ਬੇਅਦਬੀ ਕਾਂਡ 'ਚ ਬਾਦਲਾਂ, ਡੇਰਾ ਮੁਖੀ 'ਤੇ ਪੁਲਿਸ ਅਧਿਕਾਰੀਆਂ ਦਾ ਪੱਕਾ ਹੱਥ : ਬਲਜਿੰਦਰ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਲਕਾ ਤਲਵੰਡੀ ਸਾਬੋ ਤੋਂ 'ਆਪ' ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਗੁਰੂ ਗਰੰਥ ਸਾਹਿਬ ਦੀ ਬੇਅਦਬੀ..........

Professor Baljinder Kaur during Press Conference

ਬਠਿੰਡਾ : ਹਲਕਾ ਤਲਵੰਡੀ ਸਾਬੋ ਤੋਂ 'ਆਪ' ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਲਈ ਬਾਦਲ ਪ੍ਰਵਾਰ, ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਤਤਕਾਲੀ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਜ਼ਿੰਮੇਵਾਰ ਕਰਾਰ ਦਿਤਾ ਹੈ। ਅੱਜ ਸਥਾਨਕ ਸਰਕਟ ਹਾਊਸ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਨਾਲ ਕੀਤੀ ਪ੍ਰੈਸ ਕਾਨਫ਼ਰੰਸ ਵਿਚ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਾਇਆ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਜਦ ਜਸਟਿਸ ਰਣਜੀਤ ਸਿੰਘ ਦੀ ਰੀਪੋਰਟ ਤੋਂ ਬਾਅਦ ਦੋਸ਼ੀਆਂ ਬਾਰੇ ਸਾਰਾ ਸੱਚ ਸਾਹਮਣੇ ਆ ਚੁੱਕਾ ਹੈ ਤਾਂ ਕਾਂਗਰਸ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਹਿਚਕਚਾ ਰਹੀ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਜਸਟਿਸ ਰਣਜੀਤ ਸਿੰਘ ਕੋਲ ਮੰਨਿਆ ਹੈ ਕਿ ਉਸ ਵੇਲੇ ਦੀ ਅਕਾਲੀ ਸਰਕਾਰ ਦਾ ਦਬਾਅ ਪੁਲਿਸ 'ਤੇ ਸੀ ਜਿਸ ਕਾਰਨ ਇਹ ਕਾਂਡ ਵਾਪਰਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਬਾਦਲ ਪਰਵਾਰ ਤੇ ਕਾਂਗਰਸ ਦੀ ਮਿਲੀਭੁਗਤ ਹੈ ਜਿਸ ਕਾਰਨ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਰਹੀਆਂ ਅਤੇ ਦੋਵੇਂ ਹੀ ਪਾਰਟੀਆਂ ਵਾਰ-ਵਾਰ ਇਕ ਦੂਜੇ ਦਾ ਬਚਾਅ ਵੀ ਕਰ ਰਹੀਆਂ ਹਨ।