ਨਿੱਜੀ ਹਸਪਤਾਲਾਂ ਨੂੰ ਕੋਵਿਡ ਵਿਰੁੱਧ ਲੜਾਈ 'ਚ ਸਮੱਸਿਆਵਾਂ ਦੇ ਹੱਲ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ

ਏਜੰਸੀ

ਖ਼ਬਰਾਂ, ਪੰਜਾਬ

ਨਿੱਜੀ ਸੰਸਥਾਵਾਂ ਵੱਲੋਂ ਪੰਜਾਬੀਆਂ ਦੀਆਂ ਜਾਨਾਂ ਬਚਾਉਣ ਲਈ ਕੋਵਿਡ ਕੇਅਰ ਵਿੱਚ ਬੈੱਡਾਂ ਦੀ ਗਿਣਤੀ ਵਧਾਉਣ ਦਾ ਭਰੋਸਾ

Vini Mahajan

ਚੰਡੀਗੜ, 13 ਸਤੰਬਰ: ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਨਿੱਜੀ ਹਸਪਤਾਲਾਂ ਨੂੰ ਕੋਵਿਡ ਵਿਰੁੱਧ ਲੜਾਈ ਵਿੱਚ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ ਤਾਂ ਜੋ ਉਨਾਂ ਦੀਆਂ ਸਮੱਸਿਆਵਾਂ ਜਿਵੇਂ ਕਿ ਦਵਾਈਆਂ, ਪੀ.ਪੀ.ਈ. ਕਿੱਟਾਂ ਅਤੇ ਇਕੱਠਾ ਹੋ ਰਹੇ ਬਾਇਓਮੈਡੀਕਲ ਵੇਸਟ ਦੇ ਨਿਪਟਾਰੇ ਦਾ ਹੱਲ ਕੀਤਾ ਜਾ ਸਕੇ।

ਮੁੱਖ ਸਕੱਤਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਨਿੱਜੀ ਹਸਪਤਾਲਾਂ ਨੁੰ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਸੂਬੇ ਦੇ 22 ਜ਼ਿਲਿਆਂ ਵਿੱਚ ਸਰਕਾਰ ਦੇ ਨਾਲ ਕੋਵਿਡ ਦੇ ਮਰੀਜ਼ਾਂ ਨੂੰ ਇਲਾਜ ਦੇਣ ਲਈ ਬਰਾਬਰ ਦੇ ਭਾਈਵਾਲ ਹਨ। 100 ਤੋਂ ਵੱਧ ਨਿੱਜੀ ਸਿਹਤ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਮਹਾਂਮਾਰੀ ਦੇ ਵਿਰੁੱਧ ਜੰਗ ਵਿੱਚ ਰਾਜ ਸਰਕਾਰ ਦਾ ਪੂਰਾ ਸਾਥ ਦੇਣਗੇ ਅਤੇ ਉਨਾਂ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਕੀਮਤੀ ਜਾਨਾਂ ਬਚਾਉਣ ਲਈ ਜ਼ਰੂਰਤ ਅਨੁਸਾਰ ਬੈੱਡਾਂ ਦੀ ਗਿਣਤੀ ਵਧਾਉਣ ਦੀ ਪੇਸ਼ਕਸ਼ ਵੀ ਕੀਤੀ।

ਉਨਾਂ ਨਿੱਜੀ ਹਸਪਤਾਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਵੱਧ ਰਹੇ ਕੋਵਿਡ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਹ ਲੋਕਾਂ ਦੀ ਮਦਦ ਕਰਨ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ ਜਿਸ ਲਈ ਇਹ ਜ਼ਰੂਰੀ ਹੈ ਕਿ ਹਸਪਤਾਲਾਂ ਵਿੱਚ ਇਲਾਜ ਦੀਆਂ ਸੁਵਿਧਾਵਾਂ ਵਧਾਈਆਂ ਜਾਣ।ਉਨਾਂ ਕਿਹਾ ਕਿ ਮੌਜੂਦਾ ਸੰਕਟ ਦੀ ਘੜੀ ਵਿੱਚ ਲੋਕਾਂ ਦਾ ਵਿਸ਼ਵਾਸ਼ ਜਿੱਤਣ ਦੇ ਮੌਕੇ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਹਸਪਤਾਲਾਂ ਨੂੰ ਇਹ ਵੀ ਕਿਹਾ ਕਿ ਉਹ ਮਰੀਜ਼ਾਂ ਦੇ ਪਰਿਵਾਰ ਜੋ  ਮਾਨਸਿਕ ਦਬਾਅ ਅਤੇ ਸਦਮੇ ਦਾ ਸਾਹਮਣਾ ਕਰ ਰਹੇ ਹਨ ਉਨਾਂ ਤੱਕ ਪਹੁੰਚ ਵੀ ਕਰਨ।

ਇਸ ਵਿਚਾਰਚਰਚਾ ਵਿੱਚ ਸੂਬੇ ਦੇ 100 ਤੋਂ ਵੱਧ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਵਿੱਚ ਰਾਜ ਦੇ ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਜ਼ਿਲਾ ਪ੍ਰਸ਼ਾਸਨ ਤੋਂ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਸਿਵਲ ਸਰਜਨ ਹਾਜ਼ਰ ਸਨ।

ਇਸ ਮੀਟਿੰਗ ਵਿੱਚ ਦੱਸਿਆ ਗਿਆ ਕਿ ਕਰੋਨਾ ਮਹਾਂਮਾਰੀ ਵਿਰੁੱਧ ਲੜਾਈ ਤਹਿਤ 180 ਤੋਂ ਵੱਧ ਨਿੱਜੀ ਹਸਪਤਾਲ ਅੱਗੇ ਆਏ ਅਤੇ ਨਿੱਜੀ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਲੈਵਲ-2 ਦੇ 2300 ਤੋਂ ਵੱਧ ਬੈੱਡ ਅਤੇ ਲੈਵਲ-3 ਲਈ 900 ਤੋਂ ਬੈੱਡਾਂ ਦੀ ਪੇਸ਼ਕਸ਼ ਕੀਤੀ ਗਈ।ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਲਗਭਗ 100 ਵੈਂਟੀਲੇਟਰ ਨਿੱਜੀ ਹਸਪਤਾਲਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਗਏ ਹਨ।ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਨਿੱਜੀ ਹਸਪਤਾਲਾਂ  ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦਾ ਸਨਮਾਨ ਕਰਦੀ ਹੈ।

ਨਿੱਜੀ ਹਸਪਤਾਲਾਂ ਨੂੰ ਦਰਪੇਸ਼ ਗੰਭੀਰ ਮਾਮਲਿਆਂ ਸਬੰਧੀ ਆਪਣੀ ਰਾਇ ਰੱਖਣ ਦਾ ਮੌਕਾ ਦਿੱਤਾ ਗਿਆ ਤਾਂ ਜੋ ਸਰਕਾਰ ਵੱਲੋਂ ਉਨਾਂ ਨੂੰ ਹਰ ਤਰਾਂ ਦੀ ਸਹਾਇਤਾ ਦਿੱਤੀ ਜਾ ਸਕੇ। ਵਿਭਿੰਨ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਵੱਲੋਂ ਵੱਖ ਵੱਖ ਮੁੱਦਿਆਂ ਬਾਰੇ ਦੱਸਿਆ ਗਿਆ ਅਤੇ ਬਿਮਾਰੀ ਦੇ ਇਲਾਜ ਲਈ ਕਲੀਨੀਕਲ ਮੈਨੇਜਮੈਂਟ ਤੋਂ ਲੈ ਕੇ ਦਵਾਈਆਂ ਦੀ ਉਪਲੱਬਧਤਾ ਅਤੇ ਪੀ.ਪੀ.ਈ. ਕਿੱਟਾਂ, ਇਨਾਂ ਸਿਹਤ ਸੰਸਥਾਵਾਂ ਵਿੱਚ ਇਕੱਠੇ ਹੋ ਰਹੇ ਬਾਇਓ ਮੈਡੀਕਲ ਵੇਸਟ ਅਤੇ ਇਸਦੇ ਨਿਪਟਾਰੇ ਜਿਹੇ ਮਸਲਿਆਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ।

ਮੁੱਖ ਸਕੱਤਰ ਨੇ ਨਿੱਜੀ ਹਸਪਤਾਲਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਪੂਰੀ ਤਰਾਂ ਜਾਣੂੰ ਹੈ ਅਤੇ ਉਨਾਂ ਦੀ ਸਹਾਇਤਾ ਅਤੇ ਸਮਰਥਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਉਨਾਂ ਨੇ ਹਸਪਤਾਲਾਂ ਨੂੰ ਸਥਾਨਕ ਪੱਧਰ ’ਤੇ ਅਤੇ ਸ਼ੋਸ਼ਲ ਮੀਡੀਆ ਜ਼ਰੀਏ ਆਪਣੇ ਵੱਲੋਂ ਕੀਤੇ ਜਾ ਰਹੇ ਨੇਕ ਕੰਮਾਂ ਦਾ ਪ੍ਰਚਾਰ ਕਰਨ ਲਈ ਵੀ ਕਿਹਾ।

ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਤਲਵਾੜ ਨੇ ਕਿਹਾ ਕਿ ਮਰੀਜ਼ਾਂ ਦੀ ਬਿਹਤਰ ਕਲੀਨੀਕਲ ਮੈਨੇਜਮੈਂਟ ਲਈ ਪੀ.ਜੀ.ਆਈ., ਏਮਜ਼ ਅਤੇ (ਯੂ.ਐਸ.ਏ/ਯੂ.ਕੇ.) ਵਿਦੇਸ਼ਾਂ ਦੇ ਮਾਹਿਰਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਹਰ ਸ਼ਨੀਵਾਰ ਨੂੰ ਹੋਣ ਵਾਲੀ ਗਰੁੱਪ ਮੀਟਿੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰ ਰਹੇ ਡਾਕਟਰਾਂ ਵੱਲੋਂ ਆਪਣੇ ਤਜਰਬੇ ਸਾਂਝੇ ਕੀਤੇ ਜਾਂਦੇ ਹਨ ਅਤੇ ਆਪਣੇ ਭਾਈਚਾਰੇ ਤੋਂ ਵਧੀਆ ਇਲਾਜ ਸੇਵਾਵਾਂ ਬਾਰੇ ਸਿੱਖਣ ਦਾ ਮੌਕਾ ਵੀ ਮਿਲਦਾ ਹੈ।

ਡਾ. ਤਲਵਾੜ ਨੇ ਇਹ ਵੀ ਕਿਹਾ ਕਿ ਵੀਰਵਾਰ ਨੂੰ ਹਸਪਤਾਲਾਂ ਦੇ ਨੁਮਾਇੰਦੇ ਲੈਵਲ-2 ਸੁਵਿਧਾਵਾਂ ਸਬੰਧੀ ਮਾਹਿਰਾਂ ਦੇ ਸੈਸ਼ਨ ਵਿੱਚ ਸ਼ਾਮਲ ਹੁੰਦੇ ਹਨ ਅਤੇ ਆਪਣੀਆਂ ਸਫ਼ਲ ਕਹਾਣੀਆਂ/ਉੱਤਮ ਅਭਿਆਸ ਸਾਂਝੇ ਕੀਤੇ ਜਾਂਦੇ ਹਨ ਜਿਸ ਨਾਲ ਮਹਾਂਮਾਰੀ ਪ੍ਰਤੀ ਪੰਜਾਬ ਦਾ ਸਰਵਪੱਖੀ ਹੁੰਗਾਰਾ ਪ੍ਰਕਾਸ਼ਤ ਕਰਨ ਵਿਚ ਮਦਦ ਮਿਲੇਗੀ। ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਸਕੱਤਰ ਨੂੰ ਉਨਾਂ ਨਾਲ ਰਾਬਤਾ ਕਾਇਮ ਕਰਨ ਲਈ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਬਰਾਬਰ ਦੇ ਭਾਗੀਦਾਰ ਵਜੋਂ ਹਿੱਸਾ ਲੈਣ ਲਈ ਉਤਸੁਕਤਾ ਵੀ ਵਿਖਾਈ ਗਈ।