ਸੁਪਰੀਮ ਕੋਰਟ ਦੇ ਨਿਰਦੇਸ਼ ਦੇ ਅਧਾਰ ‘ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ: ਐਡਵੋਕੇਟ ਧਾਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ; ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਰੱਖਣਾ ਸੰਵਿਧਾਨ ਦੀ ਉਲੰਘਣਾ

Bandi Singh should be released immediately based on the Supreme Court's directive: Advocate Dhami

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਦਿੱਤੇ ਨਿਰਦੇਸ਼ਾਂ ਦਾ ਸਵਾਗਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਜਾ ਪੂਰੀ ਕਰਨ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੇ ਨਿਰਦੇਸ਼ ਮਾਨਵੀ ਅਧਿਕਾਰਾਂ ਦੀ ਤਰਜਮਾਨੀ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਅਤੇ ਸਬੰਧਤ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਫੈਸਲੇ ਦੀ ਰੌਸ਼ਨੀ ਵਿੱਚ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਕਿਉਂਕਿ ਇਨ੍ਹਾਂ ਨੇ ਉਮਰ ਕੈਦ ਤੋਂ ਵੀ ਦੁਗਣੀਆਂ ਸਜ਼ਾਵਾਂ ਭੁਗਤ ਲਈਆਂ ਹਨ ।

ਉਨ੍ਹਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ,  ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਦੇਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ ਅਤੇ ਹੋਰਨਾਂ ਨੇ ਕਰੀਬ 30 ਸਾਲਾਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾਇਆ ਹੈ, ਪਰ ਸਰਕਾਰੀ ਨੀਤੀਆਂ ਕਾਰਨ ਉਨ੍ਹਾਂ ਨੂੰ ਰਿਹਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨ ਦੀ ਘੋਰ ਉਲੰਘਣਾ ਹੈ, ਬਲਕਿ ਸਿੱਖ ਭਾਵਨਾਵਾਂ ਨਾਲ ਵੀ ਬੇਇਨਸਾਫ਼ੀ ਹੈ, ਜਿਸ ਨਾਲ ਪੰਜਾਬ ਅਤੇ ਸਿੱਖ ਭਾਈਚਾਰੇ ਵਿੱਚ ਰੋਸ ਵਧ ਰਿਹਾ ਹੈ। ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਇਹ ਬੇਇਨਸਾਫ਼ੀ ਨਿਆਂ ਦੀ ਭਾਵਨਾ ਨੂੰ ਠੇਸ ਪਹੁੰਚਾਉਂਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਬੰਦੀ ਸਿੰਘਾਂ ਲਈ ਨਿਆਂ ਦਾ ਰਾਹ ਖੋਲ੍ਹਦਾ ਹੈ ਅਤੇ ਸਰਕਾਰਾਂ ਨੂੰ ਇਸ ਨੂੰ ਲਾਗੂ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਸ ਮੁੱਦੇ ਤੇ ਏਕਤਾ ਨਾਲ ਖੜ੍ਹੇ ਰਹਿਣ ਅਤੇ ਨਿਆਂ ਲਈ ਆਵਾਜ਼ ਬੁਲੰਦ ਕਰਨ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਹਰ ਸੰਭਵ ਕਾਨੂੰਨੀ ਕਦਮ ਚੁੱਕੇਗੀ।