ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ASI ਕਰਮਜੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੱਕ ਸ਼ਿਕਾਇਤ 'ਤੇ ਕਾਰਵਾਈ ਕਰਨ ਲਈ ਲਏ ਸਨ 1 ਹਜ਼ਾਰ ਰੁਪਏ 

Punjab News

ਨਵਾਂ ਸ਼ਹਿਰ : ਵਿਜੀਲੈਂਸ ਬਿਊਰੋ ਨਵਾਂਸ਼ਹਿਰ ਨੇ ਏਐਸਆਈ ਕਰਮਜੀਤ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜ਼ਿਲ੍ਹਾ ਐਸਬੀਐਸ ਨਗਰ ਦੇ ਥਾਣਾ ਬਲਾਚੌਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਕਰਮਜੀਤ ਸਿੰਘ (219/ਐਸਬੀਐਸ ਨਗਰ) ਨੂੰ ਅੱਜ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੱਕ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

 


ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਉਕਤ ਦੋਸ਼ੀ ਏ.ਐੱਸ.ਆਈ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦੀਕਸ਼ਾ ਵਾਸੀ ਬਲਾਚੌਰ ਨੇ ਆਨ ਲਾਈਨ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਬਲਾਚੌਰ ਪੁਲਿਸ ਸਟੇਸ਼ਨ ਵਿਖੇ ਦਰਜ ਕਰਵਾਈ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ 5 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਮਾਮਲੇ 'ਚ ਉਸ ਦੀ ਮਾਂ ਕੋਲੋਂ ਇੱਕ ਹਜ਼ਾਰ ਰੁਪਏ ਰਿਸ਼ਵਤ ਵੀ ਲਈ ਹੈ।


ਸ਼ਿਕਾਇਤਕਰਤਾ ਨੇ ਇਸ ਸਬੰਧੀ ਗੱਲਬਾਤ ਵੀ ਰਿਕਾਰਡ ਕੀਤੀ। ਵਿਜੀਲੈਂਸ ਬਿਓਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਉਸ ਨੂੰ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਜਲੰਧਰ ਥਾਣੇ ਵਿੱਚ ਉਕਤ ਪੁਲਿਸ ਮੁਲਾਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।