ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਸੰਭਾਲਿਆ ਅਹੁਦਾ
ਪ੍ਰਿੰਟਿੰਗ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਵੀਨਤਮ ਤਕਨਾਲੋਜੀ ਅਪਣਾਉਂਦਿਆਂ ਡਿਜ਼ੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ
ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਵੀ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਹਾਲ ਹੀ ਵਿੱਚ ਹੋਏ ਵਿਭਾਗਾਂ ਦੇ ਫੇਰਬਦਲ ਦੌਰਾਨ ਇਹ ਵਿਭਾਗ ਅਮਨ ਅਰੋੜਾ ਨੂੰ ਅਲਾਟ ਕੀਤਾ ਗਿਆ ਸੀ।
ਅਹੁਦਾ ਸੰਭਾਲਣ ਉਪਰੰਤ ਅਮਨ ਅਰੋੜਾ ਨੇ ਪ੍ਰਿੰਟਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਕੰਟਰੋਲਰ ਪੁਨੀਤ ਗੋਇਲ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।
ਨਵੀਨਤਮ ਤਕਨਾਲੋਜੀ ਅਪਣਾਉਂਦਿਆਂ ਡਿਜ਼ੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਪ੍ਰਿਟਿੰਗ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਿੰਟਿੰਗ ਸਟੇਸ਼ਨਰੀ ਦੇ ਸਾਰੇ ਕੰਮ ਵਿਭਾਗ ਵੱਲੋਂ ਹੀ ਕੀਤੇ ਜਾਣ।
ਇਕ ਹੋਰ ਵਿਭਾਗ ਦੀ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।