Punjab News : ਯੁੱਧ ਨਸ਼ਿਆਂ ਵਿਰੁੱਧ : 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: 12.32 ਕਰੋੜ ਰੁਪਏ ਦੀ ਡਰੱਗ ਮਨੀ, 366 ਕਿਲੋਗ੍ਰਾਮ ਅਫੀਮ, 215 ਕੁਇੰਟਲ ਭੁੱਕੀ, 32 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ : 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ 1 ਮਾਰਚ, 2025 ਤੋਂ ਹੁਣ ਤੱਕ 16,400 ਐਫਆਈਆਰਜ ਦਰਜ ਕਰਕੇ 25,646 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੇ ਚਲਦਿਆਂ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੁੱਖ ਬੁਲਾਰੇ ਨਸ਼ਾ ਮੁਕਤੀ ਮੋਰਚਾ ਬਲਤੇਜ ਸਿੰਘ ਪੰਨੂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 366 ਕਿਲੋਗ੍ਰਾਮ ਅਫੀਮ, 215 ਕੁਇੰਟਲ ਭੁੱਕੀ, 29 ਕਿਲੋਗ੍ਰਾਮ ਚਰਸ, 405 ਕਿਲੋਗ੍ਰਾਮ ਗਾਂਜਾ, 6 ਕਿਲੋਗ੍ਰਾਮ ਆਈਸ, 32.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.32 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਕੰਮ ਸੌਂਪਿਆ ਸੀ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਸੀ।

ਮੁੱਖ ਬੁਲਾਰੇ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਦੀ ਅਗਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਵਾਰਡਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ਿਆਂ ਦੇ ਸੇਵਨ ਵਿਰੁੱਧ ਸਹੁੰ ਚੁੱਕਣ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦਾ ਸਮਰਥਨ ਕਰਨ ਤੋਂ ਗੁਰੇਜ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਜੜ੍ਹੋਂ ਖਾਤਮਾ ਨਹੀਂ ਹੋ ਜਾਂਦਾ।                                                                          

 (For more news apart from  War on drugs: 25646 drug smugglers arrested with 1059 kg heroin since March 1 News in Punjabi, stay tuned to Rozana Spokesman)