ਪੰਜਾਬ ਨੇ 1219.23 ਕਰੋੜ ਰੁਪਏ ਦੇ ਨੁਕਸਾਨ ਦੀ ਰੀਪੋਰਟ ਕੀਤੀ ਪੇਸ਼
ਕੇਂਦਰੀ ਟੀਮ ਨੇ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਐਸ.ਏ.ਐਸ. ਨਗਰ, ਰੂਪਨਗਰ (ਸੁਖਦੀਪ ਸਿੰਘ ਸੋਈਂ, ਹਰੀਸ਼ ਕਾਲੜਾ, ਕਮਲ ਭਾਰਜ): ਸੱਤ ਮੈਂਬਰੀ ਕੇਂਦਰੀ ਟੀਮ ਨੇ ਅਨੁਜ ਸ਼ਰਮਾ ਜੁਆਇੰਟ ਸਕੱਤਰ, ਗ੍ਰਹਿ ਵਿਭਾਗ ਦੀ ਅਗਵਾਈ ਵਿਚ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦਾ ਦੌਰਾ ਕੀਤਾ। ਮੋਹਾਲੀ ਦੇ ਆਈਐਸਬੀ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਵਿਸਥਾਰਤ ਰੀਪੋਰਟ ਪੇਸ਼ ਕੀਤੀ।
ਇਸ ਦੌਰਾਨ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ (ਮਾਲ) ਕੇਬੀਐਸ ਸਿੱਧੂ ਨੇ ਕੇਂਦਰੀ ਟੀਮ ਨੂੰ ਹੜ੍ਹਾਂ ਨਾਲ ਹੋਏ ਕੁਲ ਨੁਕਸਾਨ ਦੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਵਲੋਂ ਕੀਤੇ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਸਬੰਧੀ ਚੁੱਕੇ ਕਦਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਹੜ੍ਹਾਂ ਤੋਂ ਬਾਅਦ ਪੀੜਤ ਲੋਕਾਂ ਲਈ ਕੀਤੇ ਜਾ ਰਹੇ ਪੰਜਾਬ ਸਰਕਾਰ ਦੇ ਕੰਮਾਂ ਬਾਰੇ ਵੀ ਕੇਂਦਰੀ ਟੀਮ ਨੂੰ ਜਾਣਕਾਰੀ ਦਿਤੀ।
ਉਨ੍ਹਾਂ ਦਸਿਆ ਕਿ ਹੜ੍ਹਾਂ ਦੌਰਾਨ ਪੰਜਾਬ ਨੂੰ ਕੁਲ 1219.23 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਨਾਲ ਲੱਗਦੇ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿਚ ਵੱਡੇ ਪੱਧਰ 'ਤੇ ਨੁਕਸਾਨ ਝੱਲਣਾ ਪਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕੇਂਦਰੀ ਟੀਮ ਨੂੰ ਦਸਿਆ ਕਿ ਹੜ੍ਹਾਂ ਦੌਰਾਨ ਸੂਬਾ ਸਰਕਾਰ ਵਲੋਂ ਵੱਡੇ ਪੱਧਰ 'ਤੇ ਬਿਨਾਂ ਕੋਈ ਦੇਰੀ ਕੀਤੇ ਰਾਹਤ ਕਾਰਜਾਂ ਨੂੰ ਆਰੰਭਿਆ ਗਿਆ ਅਤੇ ਪੀੜਤਾਂ ਦੀ ਜਾਨ-ਮਾਲ ਦੀ ਸੁਰੱਖਿਆ ਵਿਚ ਰਾਜ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਦਸਿਆ ਕਿ ਪੀੜਤਾਂ ਦੇ ਮੁੜ ਵਸੇਬੇ ਲਈ ਵੀ ਸਰਕਾਰ ਨੇ ਸਾਰਥਕ ਕਦਮ ਚੁੱਕੇ। ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਕੇਂਦਰੀ ਟੀਮ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਪੀੜਤਾਂ ਦੀ ਸਹਾਇਤਾ ਵਿਚ ਕੋਈ ਕਮੀ ਨਹੀਂ ਛੱਡੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।