ਬੇਅਦਬੀ ਕਾਂਡ ਦੇ ਦੋਸ਼ੀ ਜੇਲ੍ਹ ਜਾਣ ਲਈ ਤਿਆਰ ਰਹਿਣ : ਸੁਖਜਿੰਦਰ ਰੰਧਾਵਾ
ਨਸ਼ਾ ਵਿਕਦਾ ਫੜਿਆ ਗਿਆ ਤਾਂ ਸਬੰਧਤ ਪੁਲਿਸ ਅਧਿਕਾਰੀ ਵਿਰੁਧ ਹੋਵੇਗੀ ਕਾਰਵਾਈ
ਕਾਂਗਰਸ ਸਰਕਾਰ ਹੀ ਅਸਲ ਵਿਚ ਹੈ ਆਮ ਆਦਮੀ ਦੀ ਸਰਕਾਰ
ਬਠਿੰਡਾ (ਸੁਖਜਿੰਦਰ ਮਾਨ/ਬਲਵਿੰਦਰ ਸ਼ਰਮਾ) : ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਹੈ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਾਂਡ ਦੇ ਦੋਸ਼ੀਆਂ ਦਾ ਹੁਣ ਜੇਲ ਜਾਣ ਦਾ ਸਮਾਂ ਆ ਗਿਆ ਹੈ। ਰੰਧਾਵਾ ਅੱਜ ਇਥੇ ਲੇਕ ਵਿਊ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਰੰਧਾਵਾ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਨੇ ਪੂਰੀ ਤੇਜ਼ੀ ਨਾਲ ਜਾਂਚ ਕੀਤੀ ਹੈ ਤੇ ਜਲਦੀ ਹੀ ਇਸ ਮਾਮਲੇ ਵਿਚ ਕਾਰਵਾਈ ਹੋਵੇਗੀ।
ਨਸ਼ਿਆਂ ਦੇ ਮਾਮਲੇ ’ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਜਿਥੇ ਵੀ ਨਸ਼ਾ ਵਿਕਦਾ ਫੜਿਆ ਗਿਆ, ਸਬੰਧਤ ਪੁਲਿਸ ਅਧਿਕਾਰੀ ਵਿਰੁਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਆਈ.ਟੀ ਵਲੋਂ ਨਸ਼ਿਆਂ ਦੇ ਮਾਮਲੇ ’ਤੇ ਤਿਆਰ ਰੀਪੋਰਟ ਬਾਰੇ 18 ਨਵੰਬਰ ਨੂੰ ਅਦਾਲਤ ਵਿਚ ਵੱਡਾ ਫ਼ੈਸਲਾ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੀ ਅਸਲ ਵਿਚ ਪੰਜਾਬ ਦੇ ਆਮ ਆਦਮੀ ਦੀ ਸਰਕਾਰ ਹੈ ਤੇ ਸਰਕਾਰ ਵਲੋਂ ਲਏ ਗਏ ਇਤਿਹਾਸਕ ਫ਼ੈਸਲਿਆਂ ਤੋਂ ਹਰ ਆਮ ਆਦਮੀ ਖ਼ੁਸ਼ੀ ਮਹਿਸੂਸ ਕਰ ਰਿਹਾ ਹੈ।
ਜਦਕਿ ਆਮ ਆਦਮੀ ਪਾਰਟੀ ਦਾ ਸੂਬੇ ਅੰਦਰ ਕੋਈ ਵੀ ਆਧਾਰ ਨਹੀਂ ਰਿਹਾ ਕਿਉਂਕਿ ਇਕੱਲੇ ਬਠਿੰਡਾ ਪਾਰਲੀਮੈਂਟ ਹਲਕੇ ਨਾਲ ਸਬੰਧਤ ਤਿੰਨ ਵਿਧਾਇਕ ਰੁਪਿੰਦਰ ਕੌਰ ਰੂਬੀ, ਨਾਜਰ ਸਿੰਘ ਮਾਨਸ਼ਾਹੀਆਂ ਤੇ ਜਗਦੇਵ ਕਮਾਲੂ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਚੁੱਕੇ ਹਨ ਅਤੇ ਭਵਿੱਖ ਵਿਚ ਹੋਰ ਵੀ ਨੁਮਾਇੰਦੇ ਸ਼ਾਮਲ ਹੋ ਸਕਦੇ ਹਨ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਨ ਵਾਲੀ ਪਾਰਟੀ ਗਰਦਾਨਿਆ। ਇਸੇ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਹੱਦੀ ਖੇਤਰ ਦਾ ਦਾਇਰਾ ਵਧਾ ਕੇ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹੈ। ਇਸ ਦੌਰਾਨ ਸ. ਰੰਧਾਵਾ ਨੇ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਹੋਣ ਵਾਲੇ ਕ੍ਰਾਈਮ ਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ।
ਸ. ਰੰਧਾਵਾ ਨੇ ਮੌਜੂਦ ਉੱਚ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਜ਼ਿਲ੍ਹਿਆਂ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਵਿਕਦਾ ਫੜਿਆ ਗਿਆ ਤਾਂ ਸਬੰਧਤ ਪੁਲਿਸ ਕਰਮੀ ਵਿਰੁਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿਤੇ ਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਅਪਰਾਧ ਰੋਕਣ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸ. ਰੰਧਾਵਾ ਵਲੋਂ ਸੀਨੀਅਰ ਕਾਂਗਰਸੀ ਆਗੂ ਸ੍ਰੀ ਜੈਜੀਤ ਜੌਹਲ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਧਰਮ ਪਤਨੀ ਸ੍ਰੀਮਤੀ ਵੀਨੂੰ ਬਾਦਲ ਦੀ ਅਗਵਾਈ ਹੇਠ ਬਠਿੰਡਾ ਦੇ ਵਪਾਰੀਆਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ।
ਇਸ ਮੌਕੇ ਪਿ੍ਰੰਸੀਪਲ ਸੈਕਟਰੀ ਉਪ ਮੁੱਖ ਮੰਤਰੀ ਵਰੁਣ ਰੂਜਮ, ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਆਈ.ਜੀ ਬਠਿੰਡਾ ਜਸਕਰਨ ਸਿੰਘ, ਡੀਆਈਜੀ ਫ਼ਰੀਦਕੋਟ ਰੇਂਜ ਸੁਰਜੀਤ ਸਿੰਘ, ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਇੰਦਰਵੀਰ ਸਿੰਘ ਤੋਂ ਇਲਾਵਾ ਐਸਐਸਪੀ ਅਜੈ ਮਲੂਜਾ ਅਤੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਸਮੇਤ ਡਾਇਰੈਕਟਰ ਮਾਰਕਫ਼ੈਡ ਟਹਿਲ ਸਿੰਘ ਸੰਧੂ, ਟਰੱਸਟ ਦੇ ਚੇਅਰਮੈਨ ਕੇਕੇ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਰਾਜਨ ਗਰਗ, ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਰੁਣ ਵਧਾਵਨ, ਸੀਨੀਅਰ ਆਗੂ ਅਨਿਲ ਭੋਲਾ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।