ਲਾਂਘਾ ਖੁਲ੍ਹਣ ਤੋਂ ਬਾਅਦ 39,310 ਸ਼ਰਧਾਲੂਆਂ ਨੇ ਕੀਤੇ ਬਾਬੇ ਨਾਨਕ ਦੀ ਕਰਮ ਭੂਮੀ ਦੇ ਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਸਾਹਿਬ ਜਾਣ ਲਈ ਲਾਂਘਾ ਖੁਲ੍ਹਿਆ ਤਾਂ ਨਾਨਕ ਨਾਮਲੇਵਾ ਸੰਗਤ ਗੁਰੂ ਜੀ ਦੀ ਕਰਮ ਭੂਮੀ ਦੇ ਦਰਸ਼ਨਾਂ ਲਈ ਤਤਪਰ ਸੀ

Kartarpur Sahib

ਡੇਰਾ ਬਾਬਾ ਨਾਨਕ : ਲੰਮੇ ਸਮੇਂ ਦੀਆਂ ਅਰਦਾਸਾਂ ਅਤੇ ਸੰਘਰਸ਼ ਤੋਂ ਬਾਅਦ ਕਰਤਾਰਪੁਰ ਸਾਹਿਬ ਜਾਣ ਲਈ ਲਾਂਘਾ ਖੁਲ੍ਹਿਆ ਤਾਂ ਨਾਨਕ ਨਾਮਲੇਵਾ ਸੰਗਤ ਗੁਰੂ ਜੀ ਦੀ ਕਰਮ ਭੂਮੀ ਦੇ ਦਰਸ਼ਨਾਂ ਲਈ ਤਤਪਰ ਸੀ ਪਰ ਸਮੇਂ ਦੀਆਂ ਸਰਕਾਰਾਂ ਨੇ ਕੁੱਝ ਅਜਿਹੇ ਨਿਯਮ ਬਣਾ ਦਿਤੇ ਕਿ ਆਮ ਸ਼ਰਧਾਲੂਆਂ ਨੂੰ ਜਾਣਾ ਹੀ ਮੁਸ਼ਕਲ ਹੋ ਗਿਆ।

ਹੁਣ ਕਰਤਾਰਪੁਰ ਸਾਹਿਬ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਬਹੁਤੀ ਨਹੀਂ ਹੁੰਦੀ। ਕਰਤਾਰਪੁਰ ਲਾਂਘਾ ਖੁਲ੍ਹਣ ਤੋਂ ਬਾਅਦ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਪਾਰ ਕਰ ਕੇ ਹੁਣ ਤਕ 39,310 ਸ਼ਰਧਾਲੂਆਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕੀਤੇ ਹਨ।

ਕਾਬਿਲੇਗੌਰ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਿਨੋਂ-ਦਿਨ ਘਟਦੀ ਜਾ ਰਹੀ ਹੈ। ਐਤਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ 'ਤੇ ਬਣੇ ਪੈਸੰਜਰ ਟਰਮੀਨਲ ਰਾਹੀਂ 530 ਸ਼ਰਧਾਲੂਆਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ। ਇਸ ਮੌਕੇ ਡੇਰਾ ਬਾਬਾ ਨਾਨਕ ਤੇ ਕਲਾਨੌਰ ਸਬ-ਡਵੀਜ਼ਨ ਦੇ ਐਸਡੀਐਮ ਗੁਰਸਿਮਰਨ ਸਿੰਘ ਢਿੱਲੋਂ ਵੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਰਵਾਨਾ ਹੋਏ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਕੇ ਪਰਤੇ ਸ਼ਰਧਾਲੂਆਂ ਨੇ ਦਸਿਆ ਕਿ ਹਰੇਕ ਸਿੱਖ ਦੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦੀ ਤਾਂਘ ਹੈ ਪਰ ਸਰਹੱਦੀ ਖੇਤਰ ਦੇ ਪੱਛੜੇ ਲੋਕਾਂ ਕੋਲ ਪਾਸਪੋਰਟ ਨਾ ਹੋਣ ਕਾਰਨ ਤੇ ਪਾਕਿਸਤਾਨ ਜਾਣ ਸਬੰਧੀ ਪਾਸਪੋਰਟ ਦੀ ਆਨਲਾਈਨ ਐਂਟਰੀ ਦੇ ਡਰੋਂ ਸ਼ਰਧਾਲੂਆਂ ਦੀ ਗਿਣਤੀ ਘੱਟ ਹੈ।

ਇਸ ਮੌਕੇ ਸ਼ਰਧਾਲੂਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਸਕਣ।