ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
ਪੰਜਾਬ ਲਈ ਘੱਟੋ-ਘੱਟ 25 ਹਜ਼ਾਰ ਕਰੋੜ ਰੁਪਏ ਦੇ ਹੜ੍ਹ ਰਾਹਤ ਪੈਕੇਜ ਦੀ ਕੀਤੀ ਮੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਕਿ 9 ਸਤੰਬਰ ਨੂੰ ਤੁਹਾਡੇ ਸੂਬਾ ਦੌਰੇ ਤੋਂ ਪਹਿਲਾਂ ਪੰਜਾਬ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਸਨ। ਮੈਨੂੰ ਇਹ ਕਹਿੰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਅਸੀਂ ਪੂਰੀ ਤਰ੍ਹਾਂ ਨਿਰਾਸ਼ ਹੋਏ ਹਾਂ, ਕਿਉਂਕਿ ਤੁਹਾਡੇ ਦੁਆਰਾ ਐਲਾਨੀ ਗਈ ਰਾਹਤ ਇੰਨੀ ਤਬਾਹੀ ਲਈ ਬਹੁਤ ਘੱਟ ਸੀ।
ਉਨ੍ਹਾਂ ਅੱਗੇ ਲਿਖਿਆ ਕਿ ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਅਸੀਂ ਸਮਝਦੇ ਹਾਂ ਕਿ ਤੁਸੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬੇਨਕਾਬ ਕਰਨਾ ਚਾਹੁੰਦੇ ਸੀ, ਜੋ ਕਿ ਪੂਰੀ ਤਰ੍ਹਾਂ ਅਯੋਗ, ਅਸਮਰੱਥ ਅਤੇ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪੰਜਾਬੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ‘ਆਪ’ ਅਤੇ ਭਾਜਪਾ ਦੇ ਟਕਰਾਅ ਵਿਚਕਾਰ ਫਸਾਇਆ ਜਾ ਰਿਹਾ ਹੈ। ਮੈਂ ਤੁਹਾਨੂੰ ਫਿਰ ਤੋਂ ਅਪੀਲ ਕਰ ਰਿਹਾ ਹਾਂ ਕਿ ਪੰਜਾਬ ਨੂੰ ਘੱਟੋ-ਘੱਟ 25,000 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਦਿੱਤਾ ਜਾਵੇ, ਹਾਲਾਂਕਿ ਅਸੀਂ ਪਹਿਲਾਂ 50,000 ਕਰੋੜ ਰੁਪਏ ਦੀ ਮੰਗ ਕੀਤੀ ਸੀ।