮ ਕੀਤਾ ਅਤੇ ਉਹ ਅੰਮ੍ਰਿਤਸਰ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਨੇ ਐਸ.ਜੀ.ਪੀ.ਸੀ. ਦੇ ਮੀਡੀਆ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾਈਆਂ।

ਅਮਨ ਅਰੋੜਾ ਨੇ ਦੁਖੀ ਪਰਿਵਾਰ, ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਅਰੋੜਾ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।