ਵੈਂਟੀਲੇਟਰਾਂ ਦੀ ਅਣਹੋਂਦ ਕਾਰਨ ਹੋਈਆਂ ਮੌਤਾਂ ਲਈ ਕੈਪਟਨ ਤੇ ਉਨ੍ਹਾਂ ਦੇ ਮੰਤਰੀ ਜ਼ਿੰਮੇਵਾਰ : ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁਲਤਾਰ ਸੰਧਵਾਂ ਨੇ ਕੀਤੀ ਮਾਮਲਾ ਦਰਜ ਕਰਨ ਦੀ ਮੰਗ

Kultar Singh Sandhwan

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੀ.ਐਮ ਕੇਅਰ ਫੰਡ ਰਾਹੀਂ ਖ਼ਰੀਦੇ ਗਏ ਮਾੜੇ ਵੈਂਟੀਲੇਟਰਾਂ ’ਤੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਕੈਪਟਨ ਸਰਕਾਰ ਰਾਜਨੀਤੀ ਕਰ ਰਹੀਆਂ ਹਨ, ਜਦੋਂ ਕਿ ਦੇਸ਼ ਦੇ ਲੋਕ ਕੋਰੋਨਾ ਕਾਰਨ ਵੱਡੀ ਗਿਣਤੀ ਵਿੱਚ ਮਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੈਂਟੀਲੇਟਰਾਂ ਅਤੇ ਹੋਰ ਸਿਹਤ ਸੇਵਾਵਾਂ ਦੀਆਂ ਅਣਹੋਂਦ ਕਰਨ  ਹੋਈਆਂ ਮੌਤਾਂ ਲਈ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਸਾਰਿਆਂ ਖ਼ਿਲਾਫ਼ ਦਫ਼ਾ 302 ਦੇ ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ।   

ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ’ਤੇ ਇੱਕ ਪ੍ਰੈਸ ਮਿਲਣੀ ਦੌਰਾਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ’ਚ ਕੋਰੋਨਾ ਪੀੜਤਾਂ ਦੀਆਂ ਮੌਤਾਂ ਵੈਂਟੀਲੇਟਰਾਂ ਦੀ ਅਣਹੋਂਦ ਕਾਰਨ ਹੋ ਰਹੀਆਂ ਹਨ, ਜਿਨ੍ਹਾਂ ਦਾ ਪ੍ਰਬੰਧ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਰਨਾ ਸੀ। ਵਿਧਾਇਕ ਸੰਧਵਾਂ ਨੇ ਕਿਹਾ ਕਿ ਪੀ.ਐਮ ਕੇਅਰ ਫੰਡ ਰਾਹੀਂ ਭੇਜੇ ਮਾੜੀ ਕੁਆਲਿਟੀ ਵਾਲੇ ਵੈਂਟੀਲੇਟਰਾਂ ਖ਼ਿਲਾਫ਼ ਉਨ੍ਹਾਂ 8 ਸਤੰਬਰ 2020 ਨੂੰ ਪੰਜਾਬ ਸਰਕਾਰ ਤੱਕ ਗੱਲ ਪਹੁੰਚਾਈ ਸੀ ਅਤੇ 5 ਮਾਰਚ 2021 ਨੂੰ ਬਾਬਾ ਫਰੀਦ ਮੈਡੀਕਲ ਕਾਲਜ ਵਿੱਚ ਹੋਈ ਉਚ ਪੱਧਰੀ ਮੀਟਿੰਗ ਵਿੱਚ ਵੀ ਇਹ ਮਾਮਲਾ ਰੱਖਿਆ ਗਿਆ ਸੀ

ਜਿਸ ਵਿੱਚ ਮੈਡੀਕਲ ਸਿੱਖਿਆ ਮੰਤਰੀ ਓ.ਪੀ ਸੋਨੀ ਸਮੇਤ ਵਿਭਾਗ ਦੇ ਸਕੱਤਰ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹੀ ਜਦੋਂ ਮੈਡੀਕਲ ਕਾਲਜ ਵਿੱਚ ਪਏ 14 ਵੈਂਟੀਲੇਟਰਾਂ ਬਾਰੇ ਗੱਲ ਕੀਤੀ ਗਈ ਸੀ ਤਾਂ ਦੱਸਿਆ ਗਿਆ ਕਿ ਇਹ ਵੈਂਟੀਲੇਟਰ ਸਹੀ ਕੰਮ ਨਹੀਂ ਕਰਦੇ, ਇਸ ਲਈ ਇਨ੍ਹਾਂ ਦੀ ਵਰਤੋਂ ਨਹੀਂ ਕੀਤੀ ਜਾ ਰਹੀ।

ਸੰਧਵਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਸਮੇਂ ਸਮੇਂ ’ਤੇ ਵੈਂਟੀਲੇਟਰਾਂ ਦਾ ਮੁੱਦਾ ਉਠਾਇਆ ਗਿਆ, ਪਰ ਪੰਜਾਬ ਸਰਕਾਰ ਨੇ ਵੈਂਟੀਲੇਟਰਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਅਤੇ ਅੱਜ ਜਦੋਂ ਵੈਂਟੀਲੇਟਰਾਂ ਦੀ ਘਾਟ ਕਾਰਨ ਨੌਜਵਾਨ ਅਤੇ ਬਜੁਰਗ ਮਰ ਰਹੇ ਹਨ ਤਾਂ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਕੇਂਦਰ ਵੱਲੋਂ ਭੇਜੇ ਵੈਂਟੀਲੇਟਰਾਂ ਨੂੰ ਠੀਕ ਕਰਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਵੈਂਟੀਲੇਟਰਾਂ ਨੂੰ ਠੀਕ ਕਰਾਉਣ ਦੀ ਥਾਂ ਸਰਕਾਰ ਨਵੇਂ ਅਤੇ ਚੰਗੀ ਕੁਆਲਿਟੀ ਦੇ ਵੈਂਟੀਲੇਟਰਾਂ ਦਾ ਪ੍ਰਬੰਧ ਕਰੇ। ਸੰਧਵਾਂ ਨੇ ਸੂਬੇ ਦੇ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ਼ ਦਾ ਪੱਖ ਪੂਰਦਿਆਂ ਕਿਹਾ ਕਿ ਇਹ ਸਭ ਮਹਾਮਾਰੀ ਵਿੱਚ ਲੋਕਾਂ ਦੀ ਜਾਨ ਬਚਾਉਣ ਲਈ ਦਿਨ ਰਾਤ ਕੰਮ ਕਰ ਰਹੇ ਹਨ, ਇਸ ਲਈ ਸਰਕਾਰ ਕਿਸੇ ਵੀ ਡਾਕਟਰ ਜਾਂ ਹੋਰ ਸਟਾਫ਼ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਕੋਸ਼ਿਸ਼ ਨਾ ਕਰੇ। 

ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਕਿ ਦੇਸ਼ ਭਰ ’ਚ ਪੀ.ਐਮ ਕੇਅਰ ਫੰਡ ਰਾਹੀਂ ਘਟੀਆ ਕਿਸਮ ਦੇ ਵੈਂਟੀਲੇਟਰ ਖ਼ਰੀਦੇ ਜਾਣ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਅਤੇ ਪੀ.ਐਮ ਕੇਅਰ ਫੰਡ ਰਾਹੀਂ ਕੰਪਨੀਆਂ ਨਾਲ ਘੁਟਾਲਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ। ਸੰਧਵਾਂ ਨੇ ਦੋਸ਼ ਲਾਇਆ ਕਿ ਪੰਜਾਬ ਦੇ ਲੋਕ ਕੋਰੋਨਾ ਨਾਲ ਤਰਸਤ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਗ਼ਾਂ ਵਿੱਚ ਮਸਤ ਹਨ।

ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕਰਨਾ ਕੈਪਟਨ ਅਮਰਿੰਦਰ ਸਿੰਘ ਦੀ ਤਰਜੀਹ ਵਿੱਚ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਅੰਮ੍ਰਿਤ ਫਾਰਮੇਸੀ ਰਾਹੀਂ ਵੀ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਸਰਬਤ ਸਿਹਤ ਬੀਮਾ ਯੋਜਨਾ ਸਕੀਮ ਰਾਹੀਂ ਵੀ ਵੱਡਾ ਘੁਟਾਲਾ ਕੀਤਾ ਜਾ ਰਿਹਾ ਹੈ। ਸੰਧਵਾਂ ਨੇ ਮੰਗ ਕੀਤੀ ਕਿ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਦੀਆਂ ਮੁੱਲ ਸੂਚੀਆਂ ਲਾਈਆਂ ਜਾਣ ਤਾਂ ਜੋ ਲੋਕਾਂ ਨੂੰ ਆਰਥਿਕ ਲੁੱਟ ਤੋਂ ਬਚਾਇਆ ਜਾਵੇ।