ਬਲੈਕਮੇਲ ਕਰ ਕੇ ਔਰਤ ਨਾਲ ਬਲਾਤਕਾਰ ਕਰਨ ਵਾਲੇ ASI ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
ਏ. ਐਸ. ਆਈ. ਗੁਰਵਿੰਦਰ ਸਿੰਘ ਨੇ ਬੀਤੀ ਰਾਤ ਥਾਣੇ ਵਿਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਬਠਿੰਡਾ: ਜ਼ਿਲ੍ਹੇ ਦੇ ਪਿੰਡ ਬਾਠ ਵਿਚ ਇਕ ਵਿਧਵਾ ਔਰਤ ਨੂੰ ਬਲੈਕਮੇਲ ਕਰਕੇ ਜਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਬਰਖ਼ਾਸਤ ਕੀਤੇ ਸੀ. ਆਈ. ਏ. ਸਟਾਫ ਵਨ ਦੇ ਏ. ਐਸ. ਆਈ. ਗੁਰਵਿੰਦਰ ਸਿੰਘ ਨੇ ਬੀਤੀ ਰਾਤ ਥਾਣੇ ਵਿਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਮਿਲੀ ਜਾਣਕਾਰੀ ਮੁਤਾਬਕ ਏਐਸਆਈ ਨੇ ਕਿਸੇ ਤਿੱਖੀ ਚੀਜ਼ ਨਾਲ ਗਰਦਨ ਅਤੇ ਹੱਥ ’ਤੇ ਹਮਲਾ ਕਰਕੇ ਖੁਦ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਨੂੰ ਜ਼ਖਮੀ ਹਾਲਤ ਵਿਚ ਤੁਰੰਤ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ। ਦਰਅਸਲ ਬੀਤੇ ਦਿਨ ਬਠਿੰਡਾ ਪੁਲਿਸ ਦੇ ਸਹਾਇਕ ਥਾਣੇਦਾਰ ਨੂੰ ਪਿੰਡ ਵਾਸੀਆਂ ਵਲੋਂ ਇਕ ਵਿਧਵਾ ਨਾਲ ਬਲਾਤਕਾਰ ਕਰਦਿਆਂ ਰੰਗੇ ਹੱਥੀਂ ਫੜਿਆ ਗਿਆ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐੱਸ. ਐੱਸ. ਪੀ. ਬਠਿੰਡਾ ਭੁਪਿੰਦਰ ਅਜੀਤ ਸਿੰਘ ਵਿਰਕ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਏ. ਐੱਸ. ਆਈ. ਨੂੰ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ। ਐੱਸ. ਐੱਸ. ਪੀ. ਨੇ ਦੱਸਿਆ ਕਿ ਬਠਿੰਡਾ ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਗੁਰਵਿੰਦਰ ਸਿੰਘ ਦੀ ਸ਼ਰਮਨਾਕ ਹਰਕਤ ਸਾਹਮਣੇ ਆਉਣ ਤੋਂ ਬਾਅਦ ਉਸ ਖ਼ਿਲਾਫ਼ 376 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੀੜਤ ਵਿਧਵਾ ਦੇ ਪੁੱਤਰ ’ਤੇ ਜਿਹੜਾ ਮਾਮਲਾ ਦਰਜ ਕੀਤਾ ਗਿਆ ਹੈ, ਉਸ ਦੀ ਜਾਂਚ ਲਈ ਐੱਸ. ਆਈ. ਟੀ. ਗਠਿਤ ਕੀਤੀ ਗਈ ਹੈ, ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ, ਜੇਕਰ ਮਾਮਲੇ ਵਿਚ ਮੁਲਜ਼ਮ ਪੁਲਿਸ ਮੁਲਾਜ਼ਮ ਹੋਰ ਦੋਸ਼ੀ ਪਾਇਆ ਗਿਆ ਤਾਂ ਉਕਤ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।