ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਗਿਆਨੀ ਰਘਬੀਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਬੀ ਅਮਰਜੀਤ ਕੌਰ ਨੇ ਬੱਬਰ ਖਾਲਸਾ ਜਥੇਬੰਦੀ ਅਤੇ ਹੋਰ ਸੰਘਰਸ਼ਸ਼ੀਲ ਧਿਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਪੰਥਕ ਕੀਤੀ ਸੇਵਾ

Giani Raghbir Singh expresses grief over the demise of Bibi Amarjit Kaur

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 1978 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਲਈ ਸ਼ਹੀਦ ਹੋਏ ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1978 ਦੇ ਸਾਕੇ ਵਿਚ ਭਾਈ ਫੌਜਾ ਸਿੰਘ ਦੀ ਸ਼ਹਾਦਤ ਤੋਂ ਬਾਅਦ ਡੇਢ ਦਹਾਕੇ ਦੇ ਲਗਪਗ ਚੱਲੇ ਸਿੱਖ ਸੰਘਰਸ਼ ਦੌਰਾਨ ਹਕੂਮਤ ਦੇ ਅਸਹਿ ਜਬਰ ਅਤੇ ਸਖਤੀ ਦੇ ਬਾਵਜੂਦ ਬੀਬੀ ਅਮਰਜੀਤ ਕੌਰ ਨੇ ਬੱਬਰ ਖਾਲਸਾ ਜਥੇਬੰਦੀ ਅਤੇ ਹੋਰ ਸੰਘਰਸ਼ਸ਼ੀਲ ਧਿਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਪੰਥਕ ਸੇਵਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦੇ ਜੀਵਨ ਵਿਚੋਂ ਅਠ੍ਹਾਰਵੀਂ ਸਦੀ ਦੇ ਸਿੱਖ ਇਤਿਹਾਸ ਦੀਆਂ ਪੁਰਾਤਨ ਸਿੱਦਕਵਾਨ ਸਿੱਖ ਬੀਬੀਆਂ ਦੀ ਝਲਕ ਦਿਖਾਈ ਦਿੰਦੀ ਸੀ। ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ਨਾਲ ਪੰਥਕ ਸੇਵਾ ਦੇ ਖੇਤਰ ਵਿਚ ਵੱਡਾ ਘਾਟਾ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦਾ ਸੰਘਰਸ਼ੀ ਜੀਵਨ ਤੇ ਸੇਵਾ ਆਉਣ ਵਾਲੀਆਂ ਸਿੱਖ ਪੀੜ੍ਹੀਆਂ, ਖਾਸ ਕਰਕੇ ਸਿੱਖ ਬੀਬੀਆਂ ਲਈ ਪ੍ਰੇਰਨਾ ਸਰੋਤ ਰਹੇਗਾ। ਉਨ੍ਹਾਂ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਬੀਬੀ ਅਮਰਜੀਤ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪੰਥਕ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।