ਨਵਜੋਤ ਸਿੱਧੂ ਵਲੋਂ ਇਮਰਾਨ ਦੇ ਸਮਾਗਮ 'ਚ ਜਾਣ ਦੀ ਤਿਆਰੀ, ਪਾਕਿ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੁਲਾਕਾਤ ਕੀਤੀ। ਦਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ...

Navjot Singh Sidhu

ਨਵੀਂ ਦਿੱਲੀ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੁਲਾਕਾਤ ਕੀਤੀ। ਦਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਇਮਰਾਨ ਖ਼ਾਨ ਨੇ ਭਾਰਤ ਵਿਚੋਂ ਕੁੱਝ ਸਾਬਕਾ ਕ੍ਰਿਕਟ ਖਿਡਾਰੀਆਂ ਨੂੰ ਅਪਣੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਹੈ, ਜਿਨ੍ਹਾਂ ਵਿਚ ਨਵਜੋਤ ਸਿੰਘ ਸਿੱਧੂ ਦਾ ਨਾਮ ਵੀ ਸ਼ਾਮਲ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖ਼ਾਨ ਦੇ ਇਸ ਸੱਦੇ ਨੂੰ ਸਵੀਕਾਰ ਕੀਤਾ ਹੈ।

ਜਾਣਕਾਰੀ ਅਨੁਸਾਰ ਪਾਕਿਸਤਾਨ ਵਲੋਂ ਆਏ ਇਸ ਸੱਦੇ ਨੂੰ ਅਮਲੀਜਾਮਾ ਪਹਿਣਾਉਣ ਲਈ ਸਿੱਧੂ ਆਪਣੀ ਵੀਜ਼ਾ ਪ੍ਰਣਾਲੀ ਅਤੇ ਗੁਆਂਢੀ ਮੁਲਕ ਦੇ ਉੱਚ ਅਧਿਕਾਰੀਆਂ ਨੂੰ ਮਿਲਣ ਲਈ ਲਈ ਦਿੱਲੀ ਸਥਿਤ ਪਾਕਿਤਸਾਨ ਹਾਈ ਕਮਿਸ਼ਨ ਪਹੁੰਚੇ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸਾਬਕਾ ਕ੍ਰਿਕਟਰ ਇਮਰਾਨ ਖ਼ਾਨ 18 ਅਗਸਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।

ਇਸ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਨਵਜੋਤ ਸਿੱਧੂ ਸਮੇਤ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਅਤੇ ਸੁਨੀਲ ਗਵਾਸਕਰ ਨੂੰ ਇਮਰਾਨ ਖ਼ਾਨ ਵਲੋਂ ਵਿਸ਼ੇਸ਼ ਤੌਰ 'ਤੇ ਸੱਦਿਆ ਗਿਆ ਹੈ। ਇਮਰਾਨ ਖ਼ਾਨ ਨੇ ਸਿਰਫ਼ ਸੱਦਾ ਪੱਤਰ ਹੀ ਨਹੀਂ ਬਲਕਿ ਨਵਜੋਤ ਸਿੰਘ ਸਿੱਧੂ ਨੂੰ ਫੋਨ ਵੀ ਕੀਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਪਾਕਿਸਤਾਨ ਤਹਿਰੀਕੇ ਏ ਇਨਸਾਫ਼ ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਇਕ ਸਾਬਕਾ ਕ੍ਰਿਕਟਰ ਹਨ, ਜਿਨ੍ਹਾਂ ਦੀ ਅਗਵਾਈ ਵਿਚ ਪਾਕਿਸਤਾਨ ਨੇ ਇਕਲੌਤਾ ਵਿਸ਼ਵ ਕੱਪ ਜਿੱਤਿਆ ਸੀ।

ਇਮਰਾਨ ਖ਼ਾਨ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਸਿਆਸੀ ਸਫ਼ਰ ਸ਼ੁਰੂ ਕਰ ਲਿਆ ਸੀ। ਹੁਣ ਕੁੱਝ ਦਿਨ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਵਜੋਂ ਉਭਰੀ ਹੈ। ਪਾਰਟੀ ਵਲੋਂ ਉਹ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਸਨ। ਇਮਰਾਨ ਖ਼ਾਨ ਵਲੋਂ ਭਾਰਤ ਦੀਆਂ ਕੁੱਝ ਹਸਤੀਆਂ ਨੂੰ ਪਾਕਿਸਤਾਨ ਵਿਚ ਅਪਣੇ ਸਹੁੰ ਚੁੱਕ ਸਮਾਗਮ ਵਿਚ ਸੱਦੇ ਜਾਣ 'ਤੇ ਭਾਜਪਾ ਨੇਤਾ ਸੁਬਰਮਨੀਅਮ ਸਵਾਮੀ ਨੇ ਬਿਆਨ ਦਿਤਾ ਸੀ ਕਿ ਜਿਹੜੇ ਇਮਰਾਨ ਦੇ ਸਹੁੰ ਚੁੱਕ ਸਮਾਗਮ ਵਿਚ ਜਾਣਗੇ, ਉਨ੍ਹਾਂ ਨੂੰ ਅਤਿਵਾਦ ਕਰਾਰ ਦਿਤਾ ਜਾਵੇ।

ਫਿਲਹਾਲ ਨਵਜੋਤ ਸਿੰਘ ਸਿੱਧੂ ਤਾਂ ਇਮਰਾਨ ਦੇ ਸਹੁੰ ਚੁੱਕ ਸਮਾਗਮ ਵਿਚ ਜਾਣ ਲਈ ਪੂਰੀ ਤਰ੍ਹਾਂ ਤਿਆਰ ਜਾਪਦੇ ਹਨ ਪਰ ਹੁਣ ਦੇਖਣਾ ਹੋਵੇਗਾ ਕਿ ਕੀ ਹੋਰ ਕ੍ਰਿਕਟਰ ਵੀ ਇਮਰਾਨ ਦੇ ਸਹੁੰ ਚੁੱਕ ਸਮਾਗਮ ਵਿਚ ਜਾਣਗੇ?

Related Stories