ਖ਼ਜ਼ਾਨਾ ਸਾਬਤ ਹੋਈ ਨਵੀਂ ਆਊਟਡੋਰ ਇਸ਼ਤਿਹਾਰ ਨੀਤੀ : ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਆਰਥਕ ਤੌਰ ਉਤੇ ਆਤਮ ਨਿਰਭਰ ਕਰਨ ਅਤੇ ਸ਼ਹਿਰਾਂ ਨੂੰ ਇਕਸਾਰ ਸੁੰਦਰ.......

Navjot Singh Sidhu During Press Conference

ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਆਰਥਕ ਤੌਰ ਉਤੇ ਆਤਮ ਨਿਰਭਰ ਕਰਨ ਅਤੇ ਸ਼ਹਿਰਾਂ ਨੂੰ ਇਕਸਾਰ ਸੁੰਦਰ ਦਿਖ ਦੇਣ ਲਈ ਬਣਾਈ ਗਈ ਆਊਟ ਡੋਰ ਇਸ਼ਤਿਹਾਰ ਨੀਤੀ ਨੇ ਪਹਿਲੇ ਹੀ ਸਾਲ ਸ਼ਹਿਰਾਂ ਦੀ ਆਮਦਨ ਵਿਚ ਚੋਖਾ ਵਾਧਾ ਕਰਨ ਦਾ ਰਾਹ ਪੱਧਰਾ ਕਰ ਦਿਤਾ ਹੈ। ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਖੁਲਾਸਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਨੂੰ ਨਵੀਂ ਨੀਤੀ ਰਾਹੀਂ ਪਿਛਲੇ ਸਾਲ ਦੇ ਮੁਕਾਬਲੇ 1473 ਫ਼ੀ ਸਦੀ ਆਮਦਨ ਵਿਚ ਵਾਧਾ ਹੋਇਆਂ ਹੈ।

ਉਨ੍ਹਾਂ ਦਸਿਆ ਕਿ ਨਵੀਂ ਨੀਤੀ ਉਪਰੰਤ ਕੱਲ ਹੀ ਟੈਂਡਰ ਖੋਲ੍ਹਿਆ ਜਿਸ ਰਾਹੀਂ ਨਗਰ ਨਿਗਮ ਲੁਧਿਆਣਾ ਨੂੰ ਪਹਿਲੇ ਸਾਲ ਹੀ 27.54 ਕਰੋੜ ਰੁਪਏ ਦੀ ਕਮਾਈ ਹੋਵੇਗੀ ਜਦੋਂਕਿ ਪਿਛਲੇ ਸਾਲ ਨੀਤੀ ਦੀ ਅਣਹੋਂਦ ਕਾਰਨ ਸਿਰਫ ਇਹ ਕਮਾਈ 1.75 ਕਰੋੜ ਰੁਪਏ ਹੋਈ ਸੀ। ਹੁਣ ਇਹ ਵਾਧਾ 1473 ਫ਼ੀ ਸਦੀ ਹੋ ਗਿਆ ਹੈ। ਇਸ ਤੋਂ ਇਲਾਵਾ ਪਿਛਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਲੁਧਿਆਣਾ ਨੂੰ ਕੁੱਲ ਕਮਾਈ ਸਿਰਫ 30 ਕਰੋੜ ਰੁਪਏ ਸੀ ਜਦੋਂਕਿ ਹੁਣ ਨਵੇਂ ਟੈਂਡਰ ਨਾਲ ਲੁਧਿਆਣਾ ਨੂੰ ਆਉਂਦੇ 9 ਸਾਲਾਂ ਵਿਚ ਕੁੱਲ 289 ਕਰੋੜ ਰੁਪਏ ਦੀ ਕਮਾਈ ਹੋਵੇਗੀ ਜੋ ਕਿ ਪਿਛਲੀ ਸਰਕਾਰ ਨਾਲੋ 800 ਫ਼ੀ ਸਦੀ ਵਾਧਾ ਹੈ।

ਇਸ ਤਰ੍ਹਾਂ ਔਸਤਨ 32 ਕਰੋੜ ਰੁਪਏ ਸਾਲਾਨਾ ਕਮਾਈ ਹੋਵੇਗੀ । ਸ. ਸਿੱਧੂ ਨੇ ਅੱਗੇ ਦਸਿਆ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 167 ਸ਼ਹਿਰਾਂ ਨੂੰ ਆਊਟਡੋਰ ਇਸ਼ਤਿਹਾਰ ਨੀਤੀ ਰਾਹੀਂ 2015-16 ਵਿਚ ਸਿਰਫ 11.97 ਕਮਾਈ ਹੋਈ ਸੀ ਅਤੇ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ 2017-18 ਵਿਚ 32.50 ਕਰੋੜ ਰੁਪਏ ਦੀ ਕਮਾਈ ਹੋਈ। ਉਨ੍ਹਾਂ ਕਿਹਾ ਕਿ ਆਮਦਨ ਨੂੰ ਵਧਾਉਣ ਲਈ ਸਾਡੀ ਸਰਕਾਰ ਵਲੋਂ 21 ਮਾਰਚ 2018 ਨੂੰ ਕਾਰਗਾਰ ਆਊਟਡੋਰ ਇਸ਼ਤਿਹਾਰ ਨੀਤੀ ਬਣਾਈ ਗਈ ਸੀ ਜਿਸ ਉਪਰੰਤ ਸ਼ਹਰਾਂ ਦੀ ਆਰਥਕ ਆਤਮ ਨਿਰਭਰਤਾ ਲਈ ਰਾਹ ਪੱਧਰਾ ਹੋ ਗਿਆ। 

ਸ. ਸਿੱਧੂ ਨੇ ਅੱਗੇ ਦਸਿਆ ਕਿ ਨਵੀਂ ਨੀਤੀ ਤੋਂ ਬਾਅਦ ਨਗਰ ਨਿਗਮ ਮੋਗਾ ਦੀ ਸਾਲਾਨਾ ਕਮਾਈ 30 ਲੱਖ ਰੁਪਏ ਤੋਂ ਵੱਧ ਕੇ 1 ਕਰੋੜ ਰੁਪਏ, ਪਠਾਨਕੋਟ ਦੀ 20 ਲੱਖ ਰੁਪਏ ਤੋਂ ਵੱਧ ਕੇ 67 ਲੱਖ ਰੁਪਏ ਹੋ ਗਈ। ਇਸੇ ਤਰ੍ਹਾਂ ਅੰਮ੍ਰਿਤਸਰ ਅਤੇ ਮੁਹਾਲੀ ਦੀ ਸਾਲਾਨਾ ਕਮਾਈ ਦਾ ਟੀਚਾ 20-20 ਕਰੋੜ ਰੁਪਏ ਸਾਲਾਨਾ ਮਿਥਿਆ ਹੈ ਅਤੇ ਜਲੰਧਰ ਦੀ ਘੱਟੋ-ਘੱਟ ਰਾਖਵੀਂ ਕੀਮਤ 18.15 ਕਰੋੜ ਰੁਪਏ ਰੱਖੀ ਹੈ। 

ਉਨ੍ਹਾਂ ਕਿਹਾ ਕਿ ਇਹ ਵਧੀ ਹੋਈ ਆਮਦਨ ਸਬੰਧਤ ਸ਼ਹਿਰਾਂ ਦੇ ਵਿਕਾਸ ਉਪਰ ਹੀ ਖ਼ਰਚ ਹੋਵੇਗੀ ਜਿਸ ਨਾਲ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਆਰਥਕ ਤੌਰ ਉਤੇ ਆਤਮ ਨਿਰਭਰ ਹੋ ਜਾਣਗੀਆਂ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਏ ਵੇਨੂ ਪ੍ਰਸਾਦ, ਪੀ.ਐਮ. ਆਈ.ਡੀ.ਸੀ. ਦੇ ਸੀ.ਈ.ਓ. ਸ਼੍ਰੀ ਅਜੋਏ ਸ਼ਰਮਾ, ਨਗਰ ਨਿਗਮ ਲੁਧਿਆਣਾ ਦੇ ਸੰਯੁਕਤ ਕਮਿਸ਼ਨਰ ਸ਼੍ਰੀ ਕੁਲਪ੍ਰੀਤ ਸਿੰਘ ਤੇ ਸ. ਸਿੱਧੂ ਦੇ ਸਲਾਹਕਾਰ ਸ਼੍ਰੀ ਅੰਗਦ ਸਿੰਘ ਸੋਹੀ ਵੀ ਹਾਜ਼ਰ ਸਨ।