ਸੁਨੀਲ ਜਾਖੜ ਦੇ ਵਿਵਾਦਿਤ ਬਿਆਨ ਨੂੰ ਲੈ ਕੇ SC ਕਮਿਸ਼ਨ ਦਾ ਜਲੰਧਰ ਪੁਲਿਸ ਕਮਿਸ਼ਨਰ ਨੂੰ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'15 ਦਿਨ ਦੇ ਅੰਦਰ ਇਲਜ਼ਾਮਾਂ ਦੀ ਜਾਂਚ ਕਰ ਕੇ ਸੌਂਪੀ ਜਾਵੇ ਰਿਪੋਰਟ'

Sunil Jakhar


ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਵੀ ਉਹਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਦਰਅਸਲ ਇਕ ਇੰਟਰਵਿਊ ਦੌਰਾਨ ਸੁਨੀਲ ਜਾਖੜ ਨੇ ਜੀ-23 ਨੇਤਾਵਾਂ 'ਤੇ ਟਿੱਪਣੀ ਕੀਤੀ ਸੀ ਕਿ ਉਹਨਾਂ ਨੂੰ ਹੇਠਾਂ ਤੋਂ ਚੁੱਕ ਕੇ ਸਿਰ 'ਤੇ ਨਹੀਂ ਬਿਠਾਉਣਾ ਚਾਹੀਦਾ।

Sunil Jakhar

ਐਸਸੀ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕਮਿਸ਼ਨ ਨੇ ਸਮਾਂ ਨਿਸ਼ਚਿਤ ਕਰਦੇ ਹੋਏ ਪੁਲਿਸ ਕਮਿਸ਼ਨਰ ਨੂੰ 15 ਦਿਨਾਂ ਦੇ ਅੰਦਰ ਢੁਕਵੀਂ ਜਾਂਚ ਕਰਨ ਲਈ ਕਿਹਾ ਹੈ। ਜੇਕਰ ਜਲੰਧਰ ਪੁਲਿਸ 15 ਦਿਨਾਂ ਦੇ ਅੰਦਰ ਕਾਰਵਾਈ ਨਹੀਂ ਕਰਦੀ ਤਾਂ ਪੁਲਿਸ ਕਮਿਸ਼ਨਰ ਜਾਂ ਉਹਨਾਂ ਦੇ ਕਿਸੇ ਵੀ ਨੁਮਾਇੰਦੇ ਨੂੰ ਐਸਸੀ ਕਮਿਸ਼ਨ ਸਾਹਮਣੇ ਪੇਸ਼ ਹੋਣਾ ਪਵੇਗਾ।


Sunil Jakhar

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਪੰਜਾਬ 'ਚ ਥਾਂ-ਥਾਂ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹ ਥਾਂ-ਥਾਂ ਜਾ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੁਨੀਲ ਜਾਖੜ ਖ਼ਿਲਾਫ਼ ਕਾਰਵਾਈ ਸਬੰਧੀ ਮੰਗ ਪੱਤਰ ਦੇ ਰਹੇ ਹਨ। ਸੁਨੀਲ ਜਾਖੜ ਦੀਆਂ ਟਿੱਪਣੀਆਂ ਸਬੰਧੀ ਕਈ ਅਨੁਸੂਚਿਤ ਜਾਤੀਆਂ ਦੇ ਆਗੂਆਂ ਵਲੋਂ ਕਮਿਸ਼ਨ ਕੋਲ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਸ਼ਿਕਾਇਤਾਂ ਅਤੇ ਧਰਨੇ-ਪ੍ਰਦਰਸ਼ਨਾਂ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਹੁਣ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

Sunil Jakhar

ਹਾਲਾਂਕਿ ਸੁਨੀਲ ਜਾਖੜ ਸਪੱਸ਼ਟ ਕਰ ਚੁੱਕੇ ਹਨ ਕਿ ਉਹਨਾਂ ਦਾ ਅਜਿਹਾ ਕਹਿਣ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਕਿਹਾ ਸੀ ਕਿ ਮੈਨੂੰ ਅਫ਼ਸੋਸ ਹੈ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਜੇਕਰ ਮੇਰੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਤਾਂ ਮੈਨੂੰ ਖੇਦ ਹੈ। ਜਾਖੜ ਦਾ ਕਹਿਣਾ ਹੈ ਕਿ ਉਹਨਾਂ ਨੇ ਕਾਂਗਰਸ ਹਾਈਕਮਾਂਡ ਨੂੰ ਦਿੱਲੀ ਵਿਚ ਵਿਚਰਦੇ ਲੋਕਾਂ ਤੋਂ ਸੁਚੇਤ ਰਹਿਣ ਲਈ ਕਿਹਾ ਸੀ।