ਤਰਨਤਾਰਨ ’ਚ ਭਾਰਤ-ਪਾਕਿ ਸਰਹੱਦ ਨੇੜੇ 2 AK-47 ਰਾਈਫਲਾਂ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੱਕ PX5 ਸਟੌਰਮ ਪਿਸਤੌਲ, AK-47 ਦਾ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਮਿਲਿਆ

2 AK-47 rifles recovered near Indo-Pak border in Tarn Taran

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਆਪ੍ਰੇਸ਼ਨਾਂ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਦੋ ਏ.ਕੇ.-47 ਰਾਈਫਲਾਂ ਸਮੇਤ ਤਿੰਨ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਮੈਗਜ਼ੀਨ ਸਮੇਤ ਇੱਕ ਪੀ.ਐਕਸ. 5 ਸਟੌਰਮ ਪਿਸਤੌਲ ਅਤੇ ਏ.ਕੇ. 47 ਦਾ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਪਾਕਿਸਤਾਨ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਸਮੱਗਲਰਾਂ ਦੀ ਪਛਾਣ ਕਰਨ, ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਬੀਐਸਐਫ ਅਧਿਕਾਰੀਆਂ ਨੂੰ ਖੇਮਕਰਨ ਸੈਕਟਰ ਅਧੀਨ ਆਉਂਦੇ ਭਾਰਤ-ਪਾਕਿਸਤਾਨ ਸਰਹੱਦ 'ਤੇ ਪਿੰਡ ਮਹਿਦੀਪੁਰ ਦੇ ਨੇੜੇ ਸਰਹੱਦ ਪਾਰੋਂ ਹਥਿਆਰਾਂ ਦੀ ਇੱਕ ਖੇਪ ਆਉਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਨੇ ਬੀਐਸਐਫ ਨਾਲ ਮਿਲ ਕੇ ਪਿੰਡ ਮਹਿਦੀਪੁਰ ਦੇ ਖੇਤਰ ਵਿੱਚ ਸੁਚੱਜੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਚਲਾਈ ਅਤੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਵਿੱਚ, ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ, ਜਦੋਂ ਕਿ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਅਤੇ ਪਾਸਪੋਰਟ ਐਕਟ ਦੀ ਧਾਰਾ 3 ਤਹਿਤ ਐਫਆਈਆਰ ਨੰਬਰ 60 ਮਿਤੀ 13.10.2025 ਦਰਜ ਕੀਤੀ ਗਈ ਹੈ।