ਫ਼ਸਲਾਂ ਨੂੰ ਅਵਾਰਾਂ ਪਸ਼ੂਆਂ ਤੋਂ ਬਚਾਉਣ ਲਈ ਗ਼ਰੀਬ ਕਿਸਾਨਾਂ ਨੂੰ ਸਬਸਿਡੀ ਦੇਵੇਗੀ ਕੈਪਟਨ ਸਰਕਾਰ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਤਾਰ ਲਾਉਣ ਵਾਸਤੇ ਕੰਢੀ ਖੇਤਰ ਦੇ ਗਰੀਬ...

Captain Amrinder Singh

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਤਾਰ ਲਾਉਣ ਵਾਸਤੇ ਕੰਢੀ ਖੇਤਰ ਦੇ ਗਰੀਬ ਕਿਸਾਨਾਂ ਦੇ ਗਰੁੱਪਾਂ ਲਈ 100 ਫੀਸਦੀ ਸਬਸਿਡੀ ’ਤੇ ਵਿਚਾਰ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਦਨ ਵਿੱਚ ਇਹ ਬਿਆਨ ਦਿੱਤਾ।

ਵਿਧਾਇਕ ਜੈ ਕਿਸ਼ਨ ਰੋੜੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਉਠਾਏ ਮਸਲੇ ’ਚ ਦਖਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਤੋਂ ਭਲੀ ਭਾਂਤ ਜਾਣੂ ਹੈ ਅਤੇ ਅਵਾਰਾ ਪਸ਼ੂਆਂ ਤੋਂ ਕਿਸਾਨਾਂ ਦੀਆਂ ਫਸਲਾਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨਾਂ ਦੀ ਸਰਕਾਰ ਖੇਤਾਂ ਦੁਆਲੇ ਤਾਰ ਲਾਉਣ ਲਈ ਕਿਸਾਨਾਂ ਨੂੰ ਪਹਿਲਾਂ ਹੀ 50 ਫੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਅਤੇ ਪਿਛਲੇ ਸਾਲ ਇਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ ਕੰਢੀ ਖੇਤਰ ਵਿੱਚ 563 ਕਿਸਾਨਾਂ ਨੂੰ 4.21 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ। 

ਇਕ ਵਿਧਾਇਕ ਦੇ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵਿਅਕਤੀਗਤ ਤੌਰ ’ਤੇ ਸਬਸਿਡੀ ਦੇਣ ਦੀ ਬਜਾਏ ਗਰੀਬ ਕਿਸਾਨਾਂ ਦੇ ਸਮੂਹਾਂ ਲਈ ਤਾਰ ਲਾਉਣ ਦੀ ਸਬਸਿਡੀ ਦੀ ਇਜ਼ਾਜਤ ਦੇਣ ਦੀ ਤਜਵੀਜ਼ ’ਤੇ ਵਿਚਾਰ ਕਰ ਰਹੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਜੰਗਲਾਤ ਵਿਭਾਗ ਵੱਲੋਂ ਫਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਜੰਗਲੀ ਸੂਰ ਅਤੇ ਰੋਜ਼ ਦੇ ਸ਼ਿਕਾਰ ਲਈ ਪਰਮਿਟ ਦੇਣ ਦਾ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਲੋਕਾਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਨ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ।