Punjab News : ਅਕਾਲੀ ਦਲ ਆਪਣੇ ਗੁਨਾਹਾਂ ਦਾ ਜ਼ਿਕਰ ਕੀਤੇ ਬਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਰਿਹਾ ਮੁਆਫੀ : CM ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

''25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਸੁਖਬੀਰ ਬਾਦਲ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ ਰਹੇ''

CM Bhagwant Mann

 Punjab News : ਚੰਡੀਗੜ੍ਹ ਦੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੋਜ਼ਗਾਰ ਕਰਨ ਦੀ ਬਜਾਏ ਪੰਜਾਬ ਵਿੱਚ ਹੀ ਨੌਕਰੀ ਕਰਨ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਏਸੇ ਕਰਕੇ ਵਤਨ ਵਾਪਸੀ ਕਰ ਰਹੇ ਹਨ ਕਿਉਂਕਿ ਹੁਣ ਪੰਜਾਬ ਵਿੱਚ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ ਪਰ ਇਸ ਵੇਲੇ ਉਸ ਦੀ ਹਾਲਾਤ ਏਨੀ ਹਾਸੋਹੀਣੀ ਹਨ ਕਿ ਉਸ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਹਾਸ਼ੀਏ ਉਤੇ ਧੱਕੇ ਗਏ ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫੀ ਮੰਗ ਰਹੇ ਹਨ ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ।  

ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ,ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਾਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਅਜਿਹੇ ਲੀਡਰਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਰਹੀ ਜਿਨ੍ਹਾਂ ਨੇ ਸਿਸਟਮ ਦਾ ਭੱਠਾ ਬਿਠਾ ਦਿੱਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਹਮੇਸ਼ਾ ਮੈਨੂੰ ਚੰਗਾ-ਮੰਦਾ ਬੋਲਦੀਆਂ ਹਨ ਪਰ ਕਦੇ ਵੀ ਉਨ੍ਹਾਂ ਦੀ ਸਰਕਾਰ ਦੇ ਚੰਗੇ ਕੰਮਾਂ ਦੀ ਸ਼ਲਾਘਾ ਨਹੀਂ ਕਰਦੇ। ਉਨ੍ਹਾਂ ਨੇ ਰਵਾਇਤੀ ਪਾਰਟੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ 44,667 ਸਰਕਾਰੀ ਨੌਕਰੀਆਂ ਦੇਣ, 300 ਯੂਨਿਟ ਮੁਫ਼ਤ ਬਿਜਲੀ, ਘਰ-ਘਰ ਰਾਸ਼ਨ ਸਕੀਮ, ਸ਼ਹੀਦਾਂ ਦੇ ਵਾਰਸਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦੇ ਉਪਰਾਲਿਆਂ ਦਾ ਜ਼ਿਕਰ ਕਿਉਂ ਨਹੀਂ ਕਰਦੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਵਰਗੇ ਵਿਰੋਧੀ ਆਗੂ ਉਨ੍ਹਾਂ ਦੇ ਖਿਲਾਫ਼ ਜੋ ਮਰਜ਼ੀ ਬੋਲਦੇ ਰਹਿਣ ਪਰ ਉਹ ਪੰਜਾਬ ਦੀ ਤਰੱਕੀ ਲਈ ਫੈਸਲੇ ਲੈਣ ਤੋਂ ਪਿੱਛੇ ਨਹੀਂ ਹਟਣਗੇ।