ਜਲ੍ਹਿਆਂਵਾਲੇ ਬਾਗ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮੀਨਿਕ ਐਸਕੁਇਥ ਨੇ ਵੀ ਜਲ੍ਹਿਆਂਵਾਲਾ ਬਾਗ ਵਿਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

Rahul Gandhi

ਅੰਮ੍ਰਿਤਸਰ- ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ 100 ਸਾਲ ਪੂਰੇ ਹੋ ਚੁੱਕੇ ਹਨ। ਅੱਜ ਜਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੇ 100 ਸਾਲਾ ਮੌਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਜਲ੍ਹਿਆਂਵਾਲਾ ਬਾਗ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ।  ਇਸ ਮੌਕੇ ਉਨ੍ਹਾਂ ਵੱਲੋਂ ਸ਼ਹੀਦ ਸਮਾਰਕ ਉਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।  ਇਸ ਮੌਕੇ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਹੋਰ ਪੰਜਾਬ ਦੇ ਮੰਤਰੀ ਅਤੇ ਕਾਂਗਰਸ ਆਗੂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਚੁੱਪਚਾਪ ਖੜੇ ਹੋ ਕੇ ਪ੍ਰਾਰਥਨਾ ਕੀਤੀ 

ਅਤੇ ਉਨ੍ਹਾਂ ਲੋਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਨੂੰ ਅਗਵਾਈ ਕੀਤੀ। ਇਸ ਮੌਕੇ ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਦੀ ਵਿਜ਼ਟਰ ਬੁੱਕ ਉਤੇ ਵੀ ਲਿਖਿਆ। ਇਸ ਤੋਂ ਪਹਿਲਾਂ ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮੀਨਿਕ ਐਸਕੁਇਥ ਨੇ ਵੀ ਜਲ੍ਹਿਆਂਵਾਲਾ ਬਾਗ ਵਿਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਜਲ੍ਹਿਆਂਵਾਲਾ ਬਾਗ ਦੇ ਸ਼ਤਾਬਦੀ ਦਿਵਸ ਮੌਕੇ ਸਰਕਾਰੀ ਤੌਰ ਉਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬੀਤੇ ਕੱਲ੍ਹ ਸ਼ਾਮ ਨੂੰ ਵਿਸ਼ੇਸ਼ ਕੈਂਡਲ ਲਾਈਟ ਮਾਰਚ ਕੱਢਿਆ ਗਿਆ।

ਇਸ ਸਰਕਾਰੀ ਸ਼ਰਧਾਂਜਲੀ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕਾਂਗਰਸੀ ਆਗੂ ਆਸ਼ਾ ਕੁਮਾਰੀ ਇਸ ਮੌਕੇ ਹਾਜ਼ਰ ਸਨ। ਦੱਸ ਦਈਏ ਕਿ ਅਮ੍ਰਿੰਤਸਰ ਵਿਚ 13 ਅਪ੍ਰੈਲ 1919 ਨੂੰ ਹੋਏ ਜਲ੍ਹਿਆਂਵਾਲੇ ਬਾਗ ਦੇ ਕਤਲੇਆਮ ਵਿਚ ਬ੍ਰਿਟੇਨ ਸੈਨਿਕਾਂ ਨੇ ਸ਼ਰੇਆਮ ਸ਼ਾਂਤੀਪੂਰਨ ਨੁਮਾਇਸ਼ ਕਰ ਰਹੇ ਲੋਕਾਂ ਉੱਤੇ ਗੋਲੀਆਂ ਚਲਾ ਦਿੱਤੀਆਂ ਸਨ। 

ਸਰਵੇਖਣ ਦੇ ਮੁਤਾਬਕ, ਇਸ ਕਤਲੇਆਮ ਵਿਚ 400 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਦੀ ਮੌਤ ਹੋਈ ਸੀ।  ਹਾਲਾਂਕਿ, ਭਾਰਤੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਵਿਚ 1000 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।  ਮਰਨ ਵਾਲਿਆਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਸਨ।