Punjab News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਤੇ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

Punjab BJP president Sunil Jakhar wrote a letter to PM Modi

 

Punjab News: ਚੰਡੀਗੜ੍ਹ - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ ਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ।

ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ ਜਿਨ੍ਹਾਂ ਦਾ ਲੋਕਾਂ ਦੇ ਮਨਾਂ 'ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ। ਸੁਨੀਲ ਜਾਖੜ ਨੇ ਲਿਖਿਆ ਹੈ ਕਿ ਮਹਾਨ ਗੁਰੂ ਭਗਤ ਰਵਿਦਾਸ ਜੀ ਦੇ ਨਾਂਅ ਤੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ।

ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੁਬਾਰਾ ਬਣਾਇਆ ਜਾ ਰਿਹਾ ਹੈ, ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ ਦੁਆਲੇ ਦੇ ਖੇਤਰਾਂ ਨੂੰ ਇੱਕ ਵਾਟਿਕਾ (ਬਾਗ) ਵਿੱਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ। ਇਹ ਹਰ ਵਰਗ ਦੇ ਲੋਕਾਂ ਨੂੰ ਸਤਿਕਾਰਯੋਗ ਗੁਰੂ ਰਵਿਦਾਸ ਜੀ ਦੇ ਸਮਾਨਤਾਵਾਦੀ ਫਲਸਫੇ ਨਾਲ ਜੋੜਣ ਵਿਚ ਸਹਾਇਕ ਸਿੱਧ ਹੋਵੇਗਾ। ਪ੍ਰਧਾਨ ਮੰਤਰੀ ਨੂੰ ਸੰਬੋਧਨ ਚਿੱਠੀ ਵਿਚ ੳਨ੍ਹਾਂ ਲਿਖਿਆ ਹੈ ਕਿ ਇਹ ਗੁਰੂ ਰਵਿਦਾਸ ਜੀ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸਾਰੇ ਧਰਮਾਂ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੇ ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗਾ।