ਚੰਡੀਗੜ੍ਹ ਸਾਡਾ ਸੀ, ਸਾਡਾ ਹੈ ਸਾਡਾ ਹੀ ਰਹੇਗਾ : ਮਲਵਿੰਦਰ ਸਿੰਘ ਕੰਗ

ਏਜੰਸੀ

ਖ਼ਬਰਾਂ, ਪੰਜਾਬ

ਚੰਡੀਗੜ੍ਹ ਸਾਡਾ ਸੀ, ਸਾਡਾ ਹੈ ਸਾਡਾ ਹੀ ਰਹੇਗਾ : ਮਲਵਿੰਦਰ ਸਿੰਘ ਕੰਗ

image

 

ਕਿਹਾ, ਸੱਤਾ 'ਚ ਰਹਿੰਦਿਆਂ ਅਕਾਲੀ-ਭਾਜਪਾ ਤੇ ਕਾਂਗਰਸ ਨੇ ਪੰਜਾਬ ਦੀ ਪਿੱਠ 'ਚ ਮਾਰਿਆ ਛੁਰਾ

ਚੰਡੀਗੜ੍ਹ, 12 ਜੁਲਾਈ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਦੇ ਮੁੱਦੇ ਉਤੇ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ  ਘੇਰਦਿਆਂ ਕਿਹਾ ਹੈ ਕਿ ਪੰਜਾਬ ਅਤੇ ਕੇਂਦਰ ਦੀ ਸੱਤਾ ਵਿਚ ਰਹਿੰਦੇ ਹੋਏ ਦੋਵੇਂ ਪਾਰਟੀਆਂ ਨੂੰ  ਚੰਡੀਗੜ੍ਹ ਦੀ ਕਦੇ ਵੀ ਯਾਦ ਨਹੀਂ ਆਈ | ਜਦੋਂ ਸੱਤਾ ਵਿਚੋਂ ਬਾਹਰ ਹੋ ਜਾਂਦੇ ਹਨ ਤਾਂ ਚੰਡੀਗੜ੍ਹ ਤੇ ਪੰਜਾਬ ਦੇ ਹੋਰ ਮੁੱਦੇ ਇਨ੍ਹਾਂ ਨੂੰ  ਯਾਦ ਆ ਜਾਂਦੇ ਹਨ |
ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੱਤਾ ਦੇ ਨਸ਼ੇ ਵਿਚ ਕਦੇ ਵੀ ਪੰਜਾਬ ਦੇ ਹੱਕਾਂ ਦਾ ਖ਼ਿਆਲ ਨਹੀਂ ਰਖਿਆ ਤੇ ਕਦੇ ਵੀ ਸੱਤਾ ਵਿਚ ਰਹਿੰਦੇ ਹੋਏ ਚੰਡੀਗੜ੍ਹ ਦੀ ਗੱਲ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਹਮੇਸ਼ਾ ਰਹੇਗਾ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ  ਪੰਜਾਬ ਦੀ ਰਾਜਧਾਨੀ ਬਣਾਉਣ ਲਈ ਪੰਜਾਬ ਦੇ ਪਿੰਡਾਂ ਨੂੰ  ਉਜਾੜ ਕੇ ਵਸਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੰਡੀਗੜ੍ਹ ਉਤੇ ਪੰਜਾਬ ਦੇ ਹੱਕ ਦੀ ਲੜਾਈ ਨੂੰ  ਹਰ ਪੱਧਰ ਉਤੇ ਲੜੇਗੀ | ਭਗਵੰਤ ਮਾਨ ਸਰਕਾਰ ਕਿਸੇ ਵੀ ਕੀਮਤ ਉਤੇ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ  ਕਮਜ਼ੋਰ ਨਹੀਂ ਹੋਣ ਦੇਵੇਗੀ | ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੂੰ  ਵੀ ਅਪੀਲ ਕੀਤੀ ਕਿ ਉਹ ਪੰਜਾਬ
ਦੇ ਲੋਕਾਂ ਦੇ ਹੱਕਾਂ ਦਾ ਸਨਮਾਨ ਕਰੇ, ਨਾ ਕਿ ਚੰਡੀਗੜ੍ਹ ਦੇ ਮਸਲੇ ਨੂੰ  ਹੋਰ ਵਧਾਵਾ ਦੇਵੇ | ਕੰਗ ਨੇ ਵਿਰੋਧੀ ਪਾਰਟੀਆਂ ਉਤੇ ਸਵਾਲ ਚੁਕਦੇ ਹੋਏ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਪੰਜਾਬ ਦਾ ਹੱਕ ਕਮਜ਼ੋਰ ਕਰਨ ਦਾ ਦੋਸ਼ ਲਗਾ ਰਹੇ ਹਨ, ਪਰ ਸੂਬੇ ਦੇ ਸਰਕਾਰੀ ਦਫ਼ਤਰਾਂ ਨੂੰ  ਬਾਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਚੰਡੀਗੜ੍ਹ ਤੋਂ ਮੋਹਾਲੀ ਤਬਦੀਲ ਕਿਉਂ ਕੀਤਾ? ਬਾਦਲ ਸਰਕਾਰ ਸਮੇਂ ਨਿਊ ਚੰਡੀਗੜ੍ਹ ਕਿਉਂ ਵਸਾਇਆ ਗਿਆ? ਦਰਅਸਲ, ਚੰਡੀਗੜ੍ਹ ਉਤੇ ਪੰਜਾਬ ਦਾ ਅਧਿਕਾਰ ਇਨ੍ਹਾਂ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਹੀ ਕਮਜ਼ੋਰ ਕੀਤਾ ਹੈ | ਪ੍ਰੈਸ ਕਾਨਫ਼ਰੰਸ ਦੌਰਾਨ 'ਆਪ' ਆਗੂ ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਜਗਤਾਰ ਸਿੰਘ ਸੰਘੇੜਾ ਵੀ ਹਾਜ਼ਰ ਸਨ |  
ਫ਼ੋਟੋ ਵੀ ਹੈ