Punjab News: ਕੈਬਨਿਟ ਮੰਤਰੀ ਮੀਤ ਹੇਅਰ ਨੂੰ ਹਾਈ ਕੋਰਟ ਤੋਂ ਰਾਹਤ; ਹੁਣ ਨਹੀਂ ਹੋਵੇਗੀ ਮਾਮਲੇ ਦੀ ਸੁਣਵਾਈ
ਕੋਰੋਨਾ ਕਾਲ ਦੌਰਾਨ ਭਾਜਪਾ ਦਫਤਰ ਦਾ ਘਿਰਾਉ ਕਰਨ ਸਮੇਂ ਚੰਡੀਗੜ੍ਹ ਪੁਲਿਸ ਨੇ ਦਰਜ ਕੀਤਾ ਸੀ ਮਾਮਲਾ
Punjab News:ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਚੰਡੀਗੜ੍ਹ ਪੁਲਿਸ ਵਲੋਂ ਤਿੰਨ ਸਾਲ ਪਹਿਲਾਂ ਕੋਰੋਨਾ ਕਾਲ ਦੌਰਾਨ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਹੁਣ ਅਦਾਲਤ ਵਿਚ ਨਹੀਂ ਹੋਵੇਗੀ। ਇਸ ਸਬੰਧੀ ਉਨ੍ਹਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੇ ਨਾਲ ਹੀ ਕੇਸ ਖਤਮ ਕਰਨ ਦੀ ਮੰਗ ਕੀਤੀ ਗਈ ਸੀ।
ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਇਕ ਡਿਵੀਜ਼ਨ ਬੈਂਚ ਨੇ ਕੋਰੋਨਾ ਮਹਾਮਾਰੀ ਨਾਲ ਜੁੜੇ ਸਾਰੇ ਮਾਮਲਿਆਂ 'ਤੇ ਰੋਕ ਲਗਾ ਦਿਤੀ ਹੈ। ਅਜਿਹੀ ਸਥਿਤੀ ਵਿਚ ਪਟੀਸ਼ਨ ਦੀ ਕੋਈ ਲੋੜ ਨਹੀਂ ਹੈ। ਜੇਕਰ ਇਸ ਮੁੱਦੇ 'ਤੇ ਕਦੇ ਕੋਈ ਹੋਰ ਫੈਸਲਾ ਆਉਂਦਾ ਹੈ ਤਾਂ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਗੁਰਮੀਤ ਸਿੰਘ ਮੀਤ ਹੇਅਰ ਖਿਲਾਫ ਇਹ ਮਾਮਲਾ 24 ਅਕਤੂਬਰ 2020 ਨੂੰ ਚੰਡੀਗੜ੍ਹ ਪੁਲਿਸ ਨੇ ਦਰਜ ਕੀਤਾ ਸੀ। ਇਹ ਮਾਮਲਾ ਪੁਲਿਸ ਕਾਂਸਟੇਬਲ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਇਲਜ਼ਾਮ ਸੀ ਕਿ ਉਨ੍ਹਾਂ ਦੀ ਅਗਵਾਈ 'ਚ 'ਆਪ' ਦੇ ਕਈ ਆਗੂ ਪੰਜਾਬ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਆਏ ਸਨ। ਇਸ ਦੌਰਾਨ ਉਨ੍ਹਾਂ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਰੁਕੇ। ਇਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਇਸ ਮਾਮਲੇ ਵਿਚ ਮੰਤਰੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ ਪਰ ਮੀਤ ਹੇਅਰ ਦਸੰਬਰ 2023 ਵਿਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਇਸ ਕੇਸ ਵਿਚ ਪੇਸ਼ ਨਹੀਂ ਹੋਏ, ਜਿਸ ਕਾਰਨ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਜ਼ਮਾਨਤ ਰੱਦ ਕਰ ਦਿਤੀ ਸੀ। ਇਸ ਦੇ ਨਾਲ ਹੀ ਮੀਤ ਹੇਅਰ ਵਿਰੁਧ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਮੀਤ ਹੇਅਰ ਨੇ ਹਾਈ ਕੋਰਟ ਤੋਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਵਾਰੰਟ ਨੂੰ ਰੱਦ ਕਰ ਦਿਤਾ ਸੀ।
(For more Punjabi news apart from Punjab News relief to Cabinet Minister Meet Hayer, stay tuned to Rozana Spokesman)