550ਵਾਂ ਪ੍ਰਕਾਸ਼ ਪੁਰਬ: ਰਾਸ਼ਟਰਪਤੀ ਸਮੇਤ 15 ਲੱਖ ਸੰਗਤ ਨੇ ਟੇਕਿਆ ਗੁਰਦੁਆਰਾ ਬੇਰ ਸਾਹਿਬ ਮੱਥਾ
ਸੰਗਤਾਂ ਦੀ ਸਹੂਲਤ ਲਈ ਥਾਂ-ਥਾਂ ਲਗਾਏ ਗਏ ਸਨ ਲੰਗਰ
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 'ਤੇ ਬੀਤੇ ਦਿਨ ਮੰਗਲਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਹੜ੍ਹ ਆ ਗਿਆ। ਲਗਭਗ 15 ਲੱਖ ਤੋਂ ਵੱਧ ਸ਼ਰਧਾਲੂ ਇਤਿਹਾਸਿਕ ਅਸਥਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ।
ਇਸ ਪਵਿੱਤਰ ਮੌਕੇ 'ਤੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਗੁਰਦੁਆਰਾ ਬੇਰ ਸਾਹਿਬ ਮੱਥਾ ਟੇਕਿਆ। ਉਸ ਤੋਂ ਬਾਅਦ ਰਾਸ਼ਟਰਪਤੀ ਨੇ ਸੁਲਤਾਨਪੁਰ ਲੋਧੀ ਵਿਖੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਆਯੋਜਿਤ ਸਮਾਗਮ ਨੂੰ ਸੰਬੋਧਿਤ ਕੀਤਾ ਅਤੇ ਫਿਰ ਐਸਜੀਪੀਸੀ ਦੇ ਸਮਾਗਮ ਵਿਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਪਹੁੰਚਣ 'ਤੇ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਰਾਸ਼ਟਰਪਤੀ ਦਾ ਸੁਆਗਤ ਕੀਤਾ।
550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਦੇਸ਼ ਭਰ ਵਿਚੋਂ ਆਈਆਂ ਸੰਗਤਾਂ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਸੰਗਤਾਂ ਦੀ ਸਹੂਲਤ ਦੇ ਲਈ ਥਾਂ-ਥਾਂ ਲੰਗਰ ਵੀ ਲਗਾਏ ਗਏ ਸਨ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ, ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ,ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਕਈ ਵੱਡੀਆਂ ਹਸਤੀਆਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।