ਅਮਿਤਾਭ ਬੱਚਨ ਤੋਂ ਮਦਦ ਲੈਣ ਕਰਕੇ ਸਿੱਖਾਂ ਦੇ ਜ਼ਖ਼ਮ ਹਰੇ ਹੋਏ: ਭਾਈ ਰਣਜੀਤ ਸਿੰਘ
ਅਮਿਤਾਭ ਬੱਚਨ ਵਲੋਂ ਦਾਨ ਕੀਤੀ ਗਈ 2 ਕਰੋੜ ਦੀ ਰਕਮ ਨੂੰ ਸਵੀਕਾਰ ਕਰਨ ਤੋਂ ਬਾਅਦ ਸਿੱਖਾਂ ਵਿਚ ਭਾਰੀ ਰੋਸ
ਸ੍ਰੀ ਫ਼ਤਿਹਗੜ੍ਹ ਸਾਹਿਬ (ਪਰਮਿੰਦਰ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਕੋਰੋਨਾ ਕੇਅਰ ਸੈਂਟਰ ਲਈ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਵਲੋਂ ਦਾਨ ਕੀਤੀ ਗਈ 2 ਕਰੋੜ ਦੀ ਰਕਮ ਨੂੰ ਸਵੀਕਾਰ ਕਰਨ ਤੋਂ ਬਾਅਦ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਅਮਿਤਾਭ ਬੱਚਨ ਤੋਂ ਮਦਦ ਲੈਣ ਨਾਲ ਸਿੱਖਾਂ ਦੇ ਜ਼ਖ਼ਮ ਹਰੇ ਹੋਏ ਹਨ।
ਦਰਅਸਲ ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿਚ ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਬਾਦਲ ਵੱਲੋਂ ਚੋਣਾਂ ਦੌਰਾਨ ਹਮੇਸ਼ਾਂ ਹੀ 1984 ਸਿੱਖ ਕਤਲੇਆਮ ਦੀਆਂ ਗੱਲਾਂ ਕਰ ਕੇ ਪੰਥ ਦੇ ਹਿਤੈਸ਼ੀ ਹੋਣ ਦੀ ਗੱਲ ਆਖ ਕੇ ਵੋਟਾਂ ਮੰਗੀਆਂ ਜਾਂਦੀਆਂ ਹਨ ਪਰ ਅੱਜ ਜਦੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਏ ਗਏ ਕੋਰੋਨਾ ਸੈਂਟਰ ਲਈ 1984 ਸਿੱਖ ਕਤਲੇਆਮ ਦੌਰਾਨ ਸਿੱਖਾਂ ਬਾਰੇ ਕੂੜ ਪ੍ਰਚਾਰ ਕਰਨ ਵਾਲੇ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਤੋਂ ਦੋ ਕਰੋੜ ਦੀ ਮਦਦ ਲੈਣਾ ਅਤੇ ਬਾਦਲ ਵੱਲੋਂ ਅਮਿਤਾਭ ਬੱਚਨ ਦੀ ਉਸਤਤਿ ਕਰਨ ਨਾਲ ਅਕਾਲੀ ਦਲ ਬਾਦਲ ਦਾ ਘਿਨੌਣਾ ਚਿਹਰਾ ਸਿੱਖ ਸੰਗਤ ਸਾਹਮਣੇ ਨੰਗਾ ਹੋਇਆ ਹੈ।
ਉਹਨਾਂ ਕਿਹਾ ਕਿ ਇਹ ਮਦਦ ਲੈਣ ਨਾਲ ਸਿੱਖਾਂ ਦੇ ਜ਼ਖ਼ਮ ਵੀ ਹਰੇ ਹੋਏ ਹਨ। ਇਸ ਤੋਂ ਇਲਾਵਾ ਭਾਈ ਰਣਜੀਤ ਸਿੰਘ ਨੇ ਬੇਅਦਬੀ ਮਾਮਲਿਆਂ ਸਬੰਧੀ ਜਾਂਚ ਲਈ ਬਣਾਈ ਸਿੱਟ ਤੇ ਬੋਲਦਿਆਂ ਕਿਹਾ ਕਿ ਇਹ ਸਿੱਟ ਬਾਦਲ ਪਰਿਵਾਰ ਨੂੰ ਬਚਾਉਣ ਲਈ ਬਣਾਈ ਗਈ ਹੈ ਜਦਕਿ ਦੋਸ਼ੀਆਂ ਦੀ ਪਛਾਣ ਪਹਿਲਾਂ ਹੀ ਹੋ ਚੁੱਕੀ ਹੈ।
ਉਹਨਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਉਹਨਾਂ ਨੂੰ ਕਾਂਗਰਸ ਪਾਰਟੀ ਦਾ ਏਜੰਟ ਕਿਹਾ ਗਿਆ ਹੈ ਪਰ ਅੱਜ ਬਾਦਲ ਪਰਿਵਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹਨਾਂ ਦੇ ਸਬੰਧ ਕਾਂਗਰਸ ਪਾਰਟੀ ਨਾਲ ਸ਼ੁਰੂ ਤੋਂ ਹੀ ਹਨ। ਬਾਦਲ ਪਰਿਵਾਰ ਆਪਣੇ ਖਾਣ ਵਾਲੇ ਦੰਦ ਹੋਰ ਅਤੇ ਦਿਖਾਉਣ ਵਾਲੇ ਦੰਦ ਹੋਰ ਵਿਖਾ ਕੇ ਕੌਮ ਨੂੰ ਗੁੰਮਰਾਹ ਕਰ ਰਹੇ ਹਨ। ਇਸ ਮੌਕੇ ਸਾਬਕਾ ਜਥੇਦਾਰ ਨੇ ਕੇਂਦਰ ਸਰਕਾਰ ਨੂੰ ਕਿਸਾਨੀ ਮਸਲਾ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।