ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਦਾ ਪ੍ਰਦਰਸ਼ਨ, ਕਿਹਾ- ਹਾਲਾਤ ਨਾ ਸੁਧਾਰੇ ਤਾਂ ਕਰਾਂਗੇ ਸੰਘਰਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕੀਤੀ। ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

BJP Protest


ਚੰਡੀਗੜ੍ਹ: ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਭਾਜਪਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੇ ਚਲਦਿਆਂ ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਘੰਟਾਘਰ ਨੇੜੇ ਭਾਜਪਾ ਵਰਕਰਾਂ ਨੇ ਇਕੱਠੇ ਹੋ ਕੇ ਪੁਤਲਾ ਫੂਕਿਆ ਅਤੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਲੁਧਿਆਣਾ ਡੀਸੀ ਸੁਰਭੀ ਮਲਿਕ ਨੇ 31 ਜੁਲਾਈ ਤੱਕ ਧਾਰਾ 144 ਲਾਗੂ ਕਰ ਦਿੱਤੀ ਹੈ।

BJP Protest

ਇਸ ਤਹਿਤ ਸ਼ਹਿਰ ਵਿਚ 5 ਜਾਂ 5 ਤੋਂ ਵੱਧ ਲੋਕ ਕਿਤੇ ਵੀ ਇਕੱਠੇ ਨਹੀਂ ਹੋ ਸਕਦੇ। ਧਾਰਾ 144 ਲਾਗੂ ਹੋਣ ਦੇ ਬਾਵਜੂਦ ਭਾਜਪਾ ਵਰਕਰਾਂ ਨੇ ਪ੍ਰਦਰਸ਼ਨ ਕੀਤਾ।ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕੀਤੀ। ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਅਤੇ ਸੂਬਾ ਭਾਜਪਾ ਮੀਤ ਪ੍ਰਧਾਨ ਪ੍ਰਵੀਨ ਬਾਂਸਲ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਵਿਗੜ ਚੁੱਕੇ ਹਨ। ਹਰ ਰੋਜ਼ ਕਿਤੇ ਨਾ ਕਿਤੇ ਗੋਲੀਆਂ ਚੱਲ ਰਹੀਆਂ ਹਨ।

ਉਹਨਾਂ ਕਿਹਾ ਕਿ ਉਹ ਰਾਜਪਾਲ ਤੋਂ ਮੰਗ ਕਰਦੇ ਹਨ ਕਿ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇ। ਪੰਜਾਬ ਪਹਿਲਾਂ ਹੀ ਬਹੁਤ ਨੁਕਸਾਨ ਸਹਿ ਚੁੱਕਿਆ ਹੈ। ਪੰਜਾਬ ਦੇ ਲੋਕ ਅਜਿਹਾ ਬਦਲਾਅ ਨਹੀਂ ਚਾਹੁੰਦੇ ਸਨ। ਪੰਜਾਬ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨੂੰ ਪਸੰਦ ਕਰਦੇ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। 'ਆਪ' ਸਰਕਾਰ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ।

BJP Protest

ਉਹਨਾਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ਵਿਚ ਭਾਜਪਾ ਦੀ ਜ਼ਬਰਦਸਤ ਜਿੱਤ ਹੋਵੇਗੀ। ਪੰਜਾਬ ਵਿਚ ਜੇਕਰ ਕੋਈ ਵਿਕਾਸ ਕਰਵਾ ਸਕਦਾ ਹੈ ਤਾਂ ਉਹ ਸਿਰਫ਼ ਭਾਜਪਾ ਹੈ। ਭਾਜਪਾ ਦੇ ਵਰਕਰ ਹਮੇਸ਼ਾ ਦੇਸ਼ ਦੇ ਹਿੱਤ ਵਿਚ ਕੰਮ ਕਰਦੇ ਹਨ। ਜੇਕਰ ਸਰਕਾਰ ਨੇ ਸਮੇਂ ਸਿਰ ਪੰਜਾਬ ਦੇ ਹਾਲਾਤ ਨਾ ਸੁਧਾਰੇ ਤਾਂ ਭਾਜਪਾ ਸੰਘਰਸ਼ ਕਰੇਗੀ। ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।