ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ ਜਨਰਲ ਇਜਲਾਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ

The general meeting of the Shiromani Gurdwara Parbandhak Committee will be held on November 3 at Teja Singh Samundri Hall.

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਇਸ ਵਾਰ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।

ਉਨ੍ਹਾਂ ਦੱਸਿਆ ਕਿ 350 ਸਾਲਾ ਸ਼ਤਾਬਦੀਆਂ ਨੂੰ ਸੰਬੰਧਿਤ ਗੁਰਮਤਿ ਸਮਾਗਮ 23 ਤੋਂ 29 ਨਵੰਬਰ ਦੌਰਾਨ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਜਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਤਾਬਦੀ ਦੇ ਸੰਬੰਧ ਵਿਚ ਜੰਮੂ ਕਸ਼ਮੀਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਤੇ ਸੁਰੱਖਿਆ ਸੰਬੰਧੀ ਉਥੋਂ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਸ਼੍ਰੋਮਣੀ ਕਮੇਟੀ ਵਲੋਂ ਜਲਦ ਮੀਟਿੰਗ ਕੀਤੀ ਜਾਵੇਗੀ। ਐਡਵੋਕੇਟ ਧਾਮੀ ਨੇ ਆਰਟੀਫਿਸ਼ੀਅਲ ਇੰਟੈਲੀਜੇਂਸ ਅਤੇ ਸਿੱਖ ਵਿਰੋਧੀ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਜਾਂਦੀ ਸਮਗਰੀ ਮਾਮਲਿਆਂ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਜਲਦੀ ਡਿਜੀਟਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਤਿੰਨ ਫੀਸਦੀ ਮਹਿੰਗਾਈ ਭੱਤੇ ਦਾ ਵੀ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖਾਲਸਾ ਕਾਲਜ ਮਾਟੂੰਗਾ ਨੂੰ ਯੂਨੀਵਰਸਿਟੀ ਬਣਾਉਣ ਦਾ ਵੀ ਮਤਾ ਪਾਸ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ, ਪ੍ਰਤਾਪ ਸਿੰਘ ਓ.ਐਸ.ਡੀ. ਸੁਖਬੀਰ ਸਿੰਘ ਧਾਮੀ, ਸੱਕਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਵੀ ਮੌਜੂਦ ਸਨ।