ਚੰਦਨ ਗਰੇਵਾਲ ਘੰਟੇ ਬਾਅਦ ਹੀ ਪਲਟੇ, ਬੋਲੇ- ਮੈਂ ਕਾਂਗਰਸ ’ਚ ਸ਼ਾਮਲ ਨਹੀਂ ਹੋਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਦਨ ਗਰੇਵਾਲ ਨੇ ਕਿਹਾ ਕਿ ਉਹ ਅਜੇ ਕਾਂਗਰਸ ਵਿਚ ਸ਼ਾਮਲ ਨਹੀਂ ਹੋਏ ਹਨ ਅਤੇ ਅਪਣੇ ਸਾਥੀਆਂ ਨਾਲ ਇਸ ਬਾਰੇ ਸਲਾਹ ਮਸ਼ਵਰਾ ਕਰਕੇ ਹੀ ਫ਼ੈਸਲਾ ਲੈਣਗੇ

Chandan Grewal & Congress Leaders

ਜਲੰਧਰ: ਸ਼ਹਿਰ ਵਿਚ ਸ਼ਨਿਚਰਵਾਰ ਨੂੰ ਵੱਡਾ ਸਿਆਸੀ ਡਰਾਮਾ ਵੇਖਣ ਨੂੰ ਮਿਲਿਆ। ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਸਾਬਕਾ ‘ਆਪ’ ਨੇਤਾ ਚੰਦਨ ਗਰੇਵਾਲ ਵਲੋਂ ਕਾਂਗਰਸ ਵਿਚ ਸ਼ਾਮਲ ਹੋਣ ਦੀ ਐਲਾਨ ਕੀਤਾ ਗਿਆ। ਇਸ ਤੋਂ ਇਕ ਘੰਟੇ ਬਾਅਦ ਹੀ ਚੰਦਨ ਗਰੇਵਾਲ ਨੇ ਕਿਹਾ ਕਿ ਮੈਂ ਤਾਂ ਕਾਂਗਰਸ ਵਿਚ ਸ਼ਾਮਿਲ ਹੀ ਨਹੀਂ ਹੋਇਆ। ਚੰਦਨ ਗਰੇਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਮਿਲੇ ਹਨ ਅਤੇ ਉਨ੍ਹਾਂ ਦੇ ਸਾਹਮਣੇ ਕਾਂਗਰਸ ਵਿਚ ਵਾਲਮੀਕੀ ਸਮਾਜ ਦੇ ਨੇਤਾਵਾਂ ਦੀ ਅਣਦੇਖੀ ਦਾ ਮਾਮਲਾ ਚੁੱਕਿਆ ਹੈ।

ਚੰਦਨ ਗਰੇਵਾਲ ਨੇ ਕਿਹਾ ਕਿ ਉਹ ਅਜੇ ਕਾਂਗਰਸ ਵਿਚ ਸ਼ਾਮਲ ਨਹੀਂ ਹੋਏ ਹਨ ਅਤੇ ਅਪਣੇ ਸਾਥੀਆਂ ਨਾਲ ਇਸ ਬਾਰੇ ਸਲਾਹ ਮਸ਼ਵਰਾ ਕਰਕੇ ਹੀ ਫ਼ੈਸਲਾ ਲੈਣਗੇ। ਦਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿਚ ਚੰਦਨ ਗਰੇਵਾਲ ਨੂੰ ਪਾਰਟੀ ਵਿਚ ਸ਼ਾਮਲ ਕੀਤੇ ਜਾਣ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਅੰਮ੍ਰਿਤਸਰ ਵਿਚ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ 100 ਸਾਲ ਪੂਰੇ ਹੋਣ ਉਤੇ ਹੋਏ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਪੁੱਜੇ ਸਨ।

ਉਨ੍ਹਾਂ ਨੇ ਕਿਹਾ ਕਿ ਚੰਦਨ ਗਰੇਵਾਲ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ’ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਜੇਲ੍ਹ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਰਾਜੇਂਦਰ ਬੇਰੀ ਵੀ ਮੌਕੇ ਉਤੇ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਸਾਲ 2017 ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਕਰਤਾਰਪੁਰ ਵਿਧਾਨਸਭਾ ਖੇਤਰ ਤੋਂ ਚੋਣ ਮੈਦਾਨ ਵਿਚ ਉਤਰੇ ਸਨ। ਹਾਲਾਂਕਿ ਇੱਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਦਿਤਾ ਸੀ।