ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗੇ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ 2.8 ਕਿਲੋਗ੍ਰਾਮ ਧਮਾਕਾਖੇਜ ਸਮੱਗਰੀ ਹੋਈ ਬਰਾਮਦ
ਜਰਮਨੀ-ਅਧਾਰਤ ਗੋਲਡੀ ਢਿੱਲੋਂ ਦੇ ਇਸ਼ਾਰੇ 'ਤੇ ਕਰਦੇ ਸਨ ਕੰਮ, NIA ਨੇ ਗੋਲਡੀ ਢਿੱਲੋਂ 'ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਹੋਇਆ
ਪੰਜਾਬ ਪੁਲਿਸ ਦੀ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਜਰਮਨੀ ਸਥਿਤ ਅਤਿਵਾਦੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਮਾਡਿਊਲ ਦੇ ਦੋ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 2.8 ਕਿਲੋਗ੍ਰਾਮ ਆਈਈਡੀ (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਕੀਤਾ, ਜਿਸ ਵਿੱਚ 1.6 ਕਿਲੋਗ੍ਰਾਮ ਆਰਡੀਐਕਸ ਅਤੇ 1 ਰਿਮੋਟ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ, ਜੇਲ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਉਨ੍ਹਾਂ ਦਾ ਸਬੰਧ ਵੀ ਸਾਹਮਣੇ ਆਇਆ ਹੈ। ਡੀਜੀਪੀ ਪੰਜਾਬ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਦੋਵੇਂ ਮੁਲਜ਼ਮ ਇਸ ਸਮੇਂ ਪੁਲਿਸ ਰਿਮਾਂਡ 'ਤੇ ਹਨ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਵਿਚ ਲਿਖਿਆ ਕਿ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਜਰਮਨੀ ਸਥਿਤ ਅਤਿਵਾਦੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਅਤਿਵਾਦੀ ਮਾਡਿਊਲ ਦੇ ਮੁੱਖ ਸਰਗਨਾ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਗੋਲਡੀ ਢਿੱਲੋਂ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ - ਪਾਕਿਸਤਾਨ ਦੀ ਆਈਐਸਆਈ ਦੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਰਮਨੀ ਵਿੱਚ ਬੈਠੇ ਗੋਲਡੀ ਢਿੱਲੋਂ 'ਤੇ ਐਨਆਈਏ ਵੱਲੋਂ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਇਸ ਮਾਮਲੇ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਯੂਨਿਟ (SSOC) ਮੋਹਾਲੀ ਵਿਖੇ ਵਿਸਫੋਟਕ ਐਕਟ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਅਤਿਵਾਦੀ ਗਤੀਵਿਧੀਆਂ ਦੇ ਸੰਬੰਧ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਹੈ।