Lehragaga News : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਸ਼ਣ ਅਤੇ ਲਿਖਾਈ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨੇ
Lehragaga News : ਵਿਦਿਆਰਥੀਆਂ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਤੋਂ ਸੇਧ ਲੈਣ ਦਾ ਦਿੱਤਾ ਸੱਦਾ
Lehragaga News in Punjabi : ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਦੇ ਸਬੰਧ ਵਿੱਚ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਰਾਜਲਹੇੜੀ ਵਿਖੇ ਸ੍ਰੀ ਗੁਰੂ ਰਵਿਦਾਸ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਮੁਕਾਬਲੇ ਦੇ ਅਜੋਕੇ ਯੁੱਗ ਵਿੱਚ ਸਮੇਂ ਦਾ ਹਾਣੀ ਬਣਨ ਲਈ ਆਪਣੀ ਪ੍ਰਤਿਭਾ ਨੂੰ ਦਿਨ ਬ ਦਿਨ ਨਿਖਾਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਡਮੁੱਲੀਆਂ ਪ੍ਰਾਪਤੀਆਂ ਦਰਜ ਕਰਨ ਲਈ ਬਚਪਨ ਤੋਂ ਹੀ ਮਿਹਨਤ ਨੂੰ ਆਪਣਾ ਜ਼ਰੀਆ ਬਣਾਉਣਾ ਚਾਹੀਦਾ ਹੈ ਅਤੇ ਸਮੇਂ ਸਮੇਂ ਉੱਤੇ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੀਆਂ ਕਮੀਆਂ ਦੀ ਪਛਾਣ ਕਰਦੇ ਹੋਏ ਇਨ੍ਹਾਂ ਕਮੀਆਂ ਨੂੰ ਮੁੜ ਨਾ ਦੁਹਰਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਤੋਂ ਸੇਧ ਲੈਣ, ਜਿਨ੍ਹਾਂ ਨੇ ਗਰੀਬੀ ਵਿੱਚੋਂ ਉੱਠ ਕੇ ਆਪਣੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪੂਰੀ ਦੁਨੀਆਂ ਵਿੱਚ ਆਪਣੀ ਵਿਸ਼ੇਸ਼ ਪਛਾਣ ਸਥਾਪਿਤ ਕੀਤੀ। ਸ੍ਰੀ ਗੋਇਲ ਨੇ ਡਾ. ਅੰਬੇਦਕਰ ਦੀ ਸ਼ਾਨ ਖਿਲਾਫ ਮਾੜੀ ਸ਼ਬਦਾਵਲੀ ਬੋਲਣ ਵਾਲੇ ਗੁਰਪਤਵੰਤ ਪੰਨੂ ਨੂੰ ਕਾਇਰ ਆਖਦਿਆਂ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਵੀ ਕੀਤੀ।
ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਮੁਕਾਬਲੇ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਯਾਦਗਾਰੀ ਚਿੰਨ ਨਾਲ ਸਨਮਾਨਿਤ ਵੀ ਕੀਤਾ। ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਵਿੱਚ ਨਵੇਂ ਬਣ ਰਹੇ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਵੀ ਲਿਆ।
ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ, ਪੀਏ ਰਾਕੇਸ਼ ਕੁਮਾਰ ਗੁਪਤਾ, ਮੈਂਬਰ ਲਖਬੀਰ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਬੀਰਵਾਲ ਸਿੰਘ, ਰਾਜਵੀਰ ਸਿੰਘ, ਮਨਪ੍ਰੀਤ ਸਿੰਘ, ਬਲਾਕ ਪ੍ਰਧਾਨ ਕਰਮਜੀਤ ਸਿੰਘ, ਬਲਾਕ ਪ੍ਰਧਾਨ ਚਮਕੌਰ ਸਿੰਘ, ਮੰਗਾ ਸਿੰਘ ਤੋਂ ਇਲਾਵਾ ਹੋਰ ਵਰਕਰ ਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।
(For more news apart from Cabinet Minister Barinder Kumar Goyal felicitated winning students speech and writing competitions News in Punjabi, stay tuned to Rozana Spokesman)